ਤਾਜਾ ਖਬਰਾਂ
ਰੂਪਨਗਰ, 16 ਮਈ: ਸੂਬੇ ਦੀਆਂ ਜੇਲ੍ਹਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਆਰਟੀਫਿਸ਼ਲ ਇੰਟੈਲੀਜੈਂਸ (ਏ.ਆਈ) ਵਾਲੇ ਅਤਿ-ਆਧੁਨਿਕ ਸੀਸੀਟੀਵੀ ਕੈਮਰੇ ਲਗਾਏ ਜਾ ਰਹੇ ਹਨ ਤਾਂ ਜੋ ਕੋਈ ਜੇਲ ਵਿਚ ਨਸ਼ਾ ਕਰਦਾ ਜਾਂ ਸਪਲਾਈ ਕਰਦਾ ਫੜਿਆ ਜਾਂਦਾ ਹੈ ਤਾਂ ਉਸ ‘ਤੇ ਸਖ਼ਤ ਕਾਰਵਾਈ ਕੀਤੀ ਜਾ ਸਕੇ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਰੂਪਨਗਰ ਜੇਲ੍ਹ ਦੀ ਅਚਨਚੇਤ ਚੈਕਿੰਗ ਕਰਨ ਮੌਕੇ ਕੀਤਾ। ਇਸ ਦੌਰਾਨ ਉਨ੍ਹਾਂ ਜੇਲ ਦੀ ਵਿਸਤਾਰ ਪੂਰਵਕ ਚੈਕਿੰਗ ਕਰਦਿਆਂ ਕੈਦੀਆਂ ਦੀਆਂ ਦਰਪੇਸ਼ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਤੋਂ ਜੇਲ੍ਹ ਹਸਪਤਾਲ ਵਿੱਚ ਮਿਲ ਰਹੀਆਂ ਸਿਹਤ ਸਹੂਲਤਾਂ, ਦਿੱਤੇ ਜਾ ਰਹੇ ਖਾਣੇ ਆਦਿ ਬਾਰੇ ਵਿਸਥਾਰਪੂਰਵਕ ਜਾਣਕਾਰੀ ਲਈ।
ਇਸ ਮੌਕੇ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਜੇਲਾਂ ਵਿੱਚ ਬੰਦ ਕੈਦੀਆਂ ਨੂੰ ਸੁਧਾਰ ਕੇ ਚੰਗੇ ਨਾਗਰਿਕ ਬਣਾਉਣ ਦੀ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੈਦੀਆਂ ਨੂੰ ਉਸਾਰੂ ਨਾਗਰਿਕ ਵਜੋਂ ਸਮਾਜ ਵਿੱਚ ਮੁੜ ਜੋੜਨ ਵਿੱਚ ਮਦਦ ਕਰਨ ਲਈ ਵਚਨਬੱਧ ਹੈ।
ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸੂਬੇ ਦੀਆਂ ਜੇਲਾਂ ‘ਚ ਮੋਬਾਈਲ ਫ਼ੋਨਾਂ ਦੀ ਗ਼ੈਰ-ਕਾਨੂੰਨੀ ਵਰਤੋਂ ਅਤੇ ਅਪਰਾਧੀ ਤੱਤਾਂ ਦੀਆਂ ਨਾਪਾਕ ਗਤੀਵਿਧੀਆਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਹਨ ਅਤੇ ਪੰਜਾਬ ਦੀਆਂ ਜੇਲਾਂ ਨੂੰ ਨਵੀਨਤਮ ਸੁਰੱਖਿਆ ਉਪਕਰਣਾਂ ਨਾਲ ਲੈਸ ਕਰਨਾ ਵੀ ਉਨ੍ਹਾਂ ਦੀ ਮੁੱਖ ਤਰਜੀਹ ਹੈ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਉਨ੍ਹਾਂ ਜੇਲ੍ਹ ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਮੁਸ਼ਤੈਦੀ ਨਾਲ ਕਰਨ ਲਈ ਕਿਹਾ ਅਤੇ ਨਸ਼ਾ, ਮੋਬਾਈਲ ਫੋਨ ਅਤੇ ਹੋਰ ਕੋਈ ਵੀ ਇਤਰਾਜ਼ਯੋਗ ਸਮੱਗਰੀ ‘ਤੇ ਪੂਰੀ ਤਰ੍ਹਾਂ ਕਾਬੂ ਪਾਉਣ ਦੀ ਹਦਾਇਤ ਕੀਤੀ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਜਲਦ ਹੀ ਸੂਬੇ ਦੀਆਂ ਸਾਰੀਆਂ ਜੇਲ੍ਹਾਂ ਵਿੱਚ ਜੈਮਰ ਲਗਾਏ ਜਾ ਰਹੇ ਹਨ, ਇਸ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਵਾਨਗੀ ਵੀ ਲਈ ਜਾ ਚੁੱਕੀ ਹੈ, ਉਨ੍ਹਾਂ ਕਿਹਾ ਕਿ ਇਸ ਦੇ ਨਾਲ ਸੂਬੇ ਦੀਆਂ ਜੇਲ੍ਹਾਂ ਵਿੱਚੋਂ ਅਪਰਾਧੀਆਂ ਦੁਆਰਾ ਕੀਤੀਆਂ ਜਾ ਰਹੀਆਂ ਅਪਰਾਧਿਕ ਗਤੀਵਿਧੀਆਂ ਨੂੰ ਖਤਮ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਖ਼ਤ ਨਿਰਦੇਸ਼ ਹਨ ਕਿ ਜਿਹੜਾ ਵੀ ਕੋਈ ਅਧਿਕਾਰੀ ਗਲਤ ਕੰਮ ਕਰੇਗਾ, ਉਸ ਤੇ ਸਖਤ ਤੋਂ ਸਖਤ ਕਾਰਵਾਈ ਜ਼ਰੂਰ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਪਿਛਲੇ ਦਿਨੀ ਸੰਗਰੂਰ ਜੇਲ ਦੇ ਵਿੱਚ ਵੀ ਜਿਹੜੇ ਅਧਿਕਾਰੀ ਗਲਤ ਗਤੀਵਿਧੀਆਂ ਕਰ ਰਹੇ ਸਨ, ਉਨ੍ਹਾਂ ‘ਤੇ ਸਖ਼ਤ ਕਾਰਵਾਈ ਹੋਈ ਹੈ। ਉਨ੍ਹਾਂ ਬਾਕੀ ਅਫਸਰਾਂ ਨੂੰ ਵੀ ਇਹ ਚੇਤਾਵਨੀ ਦਿੱਤੀ ਕਿ ਆਪਣੀ ਡਿਊਟੀ ਤੇ ਜ਼ਿੰਮੇਵਾਰੀ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਓ ਅਤੇ ਜੇਕਰ ਕੋਈ ਆਪਣੀ ਡਿਊਟੀ ਦੌਰਾਨ ਵਾਅਦਾ ਖਿਲਾਫੀ ਕਰਦੇ ਹੋਏ ਧੋਖਾ ਕਰਦੇ ਹੈ ਤਾਂ ਉਸ ਅਧਿਕਾਰੀ ਵਿਰੁੱਧ ਸਖਤ ਕਾਰਵਾਈ ਕਰਕੇ ਨੌਕਰੀ ਤੋਂ ਸਸਪੈਂਡ ਕਰ ਦਿੱਤਾ ਜਾਵੇਗਾ ‘ਤੇ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ।
ਇਸ ਮੌਕੇ ਜੇਲ੍ਹ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ, ਡੀਐਸਪੀ ਕੰਵਰ ਬੀਪੀ ਸਿੰਘ, ਡੀਐਸਪੀ ਰਾਹੁਲ ਗਰੋਵਰ, ਡੀਐਸਪੀ (ਸਕਿਰਿਊਟੀ) ਭੁਪਿੰਦਰ ਸਿੰਘ, ਡੀਐਸਪੀ ਰਾਜਪਾਲ ਸਿੰਘ ਗਿੱਲ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।
Get all latest content delivered to your email a few times a month.