IMG-LOGO
ਹੋਮ ਪੰਜਾਬ: ਨਸ਼ਿਆਂ ਦਾ ਕਹਿਰ ਢਾਹ ਕੇ ਨੌਜਵਾਨਾਂ ਦੀ ਨਸਲਕੁਸ਼ੀ ਕਰਨ ਵਾਲਿਆਂ...

ਨਸ਼ਿਆਂ ਦਾ ਕਹਿਰ ਢਾਹ ਕੇ ਨੌਜਵਾਨਾਂ ਦੀ ਨਸਲਕੁਸ਼ੀ ਕਰਨ ਵਾਲਿਆਂ ਨਾਲ ਕੋਈ ਰਹਿਮ ਨਹੀਂ: ਮੁੱਖ ਮੰਤਰੀ

Admin User - Jul 15, 2025 08:05 PM
IMG

ਨੌਜਵਾਨਾਂ ਦੇ ਘਰਾਂ ਵਿੱਚ ਸੱਥਰ ਵਿਛਾਉਣ ਲਈ ਜ਼ਿੰਮੇਵਾਰ ਲੋਕ ਜੇਲ੍ਹ ਵਿੱਚ ਸਹੂਲਤਾਂ ਮੰਗ ਕਰ ਰਹੇ ਹਨ

ਸੂਬੇ ਵਿੱਚ ਇੱਕ ਪੈਸੇ ਦਾ ਵੀ ਨਸ਼ਾ ਪੈਦਾ ਨਾ ਹੋਣ ਦੇ ਬਾਵਜੂਦ ਪੰਜਾਬ ਨੂੰ ਬਦਨਾਮ ਕੀਤਾ ਜਾ ਰਿਹੈ

ਯੁੱਧ ਨਸ਼ਿਆਂ ਵਿਰੁੱਧ ਦੀ ਸਫਲਤਾ ਦਾ ਸਿਹਰਾ ਸੂਬਾ ਸਰਕਾਰ ਦੀ ਸੁਚੱਜੀ ਵਿਉਂਤਬੰਦੀ ਬੰਨ੍ਹਿਆ

ਚੰਡੀਗੜ੍ਹ, 15 ਜੁਲਾਈ-

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਕਿਹਾ ਕਿ ਸੂਬਾ ਸਰਕਾਰ ਨਸ਼ਿਆਂ ਦਾ ਕਹਿਰ ਢਾਹ ਕੇ ਸੂਬੇ ਦੇ  ਨੌਜਵਾਨਾਂ ਦੀ ਨਸ਼ਕੁਸ਼ੀ ਲਈ ਜ਼ਿੰਮੇਵਾਰ ਦੋਸ਼ੀ 'ਜਰਨੈਲਾਂ' ਪ੍ਰਤੀ ਕੋਈ ਰਹਿਮ ਨਹੀਂ ਵਰਤੇਗੀ।

ਯੁੱਧ ਨਸ਼ਿਆਂ ਵਿਰੁੱਧ ਦੇ ਮੁੱਦੇ 'ਤੇ ਬਹਿਸ ਵਿੱਚ ਹਿੱਸਾ ਲੈਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਨੂੰ ਸਰਪ੍ਰਸਤੀ ਦੇਣ ਵਾਲੇ ਜਰਨੈਲਾਂ ਨੂੰ ਪਹਿਲਾਂ ਹੀ ਸਲਾਖਾਂ ਪਿੱਛੇ ਸੁੱਟ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਨਾ ਸਿਰਫ਼ ਸੂਬੇ ਭਰ ਵਿੱਚ ਨਸ਼ਿਆਂ ਦੇ ਵਪਾਰ ਨੂੰ ਸਰਪ੍ਰਸਤੀ ਦਿੰਦੇ ਸਨ ਬਲਕਿ ਧਾਰਨਾ ਇਹ ਹੈ ਕਿ ਉਹ ਆਪਣੀਆਂ ਸਰਕਾਰੀ  ਗੱਡੀਆਂ ਵਿੱਚ ਨਸ਼ੇ ਵੇਚਦੇ/ਸਪਲਾਈ ਵੀ ਕਰਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਕਿਸੇ ਨੇ ਵੀ ਇਹਨਾਂ ਰਸੂਖਵਾਨ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੀ ਜੁਅਰੱਤ ਨਹੀਂ ਕੀਤੀ, ਪਰ ਹੁਣ ਉਨ੍ਹਾਂ ਦੀ ਸਰਕਾਰ ਨੇ ਅਜਿਹਾ ਕਰ ਕੇ ਦਿਖਾਇਆ ਹੈ ਅਤੇ ਦੋਸ਼ੀਆਂ ਨੂੰ ਆਪਣੇ ਪਾਪਾਂ ਦੀ ਕੀਮਤ ਚੁਕਾਉਣੀ ਪਵੇਗੀ।

