ਤਾਜਾ ਖਬਰਾਂ
ਅੰਮ੍ਰਿਤਸਰ, 3 ਜੂਨ – ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਘਟਨਾ ਨੇ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ, ਜਿਸ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੜੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਇਸ ਘਟਨਾ ਨੂੰ ਅਤਿ ਨਿੰਦਣਯੋਗ ਤੇ ਅਸਹਿਣਸ਼ੀਲ ਕਰਾਰ ਦਿੱਤਾ ਹੈ ਉਨ੍ਹਾਂ ਨੇ ਇਸ ਮਾਮਲੇ ਵਿਚ ਜੁੜੇ ਦੋਸ਼ੀ ਵਿਅਕਤੀ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਅਤੇ ਮਿਸਾਲੀ ਸਜ਼ਾ ਦੀ ਮੰਗ ਕੀਤੀ ਹੈ, ਤਾਂ ਜੋ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਦੀ ਪੁਨਰਾਵਰਤੀ ਨੂੰ ਰੋਕਿਆ ਜਾ ਸਕੇ। ਐਡਵੋਕੇਟ ਧਾਮੀ ਨੇ ਜ਼ੋਰ ਦੇ ਕੇ ਆਖਿਆ ਕਿ ਗੁਰਬਾਣੀ ਸਿੱਖ ਕੌਮ ਦੀ ਅਧਿਆਤਮਿਕ ਸ਼ਕਤੀ ਅਤੇ ਜੀਵਨ ਦਾ ਆਧਾਰ ਹੈ, ਅਤੇ ਇਸ ਦੀ ਬੇਅਦਬੀ ਕਰਨਾ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਡੂੰਘੀ ਸੱਟ ਪਹੁੰਚਾਉਂਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਹਮੇਸ਼ਾ ਵਾਂਗ ਇੱਥੇ ਵੀ ਮੁਲਜ਼ਮ ਨੂੰ ਮਾਨਸਿਕ ਰੋਗੀ ਕਹਿ ਕੇ ਮਾਮਲੇ ਨੂੰ ਰਫਾ-ਦਫਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜੋ ਕਿ ਇੱਕ ਗੰਭੀਰ ਸਾਜ਼ਿਸ਼ ਹੋ ਸਕਦੀ ਹੈ। ਐਡਵੋਕੇਟ ਧਾਮੀ ਨੇ ਪੁਲਿਸ ਅਤੇ ਪ੍ਰਸ਼ਾਸਨ ਤੋਂ ਮਾਮਲੇ ਦੀ ਡੂੰਘੀ ਜਾਂਚ ਦੀ ਮੰਗ ਕਰਦਿਆਂ ਕਿਹਾ ਕਿ ਸਾਰੇ ਸੰਭਾਵੀ ਪਹਿਲੂਆਂ ਨੂੰ ਧਿਆਨ ਵਿਚ ਰੱਖ ਕੇ ਸੱਚਾਈ ਨੂੰ ਸਾਹਮਣੇ ਲਿਆਉਣ ਦੀ ਲੋੜ ਹੈ। ਉਨ੍ਹਾਂ ਇਹ ਵੀ ਉਜਾਗਰ ਕੀਤਾ ਕਿ ਜੂਨ ਮਹੀਨੇ ਦਾ ਪਹਿਲਾ ਹਫ਼ਤਾ ਸਿੱਖ ਕੌਮ ਲਈ ਇਤਿਹਾਸਕ ਅਤੇ ਭਾਵਨਾਤਮਕ ਤੌਰ ਤੇ ਬਹੁਤ ਹੀ ਸੰਵੇਦਨਸ਼ੀਲ ਸਮਾਂ ਹੁੰਦਾ ਹੈ, ਕਿਉਂਕਿ ਇਹ 1984 ਦੇ ਫੌਜੀ ਹਮਲੇ ਦੀ ਕਾਲੀ ਯਾਦ ਨੂੰ ਤਾਜ਼ਾ ਕਰਦਾ ਹੈ। ਇਸੇ ਦੌਰਾਨ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਸਿੱਖ ਕੌਮ ਦੇ ਪੁਰਾਣੇ ਜ਼ਖ਼ਮਾਂ ਨੂੰ ਹੋਰ ਚੀਰ ਦਿੰਦੀ ਹੈ ਅਤੇ ਸੰਗਤ ਵਿਚ ਗੁੱਸੇ ਤੇ ਰੋਸ ਦੀ ਭਾਵਨਾ ਨੂੰ ਹੋਰ ਗਹਿਰਾ ਕਰਦੀ ਹੈ।
Get all latest content delivered to your email a few times a month.