ਤਾਜਾ ਖਬਰਾਂ
ਰਾਜਨੀਤਿਕ ਜਾਂ ਗੈਰ-ਰਾਜਨੀਤਿਕ, ਗੈਰ-ਕਾਨੂੰਨੀ ਸ਼ਰਾਬ ਵਿੱਚ ਸ਼ਾਮਲ ਕੋਈ ਵੀ ਨਹੀਂ ਬਚੇਗਾ - ਚੀਮਾ
ਚੰਡੀਗੜ੍ਹ, 13 ਮਈ- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਜੀਠਾ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਜਾਨ ਗਵਾਉਣ ਵਾਲੇ 14 ਪੀੜਤਾਂ ਦੇ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ ਹੈ। ਚੀਮਾ ਨੇ ਇਸ ਘਟਨਾ ਨੂੰ ਇੱਕ ਘਿਨਾਉਣਾ ਕਾਰਾ ਦੱਸਿਆ ਅਤੇ ਭਰੋਸਾ ਦਿੱਤਾ ਕਿ ਸਾਰੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਵੇਂ ਕਿਸੇ ਦੀ ਰਾਜਨੀਤਿਕ ਜਾਂ ਪ੍ਰਸ਼ਾਸਕੀ ਪਹੁੰਚ ਹੀ ਕਿਉਂ ਨਾ ਹੋਵੇ, ਇਸ ਘਟਨਾ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਚੀਮਾ ਨੇ ਕਿਹਾ, "ਮੈਂ ਉਨ੍ਹਾਂ ਪਰਿਵਾਰਾਂ ਪ੍ਰਤੀ ਦਿਲੋਂ ਹਮਦਰਦੀ ਪ੍ਰਗਟ ਕਰਦਾ ਹਾਂ ਜਿਨ੍ਹਾਂ ਨੇ ਇਸ ਦੁਖਦਾਈ ਘਟਨਾ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਇਹ ਇੱਕ ਘਿਨਾਉਣਾ ਅਪਰਾਧ ਹੈ ਅਤੇ ਸਰਕਾਰ ਇਨਸਾਫ਼ ਯਕੀਨੀ ਬਣਾਉਣ ਲਈ ਵਚਨਬੱਧ ਹੈ। ਕਈ ਦੋਸ਼ੀਆਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਕਾਨੂੰਨ ਦੀਆਂ ਸਖ਼ਤ ਧਾਰਾਵਾਂ ਤਹਿਤ ਉਨ੍ਹਾਂ ਵਿਰੁੱਧ ਕਤਲ ਦੇ ਮਾਮਲੇ ਦਰਜ ਕੀਤੇ ਗਏ ਹਨ।"
ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਸੂਬਾ ਸਰਕਾਰ ਇਸ ਘਟਨਾ ਲਈ ਜ਼ਿੰਮੇਵਾਰ ਲੋਕਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਯਕੀਨੀ ਬਣਾਏਗੀ। ਉਨ੍ਹਾਂ ਭਰੋਸਾ ਦਿੱਤਾ ਕਿ ਦੋਸ਼ੀ, ਭਾਵੇਂ ਉਹ ਰਾਜਨੀਤਿਕ ਤੌਰ 'ਤੇ ਜੁੜਿਆ ਹੋਵੇ, ਗੈਰ ਰਾਜਨੀਤਿਕ ਹੋਵੇ ਜਾਂ ਸਰਕਾਰੀ ਅਧਿਕਾਰੀ ਹੋਵੇ, ਨਿਆਂ ਦੇ ਸ਼ਿਕੰਜੇ ਤੋਂ ਨਹੀਂ ਬਚੇਗਾ।
ਮੰਤਰੀ ਨੇ ਕਿਹਾ ਕਿ "ਇੰਡਸਟਰੀਅਲ-ਗ੍ਰੇਡ ਮੀਥੇਨੌਲ" ਦੀ ਦੁਰਵਰਤੋਂ ਗੈਰ-ਕਾਨੂੰਨੀ ਤੌਰ 'ਤੇ ਨਕਲੀ ਸ਼ਰਾਬ ਬਣਾਉਣ ਲਈ ਕੀਤੀ ਗਈ, ਜਿਸ ਦੇ ਨਤੀਜੇ ਵਜੋਂ ਕਈ ਜਾਨਾਂ ਗਈਆਂ। ਉਨ੍ਹਾਂ ਭਰੋਸਾ ਦਿੱਤਾ ਕਿ ਅਜਿਹੀਆਂ ਘਟਨਾਵਾਂ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਰਕਾਰ ਭਵਿੱਖ ਵਿੱਚ ਉਦਯੋਗਿਕ ਰਸਾਇਣਾਂ ਦੀ ਦੁਰਵਰਤੋਂ ਨੂੰ ਰੋਕਣ ਲਈ ਸਾਰੇ ਜ਼ਰੂਰੀ ਕਦਮ ਚੁੱਕ ਰਹੀ ਹੈ।
ਉਨ੍ਹਾਂ ਕਿਹਾ, "ਇਹ ਮਨੁੱਖੀ ਅਧਿਕਾਰਾਂ ਅਤੇ ਜਨਤਕ ਸੁਰੱਖਿਆ ਦੀ ਵੀ ਗੰਭੀਰ ਉਲੰਘਣਾ ਹੈ। ਪੰਜਾਬ ਸਰਕਾਰ ਇਹ ਯਕੀਨੀ ਬਣਾਏਗੀ ਕਿ ਇਸ ਅਪਰਾਧ ਵਿੱਚ ਸ਼ਾਮਲ ਹਰ ਵਿਅਕਤੀ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਵੇ। ਅਜਿਹੀਆਂ ਕਾਰਵਾਈਆਂ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਅਤੇ ਸ਼ਾਮਲ ਸਾਰੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।"
Get all latest content delivered to your email a few times a month.