ਮੁੱਖ ਮੰਤਰੀ ਨੇ ਸਦਨ ਨੂੰ ਭਰੋਸਾ ਦਿੱਤਾ ਕਿ ਇਨ੍ਹਾਂ ਆਗੂਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ ਤਾਂ ਜੋ ਕੋਈ ਵੀ ਦੁਬਾਰਾ ਇਹ ਅਜਿਹੇ ਘਿਨਾਉਣੇ ਪਾਪ ਕਰਨ ਦੀ ਹਿੰਮਤ ਨਾ ਕਰੇ। ਉਨ੍ਹਾਂ ਕਿਹਾ ਕਿ ਹੁਣ ਨਾਭਾ ਜੇਲ੍ਹ ਨੂੰ ਚਿੱਟੇ ਦੇ ਕੈਦੀਆਂ ਦੀ ਜੇਲ੍ਹ ਵੀ ਕਿਹਾ ਜਾਣ ਲੱਗਾ ਹੈ ਕਿਉਂਕਿ ਜਿਨ੍ਹਾਂ ਲੋਕਾਂ ਨੇ ਇਸ ਨਸ਼ੇ ਨੂੰ ਪੰਜਾਬ ਵਿੱਚ ਲਿਆਂਦਾ ਸੀ, ਹੁਣ ਇਸ ਜੇਲ੍ਹ ਵਿੱਚ ਬੰਦ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੈਰ-ਕਾਨੂੰਨੀ ਤਰੀਕਿਆਂ ਨਾਲ ਹਾਸਲ ਕੀਤੀ ਪਹਿਚਾਣ ਲਈ ਜਾਣੇ ਜਾਂਦੇ ਇਹ ਆਗੂ ਹੁਣ ਜੇਲ੍ਹ ਵਿੱਚ ਸਹੂਲਤਾਂ ਦੀ ਮੰਗ ਕਰ ਰਹੇ ਹਨ।

ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਪੰਜਾਬ ਵਿੱਚ ਨੌਜਵਾਨਾਂ ਦੇ ਘਰ ਸੱਥਰ ਵਿਛਾਉਣ ਵਾਲੇ ਲਈ ਜ਼ਿੰਮੇਵਾਰ ਇਹ ਆਗੂ ਜੇਲ੍ਹ ਵਿੱਚ ਕਿਸੇ ਵੀ ਤਰ੍ਹਾਂ ਦੇ ਆਰਾਮ ਦੇ ਹੱਕਦਾਰ ਨਹੀਂ ਹਨ ਅਤੇ ਉਨ੍ਹਾਂ ਨੂੰ ਆਪਣੇ ਮਾੜੇ ਕੰਮਾਂ ਦੀ ਕੀਮਤ ਚੁਕਾਉਣੀ ਪੈਂਦੀ ਹੈ। ਉਨ੍ਹਾਂ ਕਿਹਾ ਕਿ ਡੂੰਘਾਈ ਨਾਲ ਕੀਤੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਇਨ੍ਹਾਂ ਆਗੂਆਂ ਨੇ ਨਸ਼ਿਆਂ ਦੇ ਕਾਰੋਬਾਰ ਜ਼ਰੀਏ ਵੱਡੀ ਦੌਲਤ ਇਕੱਠੀ ਕੀਤੀ ਹੈ ਅਤੇ ਇਸ ਅਪਰਾਧ ਲਈ ਉਨ੍ਹਾਂ ਲਈ ਸਖ਼ਤ ਤੋਂ ਸਖ਼ਤ ਸਜ਼ਾ ਯਕੀਨੀ ਬਣਾਈ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਇਨ੍ਹਾਂ ਆਗੂਆਂ ਨੂੰ ਮਨੁੱਖਤਾ ਵਿਰੁੱਧ ਉਨ੍ਹਾਂ ਦੇ ਅਪਰਾਧ ਲਈ ਮਿਸਾਲੀ ਸਜ਼ਾ ਮਿਲੇ।

