ਤਾਜਾ ਖਬਰਾਂ
ਮਾਲੇਰਕੋਟਲਾ/ਅਮਰਗੜ੍ਹ 12 ਜੁਲਾਈ (ਭੁਪਿੰਦਰ ਗਿੱਲ) -ਹਲਕਾ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੇ ਅੱਜ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਐਸ.ਸੀ. ਭਾਈਚਾਰੇ ਦੇ 10 ਲਾਭਪਾਤਰੀਆਂ ਨੂੰ 11 ਲੱਖ 18 ਹਜਾਰ 360 ਰੁਪਏ ਦੀ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਪ੍ਰਦਾਨ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਐਸ.ਸੀ. ਭਾਈਚਾਰੇ ਨਾਲ ਸੰਬੰਧਤ ਪਰਿਵਾਰਾਂ ਵੱਲੋਂ ਲਏ ਗਏ ਕਰਜ਼ਿਆਂ ਨੂੰ ਮੁਆਫ਼ ਕਰਕੇ ਗਰੀਬ ਪਰਿਵਾਰਾਂ ਦੀ ਬਾਂਹ ਫੜਨ ਦਾ ਵੱਡਾ ਉਪਰਾਲਾ ਕੀਤਾ ਹੈ, ਜਿਸ ਨਾਲ ਇਹ ਲਾਭਪਾਤਰੀ ਪਰਿਵਾਰ ਹੁਣ ਆਪਣੇ ਭਵਿੱਖ ਨੂੰ ਨਵੀਂ ਦਿਸ਼ਾ ਦੇ ਸਕਣਗੇ ਅਤੇ ਆਰਥਿਕ ਤੌਰ ‘ਤੇ ਖੁਦਮੁਖਤਾਰ ਬਣ ਸਕਣਗੇ।
ਵਿਧਾਇਕ ਅਮਰਗੜ੍ਹ ਨੇ ਦੱਸਿਆ ਕਿ ਮਾਲੇਰਕੋਟਲਾ ਜ਼ਿਲ੍ਹੇ ਅੰਦਰ 13 ਲਾਭਪਾਤਰੀਆਂ ਨੂੰ 13 ਲੱਖ 84 ਹਜਾਰ 721 ਰੁਪਏ ਦੀ ਕਰਜ਼ਾ ਮੁਆਫ਼ੀ ਦਾ ਲਾਭ ਮਿਲਿਆ ਹੈ ਅਤੇ ਇਸ ਲਈ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਧਾਈ ਦੀ ਪਾਤਰ ਹੈ, ਜਿਸ ਨੇ ਇਸ ਭਾਈਚਾਰੇ ਦੇ ਲੋਕਾਂ ਨਾਲ ਕੀਤਾ ਵਾਅਦਾ ਪੁਗਾਇਆ ਹੈ। ਉਨ੍ਹਾਂ ਹੋਰ ਦੱਸਿਆ ਕਿ ਫੈਸਲਾਕੁੰਨ ਕਾਰਵਾਈ ਨਾਲ ਪੰਜਾਬ ਦੇ 4727 ਗਰੀਬ ਅਨੁਸੂਚਿਤ ਪਰਿਵਾਰਾਂ ਦਾ 31 ਮਾਰਚ 2020 ਤੱਕ ਦਾ ਕਰਜਾ ਮੁਆਫ਼ ਕਰਕੇ ਜੋ ਇਤਿਹਾਸਕ ਫੈਸਲਾ ਲਿਆ ਹੈ ,ਉਥੇ ਹੀ ਵਿੱਤੀ ਬੋਝ ਨਾਲ ਜੂਝ ਰਹੇ ਇਨ੍ਹਾਂ ਪਰਿਵਾਰਾਂ ਨੂੰ ਵੱਡੀ ਰਾਹਤ ਦੇ ਲੋਕਪੱਖੀ ਸਰਕਾਰ ਹੋਣ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਕਰਜ਼ੇ ਪਿਛਲੇ ਦੋ ਦਹਾਕਿਆਂ ਤੋਂ ਬਕਾਇਆ ਹਨ, ਜਿਸ ਦੌਰਾਨ ਪ੍ਰਭਾਵਿਤ ਵਿਅਕਤੀਆਂ ਨੇ ਵਾਰ-ਵਾਰ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਤੱਕ ਪਹੁੰਚ ਕੀਤੀ, ਪਰ ਉਨ੍ਹਾਂ ਦੇ ਕੰਨੀ ਜੂੰ ਤੱਕ ਨਹੀਂ ਸਰਕੀ। ਉਨ੍ਹਾਂ ਅੱਗੇ ਕਿਹਾ,ਪੰਜਾਬ ਸਰਕਾਰ ਦੇ ਇਸ ਕਦਮ ਨਾਲ ਜਿੱਥੇ ਗਰੀਬ ਪਰਿਵਾਰਾਂ ਦੇ ਮਾਨਸਿਕ ਤਣਾਅ ਨੂੰ ਖ਼ਤਮ ਕੀਤਾ ਗਿਆ ਹੈ, ਉੱਥੇ ਹੀ ਉਨ੍ਹਾਂ ਨੂੰ ਆਰਥਿਕ ਪੱਖੋਂ ਖੜੇ ਹੋਣ ਦਾ ਮੌਕਾ ਵੀ ਮਿਲਿਆ ਹੈ।
ਉਨ੍ਹਾਂ ਹੋਰ ਦੱਸਿਆ ਕਿ ਇਸ ਵਿਭਾਗ ਵੱਲੋਂ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਨੌਜਵਾਨਾਂ ਨੂੰ 10 ਲੱਖ ਰੁਪਏ ਦਾ ਕਰਜਾ ਕੰਮ ਸ਼ੁਰੂ ਕਰਨ ਲਈ ਦਿੱਤਾ ਜਾਂਦਾ ਹੈ ਤਾਂ ਜੋ ਉਹ ਆਪਣੇ ਪੈਰਾ ਤੇ ਖੜੇ ਹੋਕੇ ਆਰਥਿਕ ਤੌਰ ਤੇ ਆਤਮਨਿਰਭਰ ਹੋ ਸਕਣ । ਉਨ੍ਹਾਂ ਕਿਹਾ ਕਿ ਕਾਰਪੋਰੇਸ਼ਨ ਵੱਲੋਂ ਵੱਖ-ਵੱਖ ਸਕੀਮਾਂ ਹੇਠ ਇਹ ਕਰਜ਼ੇ ਘੱਟ ਵਿਆਜ ਦਰਾਂ ’ਤੇ ਦਿੱਤੇ ਜਾਂਦੇ ਹਨ, ਜਿਸ ਨਾਲ ਗਰੀਬ ਪਰਿਵਾਰਾਂ ਨੂੰ ਵਪਾਰ, ਰੋਜ਼ਗਾਰ ਅਤੇ ਸਵੈਰੋਜ਼ਗਾਰ ਸਥਾਪਿਤ ਕਰਨ ਵਿੱਚ ਮਦਦ ਮਿਲਦੀ ਹੈ। ਵਿਧਾਇਕ ਨੇ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੂੰ ਕਿਹਾ ਕਿ ਪਿੰਡਾਂ ਵਿੱਚ ਕੈਂਪ ਲਾ ਕੇ ਲੋਕਾਂ ਨੂੰ ਕਾਰਪੋਰੇਸ਼ਨ ਦੀਆਂ ਸਕੀਮਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ।
ਉਹਨਾਂ ਕਿਹਾ ਕਿ ਲੋਕਾਂ ਨੇ ਜਿਸ ਵਿਸ਼ਵਾਸ ਨਾਲ ਆਮ ਆਦਮੀ ਪਾਰਟੀ ਨੂੰ ਵੋਟਾਂ ਪਾ ਕੇ ਸਰਕਾਰ ਬਣਾਈ ਸੀ, ਉਸੇ ਭਰੋਸੇ ਨੂੰ ਕਾਇਮ ਰੱਖਦੇ ਹੋਏ ਸਰਕਾਰ ਵੱਲੋਂ ਦਿਨ ਰਾਤ ਇੱਕ ਕਰ ਕੇ ਲੋਕਾਂ ਦੀ ਸੇਵਾ ਕੀਤੀ ਜਾ ਰਹੀ ਹੈ। ਇਸ ਮੌਕੇ ਉਹਨਾਂ ਲਾਭਪਾਤਰੀਆਂ ਨਾਲ ਵੀ ਗੱਲ ਕੀਤੀ, ਜਿਨ੍ਹਾਂ ਨੇ ਸਰਕਾਰ ਦੀ ਕਾਰਗੁਜ਼ਾਰੀ 'ਤੇ ਸੰਤੁਸ਼ਟੀ ਜ਼ਾਹਿਰ ਕਰਦਿਆਂ ਹਲਕਾ ਵਿਧਾਇਕ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਇਸ ਮੌਕੇ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਂਨੇਜਰ ਜਸਵੰਤ ਸਿੰਘ, ਗੁਰਵਿੰਦਰ ਸਿੰਘ, ਆਮ ਆਦਮੀ ਪਾਰਟੀ ਦੇ ਵੱਖੋ ਵੱਖ ਅਹੁਦੇਦਾਰ, ਸ਼ਹਿਰ ਵਾਸੀ ਅਤੇ ਲਾਭਪਾਤਰੀ ਹਾਜ਼ਰ ਸਨ ।
Get all latest content delivered to your email a few times a month.