ਤਾਜਾ ਖਬਰਾਂ
ਮਾਨਸਾ 21 ਮਈ ( ਸੰਜੀਵ ਜਿੰਦਲ ) : ਵਧ ਰਹੀ ਗਰਮੀ ਕਾਰਨ ਤਾਪਮਾਨ ਵਿੱਚ ਹੋਣ ਵਾਲੇ ਵਾਧੇ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਮਾਨਸਾ ਨੇ ਅੱਜ ਲੋਕਾਂ ਨੂੰ ਗਰਮੀ ਦੀਆਂ ਲਹਿਰਾਂ ਤੋਂ ਬਚਾਉਣ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ, ਤਾਂ ਜੋ ਲੋਕ ਵਧੇਰੇ ਗਰਮੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਆਪਣੇ ਆਪ ਨੂੰ ਬਚਾ ਸਕਣ। ਇਹ ਜਾਣਕਾਰੀ ਸਾਂਝੀ ਕਰਦਿਆਂ ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਨੇ ਦੱਸਿਆ ਕਿ ਹੀਟ ਸਟਰੋਕ ਦੇ ਨਾਲ ਫੂਡ ਪੁਆਇਜ਼ਨਿੰਗ ਦੀ ਸਮੱਸਿਆ ਬਹੁਤ ਜਿਆਦਾ ਹੁੰਦੀ ਹੈ। ਇਸ ਲਈ ਸਾਨੂੰ ਵੱਧ ਤੋਂ ਵੱਧ ਤਾਜੇ ਫਲ ਖਾਣੇ ਚਾਹੀਦੇ ਹਨ, ਬਾਜ਼ਾਰ ਦੇ ਖੁੱਲ੍ਹੇ ਭੋਜਨ ਖਾਣ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਸਲਾਹ ਦਿੱਤੀ ਕਿ ਫਲ ਅਤੇ ਸਬਜ਼ੀਆਂ ਨੂੰ ਭੋਜਨ ਵਿੱਚ ਸ਼ਾਮਿਲ ਕਰਨਾ ਚਾਹੀਦਾ ਹੈ, ਜਿਨਾਂ ਵਿੱਚ ਪਾਣੀ ਦੀ ਮਾਤਰਾ ਜਿਆਦਾ ਹੋਵੇ ਜਿਵੇਂ ਖੀਰਾ, ਤਰਬੂਜ, ਅੰਬ, ਲੀਚੀ ਅਤੇ ਲੌਕੀ ਇਹ ਸਾਰੀਆਂ ਚੀਜ਼ਾਂ ਵਿੱਚ ਪਾਣੀ ਜਿਆਦਾ ਹੋਣ ਕਾਰਨ ਇਸ ਮੌਸਮ ਵਿੱਚ ਸਿਹਤਮੰਦ ਹਨ।
ਉਨ੍ਹਾਂ ਕਿਹਾ ਕਿ ਗਰਮੀਆਂ ਦੇ ਦਿਨਾਂ ਵਿੱਚ ਆਪਣੀ ਚਮੜੀ ਨੂੰ ਤੇਜ਼ ਗਰਮੀ ਤੋਂ ਸੁਰੱਖਿਅਤ ਰੱਖਣਾ, ਸੂਰਜ ਦੀ ਸਿੱਧੀ ਕਿਰਨਾਂ ਤੋਂ ਆਪਣੇ ਸਰੀਰ ਨੂੰ ਬਚਾਉਣਾ ਬਹੁਤ ਜਰੂਰੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਤਕਲੀਫ਼ ਹੋਣ ਤੇ ਡਾਕਟਰੀ ਸਲਾਹ ਲੈਣੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਜੇਕਰ ਮੈਦਾਨੀ ਖੇਤਰ ਦਾ ਤਾਪਮਾਨ ਲਗਾਤਾਰ ਵੱਧ ਰਿਹਾ ਹੈ, ਤਾਂ ਇਸ ਸਥਿਤੀ ਨੂੰ ਗਰਮੀ ਦੀ ਲਹਿਰ ਕਿਹਾ ਜਾਂਦਾ ਹੈ। ਇਹ ਉੱਚ ਤਾਪਮਾਨ ਸਰੀਰ ਦੇ ਤਾਪਮਾਨ ਨਿਯੰਤ੍ਰਣ ਪ੍ਰਣਾਲੀ ਨੂੰ ਵਿਗਾੜਦਾ ਹੈ ਅਤੇ ਗਰਮੀ ਨਾਲ ਸਬੰਧਤ ਬਿਮਾਰੀਆਂ ਦਾ ਕਾਰਨ ਬਣਦਾ ਹੈ। ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਐਡਵਾਈਜ਼ਰੀ ਦੀ ਪਾਲਣਾ ਕਰਨ ਦੀ ਅਪੀਲ ਕਰਦਿਆਂ ਸਿਵਲ ਸਰਜਨ ਨੇ ਕਿਹਾ ਕਿ ਮਈ ਦੇ ਮਹੀਨੇ ਦੌਰਾਨ ਹੀ ਗਰਮੀ ਦੀਆਂ ਲਹਿਰਾਂ ਚੱਲਣ ਦੀ ਸੰਭਾਵਨਾ ਜ਼ਿਆਦਾ ਹੈ ਅਤੇ ਇਸ ਸਮੇਂ ਦੌਰਾਨ ਆਮ ਲੋਕਾਂ ਦੇ ਨਾਲ-ਨਾਲ ਖਾਸ ਕਰਕੇ ਉਹਨਾਂ ਲੋਕਾਂ, ਜਿਹੜੇ ਜੋਖਮ ਸ਼੍ਰੇਣੀ ਵਿੱਚ ਆਉਂਦੇ ਹਨ, ਨੂੰ ਚੌਕਸ ਰਹਿਣ ਦੀ ਲੋੜ ਹੈ।
ਉਨ੍ਹਾਂ ਸਲਾਹ ਦਿੰਦਿਆਂ ਕਿਹਾ ਕਿ ਟੀ.ਵੀ.ਰੇਡੀਓ, ਅਖਬਾਰਾਂ ਆਦਿ ਰਾਹੀਂ ਸਥਾਨਕ ਮੌਸਮ ਦੀਆਂ ਖਬਰਾਂ ਵੱਲ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਦੀ ਵੈੱਬਸਾਈਟ ਤੋਂ ਮੌਸਮ ਦੀ ਤਾਜ਼ਾ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਲੋਕ ਪੂਰਵ ਅਨੁਮਾਨ ਦੇ ਅਨੁਸਾਰ ਆਪਣੀਆਂ ਰੋਜ਼ਾਨਾ ਦੀਆਂ ਗਤੀਵਿਧੀਆਂ ਦੀ ਯੋਜਨਾ ਬਣਾਉਣ।
ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਸੰਤੋਸ਼ ਭਾਰਤੀ ਨੇ ਦੱਸਿਆ ਕਿ ਹੀਟ ਸਟ੍ਰੋਕ ਲਈ ਨਵਜੰਮੇ ਬੱਚੇ, ਛੋਟੇ ਬੱਚੇ, ਗਰਭਵਤੀ ਔਰਤਾਂ, 65 ਸਾਲ ਜਾਂ ਵੱਧ ਉਮਰ ਦੇ ਬਜੁਰਗ, ਮਜ਼ਦੂਰ, ਮੋਟਾਪੇ ਤੋਂ ਪੀੜਤ ਵਿਅਕਤੀ ਵਧੇਰੇ ਜ਼ੋਖਮ ਤੇ ਹੁੰਦੇ ਹਨ। ਉਨ੍ਹਾਂ ਦੱਸਿਆ ਕਿ ਘਰ ਤੋਂ ਬਾਹਰ ਦੇ ਕੰਮ ਦਿਨ ਦੇ ਠੰਡੇ ਸਮੇਂ ਜਿਵੇਂ ਕਿ ਸਵੇਰ ਅਤੇ ਸ਼ਾਮ ਵਿੱਚ ਕੀਤੇ ਜਾਣੇ ਚਾਹੀਦੇ ਹਨ। ਪਿਆਸ ਨਾ ਲੱਗਣ 'ਤੇ ਵੀ ਹਰ ਅੱਧੇ ਘੰਟੇ ਬਾਅਦ ਪਾਣੀ ਪੀਣਾ ਚਾਹੀਦਾ ਹੈ। ਮਿਰਗੀ ਜਾਂ ਦਿਲ ਦੀ ਬਿਮਾਰੀ, ਗੁਰਦੇ ਜਾਂ ਜਿਗਰ ਦੀ ਬਿਮਾਰੀ ਵਾਲੇ ਲੋਕ ਜੋ ਤਰਲ-ਪ੍ਰਤੀਬੰਧਿਤ ਖੁਰਾਕ ‘ਤੇ ਹਨ, ਉਨ੍ਹਾਂ ਨੂੰ ਪਾਣੀ ਦੀ ਮਾਤਰਾ ਵਧਾਉਣ ਤੋਂ ਪਹਿਲਾਂ ਡਾਕਟਰ ਨਾਲ ਸਲਾਹ ਕਰਨੀ ਚਾਹੀਦੀ ਹੈ। ਬਾਹਰ ਕੰਮ ਕਰਦੇ ਸਮੇਂ ਹਲਕੇ ਰੰਗ ਦੇ ਪੂਰੀ ਬਾਹਾਂ ਵਾਲੇ ਕੱਪੜੇ ਪਾਉਣੇ ਚਾਹੀਦੇ ਹਨ। ਗਰਮੀਆਂ ਵਿੱਚ ਸਿਰਫ਼ ਸੂਤੀ ਕੱਪੜੇ ਹੀ ਪਹਿਨੇ ਜਾਣ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਿੱਧੀ ਧੁੱਪ ਤੋਂ ਆਪਣੇ ਸਿਰ ਨੂੰ ਢੱਕ ਕੇ ਰੱਖਣ ਲਈ ਛੱਤਰੀ, ਟੋਪੀ, ਤੌਲੀਆ, ਪੱਗ ਜਾਂ ਦੁਪੱਟੇ ਦੀ ਵਰਤੋਂ ਕਰੋ। ਨੰਗੇ ਪੈਰੀਂ ਬਾਹਰ ਨਾ ਨਿਕਲੋ, ਧੁੱਪ ਵਿਚ ਬਾਹਰ ਜਾਣ ਵੇਲੇ ਹਮੇਸ਼ਾ ਜੁੱਤੀ ਜਾਂ ਚੱਪਲਾਂ ਪਾਓ। ਧੁੱਪ ਵਿਚ ਕੰਮ ਕਰਨ ਵਾਲੇ ਲੋਕਾਂ ਨੂੰ ਸਰੀਰ ਦਾ ਤਾਪਮਾਨ ਸਹੀ ਬਰਕਰਾਰ ਰੱਖਣ ਲਈ ਛਾਂ ਵਿਚ ਆਰਾਮ ਕਰਨਾ ਚਾਹੀਦਾ ਹੈ ਜਾਂ ਸਿਰ 'ਤੇ ਗਿੱਲਾ ਕੱਪੜਾ ਰੱਖਣਾ ਚਾਹੀਦਾ ਹੈ। ਧੁੱਪ ਵਿਚ ਨਿਕਲਦੇ ਸਮੇਂ ਹਮੇਸ਼ਾ ਪਾਣੀ ਨਾਲ ਰੱਖੋ। ਮੌਸਮੀ ਫਲ ਅਤੇ ਸਬਜ਼ੀਆਂ ਜਿਵੇਂ ਕਿ ਤਰਬੂਜ, ਸੰਤਰਾ, ਅੰਗੂਰ, ਖੀਰੇ ਅਤੇ ਟਮਾਟਰ ਖਾਓ ਕਿਉਂਕਿ ਇਨ੍ਹਾਂ ਵਿਚ ਪਾਣੀ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਗਰਮੀ ਅਤੇ ਲੂ ਤੋਂ ਬਚਣ ਲਈ ਵੱਧ ਤੋਂ ਵੱਧ ਪਾਣੀ ਪੀਣਾ ਚਾਹੀਦਾ ਹੈ ਅਤੇ ਬਾਹਰ ਜਾਣ ਵੇਲੇ ਆਪਣਾ ਮੂੰਹ ,ਸਿਰ, ਹੱਥ, ਪੈਰ ਢੱਕ ਕੇ ਜਾਣਾ ਚਾਹੀਦਾ ਹੈ ਤਾਂ ਜੋ ਸਿੱਧੀ ਧੁੱਪ ਸਰੀਰ ਤੇ ਅਸਰ ਨਾ ਕਰ ਸਕੇ।
Get all latest content delivered to your email a few times a month.