ਮੁੱਖ ਮੰਤਰੀ ਨੇ ਕਿਹਾ ਕਿ ਅਸਲੀਅਤ ਇਹ ਹੈ ਕਿ ਮਜੀਠੀਆ ਨੇ ਆਪਣੇ ਨਿੱਜੀ ਹਿੱਤਾਂ ਲਈ ਪੰਜਾਬ ਅਤੇ ਇਸਦੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਨ ਦੀ ਆਪਣੇ ਪਰਿਵਾਰ ਦੀ 'ਸ਼ੱਕੀ ਵਿਰਾਸਤ' ਨੂੰ ਜਾਰੀ ਰੱਖਿਆ ਹੈ। ਉਨ੍ਹਾਂ ਕਿਹਾ ਕਿ ਮਜੀਠੀਆ ਦੇ ਪੁਰਖਿਆਂ ਨੇ 1919 ਵਿੱਚ ਜਲ੍ਹਿਆਂਵਾਲਾ ਬਾਗ ਕਤਲੇਆਮ ਦੀ ਰਾਤ ਨੂੰ ਜਨਰਲ ਡਾਇਰ ਲਈ ਰਾਤ ਦੇ ਖਾਣੇ ਦੀ ਮੇਜ਼ਬਾਨੀ ਕਰਕੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਅਕਾਲੀ ਆਗੂ ਨੇ ਆਪਣੇ ਸੱਤਾ ਦੇ ਦਿਨਾਂ ਵਿੱਚ ਸੂਬੇ ਦੇ ਲੋਕਾਂ ਨੂੰ ਲੁੱਟਿਆ ਅਤੇ ਨਸ਼ਿਆਂ ਦੇ ਵਪਾਰ ਨੂੰ ਸਰਪ੍ਰਸਤੀ ਦਿੱਤੀ ਜਿਸ ਨਾਲ ਲੱਖਾਂ ਨੌਜਵਾਨਾਂ ਦੀਆਂ ਜ਼ਿੰਦਗੀਆਂ ਬਰਬਾਦ ਹੋ ਗਈਆਂ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਨਸ਼ਿਆਂ ਦੇ ਮੁੱਦੇ 'ਤੇ ਪੰਜਾਬ ਨੂੰ ਬਦਨਾਮ ਕੀਤਾ ਜਾ ਰਿਹਾ ਹੈ ਜਦੋਂ ਕਿ ਕਈ ਹੋਰ ਰਾਜਾਂ ਵਿੱਚ ਇਹ ਸਮੱਸਿਆ ਪੰਜਾਬ ਨਾਲੋਂ ਵੀ ਜ਼ਿਆਦਾ ਗੰਭੀਰ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਕੁਝ ਵਿਰੋਧੀ ਤਾਕਤਾਂ ਨੇ ਮਿਹਨਤੀ ਪੰਜਾਬੀਆਂ ਨੂੰ ਨਸ਼ੇੜੀ ਦੱਸ ਕੇ ਇਸ ਦੇ ਅਕਸ ਨੂੰ ਖਰਾਬ ਕਰਨ ਲਈ ਬਦਨੀਤੀਪੂਰਨ ਮੁਹਿੰਮ ਚਲਾਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨਸ਼ਿਆਂ ਵਿਰੁੱਧ ਕੌਮੀ ਜੰਗ ਲੜ ਰਿਹਾ ਹੈ ਜਿਸ ਕਰਕੇ ਹਰ ਖੇਤਰ ਵਿੱਚ ਵੱਡਾ ਯੋਗਦਾਨ ਪਾਉਣ ਦੇ ਬਾਵਜੂਦ ਵੀ ਇਸ ਨੂੰ ਲਗਾਤਾਰ ਬਦਨਾਮ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਇੱਕ ਪੈਸੇ ਦਾ ਵੀ ਨਸ਼ਾ ਪੈਦਾ ਨਹੀਂ ਹੁੰਦਾ, ਫਿਰ ਵੀ ਇਸ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸੁਰੱਖਿਆ ਬਲਾਂ ਨੇ ਹਾਲ ਹੀ ਵਿੱਚ ਗੁਜਰਾਤ ਅਤੇ ਰਾਜਸਥਾਨ ਤੋਂ ਵੱਡੀ ਮਾਤਰਾ ਵਿੱਚ ਨਸ਼ੇ ਜ਼ਬਤ ਕੀਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਾਲਾਂਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੇ ਨਸ਼ਿਆਂ ਦੇ ਕਾਰੋਬਾਰ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੀ ਲਾਹਨਤ ਸੂਬੇ ਦੇ ਮੱਥੇ 'ਤੇ ਧੱਬਾ ਹੈ ਅਤੇ ਇਸ ਸਰਾਪ ਨੂੰ ਮਿਟਾਉਣ ਲਈ ਸੂਬਾ ਸਰਕਾਰ ਨੂੰ ਰਣਨੀਤੀ ਬਣਾਉਣ ਵਿੱਚ ਦੋ ਸਾਲਾਂ ਤੋਂ ਵੱਧ ਸਮਾਂ ਲੱਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਗਈ ਹੈ ਅਤੇ ਇਨ੍ਹਾਂ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟਣ ਦੇ ਨਾਲ-ਨਾਲ ਪੀੜਤਾਂ ਦਾ ਪੁਨਰਵਾਸ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਨਸ਼ਾ ਤਸਕਰਾਂ ਦੀ ਜਾਇਦਾਦ ਵੀ ਜ਼ਬਤ ਕਰਕੇ ਨਸ਼ਟ ਕੀਤਾ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਸੂਬਾ ਸਰਕਾਰ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਹੈ ਜਿਸਦਾ ਉਦੇਸ਼ ਸੂਬੇ ਨੂੰ ਇਸ ਲਾਹਨਤ ਤੋਂ ਮੁਕਤ ਕਰਨਾ ਕਰਨਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਨਸ਼ੇ ਦੇ ਆਦੀ ਉਨ੍ਹਾਂ ਦਵਾਈਆਂ ਦੀ ਵਰਤੋਂ ਕਰ ਰਹੇ ਸਨ, ਜੋ ਹਾਥੀਆਂ ਨੂੰ ਬੇਹੋਸ਼ ਕਰਨ ਲਈ ਵਰਤੀਆਂ ਜਾਂਦੀਆ ਹਨ। ਇਹ ਕਹਿੰਦਿਆਂ ਕਿ ਕਾਂਗਰਸੀ ਆਗੂ ਅਜਿਹੇ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਬਚਾਉਣ ਲਈ ਵਿਤੋਂ ਵੱਧ ਜ਼ੋਰ ਲਾ ਰਹੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਅਪਰਾਧਾਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦੀ ਭਲਾਈ ਲਈ ਠੋਸ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਧਿਆਨ ਇਹ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਨੌਕਰੀਆਂ ਦੀ ਭਾਲ ਕਰਨ ਵਾਲੇ ਦੀ ਬਜਾਏ ਨੌਕਰੀ ਦੇਣ ਵਾਲੇ ਬਣਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਦੀ ਸਰਗਰਮ ਸ਼ਮੂਲੀਅਤ ਰਾਹੀਂ ਇੱਕ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਸਮੇਂ ਦੀ ਲੋੜ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਰੰਗਲਾ ਪੰਜਾਬ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਅੱਜ ਪਿਛਲੀਆਂ ਸਰਕਾਰਾਂ ਦੌਰਾਨ ਪਈ ਮਾਰ ਤੋਂ ਉੱਭਰਦਿਆਂ ਇੱਕ ਪ੍ਰਗਤੀਸ਼ੀਲ ਸੂਬਾ ਬਣਨ ਵੱਲ ਲਗਾਤਾਰ ਕਦਮ ਵਧਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਪਹਿਲਾਂ ਦੀਆਂ ਸਰਕਾਰਾਂ ਦੌਰਾਨ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਨ ਵਾਲਿਆ ਨੇ ਕਈ ਟੈਗ ਦਿੱਤੇ, ਪਰ ਉਨ੍ਹਾਂ ਦੀ ਸਰਕਾਰ ਰੰਗਲਾ, ਪ੍ਰਗਤੀਸ਼ੀਲ ਅਤੇ ਖੁਸ਼ਹਾਲ ਪੰਜਾਬ ਬਣਾਉਣ ਲਈ ਦ੍ਰਿੜ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.