ਤਾਜਾ ਖਬਰਾਂ
ਇੱਕ ਦਰਦਨਾਕ ਸੜਕ ਹਾਦਸੇ ਵਿੱਚ ਰਾਜਪੁਰਾ-ਅੰਬਾਲਾ ਕੌਮੀ ਮਾਰਗ 'ਤੇ ਘੱਗਰ ਸਰਾਏ ਨੇੜੇ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਇੱਕ ਹੋਰ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਇਹ ਚਾਰੇ ਨੌਜਵਾਨ ਚਿਤਕਾਰਾ ਯੂਨੀਵਰਸਿਟੀ, ਰਾਜਪੁਰਾ ਵਿੱਚ ਦਾਖਲਾ ਲੈਣ ਆਏ ਹੋਏ ਸਨ ਅਤੇ ਦਾਖਲਾ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਵਾਪਸ ਅੰਬਾਲਾ ਜਾ ਰਹੇ ਸਨ। ਰਸਤੇ ਵਿੱਚ ਉਨ੍ਹਾਂ ਦੀ ਕਾਰ ਦੀ ਟੱਕਰ ਇੱਕ ਤੇਜ਼ ਰਫ਼ਤਾਰ ਟਰੱਕ ਨਾਲ ਹੋ ਗਈ। ਟੱਕਰ ਇੰਨੀ ਜ਼ੋਰਦਾਰ ਸੀ ਕਿ ਕਾਰ ਚਕਨਾਚੂਰ ਹੋ ਗਈ ਅਤੇ ਚਾਰੇ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਅਤੇ ਰਾਹਗੀਰ ਮੌਕੇ 'ਤੇ ਪਹੁੰਚੇ ਅਤੇ ਜ਼ਖਮੀਆਂ ਨੂੰ ਰਾਜਪੁਰਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ। ਉੱਥੇ ਡਾਕਟਰਾਂ ਨੇ ਖੁਸ਼ਵਿੰਦਰ ਸਿੰਘ (ਨਿਵਾਸੀ ਅੰਬਾਲਾ ਕੈਂਟ) ਅਤੇ ਪ੍ਰਿਯਾਂਸ਼ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਇੱਕ ਅਣਪਛਾਤੇ ਨੌਜਵਾਨ ਨੇ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਦਮ ਤੋੜ ਦਿੱਤਾ। ਮਨਨ ਕਪੂਰ, ਜੋ ਕਿ ਗੰਭੀਰ ਜ਼ਖਮੀ ਹੈ, ਨੂੰ ਤੁਰੰਤ ਐਮਐਮ ਹਸਪਤਾਲ ਅੰਬਾਲਾ ਰੈਫਰ ਕਰ ਦਿੱਤਾ ਗਿਆ, ਜਿੱਥੇ ਉਹ ਜੀਵਨ ਮੌਤ ਦੀ ਲੜਾਈ ਲੜ ਰਿਹਾ ਹੈ।
ਇਸ ਹਾਦਸੇ ਨੇ ਸਾਰੇ ਇਲਾਕੇ ਵਿੱਚ ਸੋਗ ਦੀ ਲਹਿਰ ਛੇੜ ਦਿੱਤੀ ਹੈ। ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਜਦੋਂ ਸੂਚਨਾ ਮਿਲੀ ਤਾਂ ਉਹ ਗਮ ਵਿੱਚ ਡੁੱਬ ਗਏ। ਜੱਸੀ ਐਬੂਲੈਂਸ ਮਾਲਕ ਨੇ ਦੱਸਿਆ ਕਿ ਲਾਸ਼ਾਂ ਨੂੰ ਮੋਰਚਰੀ ਵਿੱਚ ਰੱਖਵਾਇਆ ਗਿਆ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਟਰੱਕ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਸ਼ੁਰੂਆਤੀ ਜਾਂਚ ਵਿੱਚ ਟਰੱਕ ਡਰਾਈਵਰ ਦੀ ਲਾਪਰਵਾਹੀ ਨੂੰ ਹਾਦਸੇ ਦਾ ਮੁੱਖ ਕਾਰਨ ਮੰਨਿਆ ਜਾ ਰਿਹਾ ਹੈ। ਮਾਮਲਾ ਦਰਜ ਕਰਕੇ ਪੁਲਿਸ ਵਲੋਂ ਅਗਲੀ ਕਾਰਵਾਈ ਜਾਰੀ ਹੈ। ਇਹ ਦਰਦਨਾਕ ਘਟਨਾ ਕੌਮੀ ਮਾਰਗਾਂ 'ਤੇ ਸੁਰੱਖਿਆ ਪ੍ਰਬੰਧਾਂ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਨੂੰ ਲੈ ਕੇ ਗੰਭੀਰ ਪ੍ਰਸ਼ਨ ਚੁੱਕ ਰਹੀ ਹੈ। ਸਥਾਨਕ ਨਿਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਤੇਜ਼ ਰਫਤਾਰ ਵਾਹਨਾਂ 'ਤੇ ਨਿਯੰਤਰਣ ਕਰਨ ਅਤੇ ਸੜਕ ਸੁਰੱਖਿਆ ਲਈ ਠੋਸ ਕਦਮ ਚੁੱਕੇ ਜਾਣ ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਭਵਿੱਖ ਵਿੱਚ ਟਾਲਿਆ ਜਾ ਸਕੇ।
Get all latest content delivered to your email a few times a month.