ਤਾਜਾ ਖਬਰਾਂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਪਟਿਆਲਾ ਪੁਲਿਸ ਨੇ ਰੋਹਟੀ ਛੰਨਾ ਪਿੰਡ ਵਿੱਚ ਸਰਕਾਰੀ ਜ਼ਮੀਨ 'ਤੇ ਬਣੇ 8 ਨਸ਼ਾ ਤਸਕਰਾਂ ਦੇ ਗੈਰ-ਕਾਨੂੰਨੀ ਢਾਂਚੇ ਢਾਹ ਦਿੱਤੇ ਹਨ। ਇਸ ਮੌਕੇ ਐਸਐਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਨਾਭਾ ਦੇ ਰੋਹਟੀ ਛੰਨਾ ਪਿੰਡ ਵਿੱਚ ਨਸ਼ਾ ਤਸਕਰਾਂ ਨੇ ਜਲ ਸਰੋਤ ਵਿਭਾਗ ਦੇ ਅਹਾਤੇ ਵਿੱਚ ਕਮਰੇ ਬਣਾਏ ਹੋਏ ਸਨ ਅਤੇ ਇਨ੍ਹਾਂ ਕਮਰਿਆਂ ਦੀ ਵਰਤੋਂ ਨਸ਼ਿਆਂ ਦੀ ਸਪਲਾਈ ਲਈ ਕੀਤੀ ਜਾ ਰਹੀ ਸੀ, ਜਿਨ੍ਹਾਂ ਨੂੰ ਅੱਜ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਪਟਿਆਲਾ ਪੁਲਿਸ ਨੇ ਢਾਹ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਜਿਨ੍ਹਾਂ ਅੱਠ ਲੋਕਾਂ ਦੇ ਢਾਂਚੇ ਢਾਹ ਦਿੱਤੇ ਗਏ ਹਨ, ਉਨ੍ਹਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ 75 ਮਾਮਲੇ ਦਰਜ ਕੀਤੇ ਗਏ ਹਨ।
ਗੈਰ-ਕਾਨੂੰਨੀ ਨਿਰਮਾਣ ਵਿੱਚ ਸ਼ਾਮਲ ਨਸ਼ਾ ਤਸਕਰਾਂ ਦੇ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਪ੍ਰੇਮ ਸਿੰਘ ਉਰਫ਼ ਕਾਕਾ ਵਿਰੁੱਧ 13 ਕੇਸ, ਪ੍ਰੇਮ ਸਿੰਘ ਦੀ ਪਤਨੀ ਛੋਟੀ ਕੌਰ ਵਿਰੁੱਧ 9 ਕੇਸ, ਅਮਰਪਾਲ ਸਿੰਘ ਉਰਫ਼ ਬੁੱਲੀ ਵਿਰੁੱਧ 11 ਕੇਸ, ਅਮਰਪਾਲ ਸਿੰਘ ਦੀ ਪਤਨੀ ਸਰਬਜੀਤ ਕੌਰ ਉਰਫ਼ ਰੋੜੀ ਵਿਰੁੱਧ 13 ਕੇਸ, ਹਰਮੇਲ ਸਿੰਘ ਉਰਫ਼ ਬੰਟੀ ਵਿਰੁੱਧ 5 ਕੇਸ, ਅਮਰਜੀਤ ਕੌਰ ਉਰਫ਼ ਅਮਰੋ ਵਿਰੁੱਧ 7 ਕੇਸ, ਪਰਮਜੀਤ ਕੌਰ ਉਰਫ਼ ਭੋਲੀ ਵਿਰੁੱਧ 10 ਕੇਸ ਅਤੇ ਅਮਨਦੀਪ ਸਿੰਘ ਉਰਫ਼ ਕਾਲੂ ਵਿਰੁੱਧ 7 ਕੇਸ ਦਰਜ ਕੀਤੇ ਗਏ ਹਨ।
ਐਸਐਸਪੀ ਵਰੁਣ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੇ ਚੁੰਗਲ ਤੋਂ ਮੁਕਤ ਕਰਨ ਲਈ ਸਖ਼ਤ ਮਿਹਨਤ ਕਰ ਰਹੀ ਹੈ ਅਤੇ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੇ ਚੁੰਗਲ ਵਿੱਚ ਫਸਾਉਣ ਵਾਲੇ ਨਸ਼ਾ ਤਸਕਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਤਸਕਰਾਂ ਵਿਰੁੱਧ ਸ਼ਿਕਾਇਤ ਦਰਜ ਕਰਵਾਉਣ ਲਈ ਆਪਣੇ ਨੇੜਲੇ ਪੁਲਿਸ ਸਟੇਸ਼ਨ ਨਾਲ ਸੰਪਰਕ ਕਰਨ। ਇਸ ਮੌਕੇ ਐਸਪੀ ਡੀ. ਗੁਰਬੰਸ ਸਿੰਘ ਬੈਂਸ ਅਤੇ ਵੱਡੀ ਗਿਣਤੀ ਵਿੱਚ ਪੁਲਿਸ ਕਰਮਚਾਰੀ ਮੌਜੂਦ ਸਨ।
Get all latest content delivered to your email a few times a month.