ਤਾਜਾ ਖਬਰਾਂ
* ਜਨਤਕ ਲਾਇਬ੍ਰੇਰੀਆਂ ਗਿਆਨ ਦੇ ਕੇਂਦਰ ਵਜੋਂ ਕੰਮ ਕਰ ਰਹੀਆਂ ਹਨ
ਧੂਰੀ (ਸੰਗਰੂਰ), 20 ਜੁਲਾਈ
ਨੌਜਵਾਨਾਂ ਵਿੱਚ ਪੜ੍ਹਨ ਦੀਆਂ ਰੁਚੀਆਂ ਪੈਦਾ ਕਰਨ ਲਈ ਮਿਸ਼ਨ ਗਿਆਨ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਨਵੀਂ ਬਣੀ ਜਨਤਕ ਲਾਇਬ੍ਰੇਰੀ ਸ਼ਹਿਰ ਵਾਸੀਆਂ ਨੂੰ ਸਮਰਪਿਤ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਅੱਜ ਇੱਥੇ 1.59 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਇਸ ਨਵੀਂ ਜਨਤਕ ਲਾਇਬ੍ਰੇਰੀ ਦਾ ਉਦਘਾਟਨ ਕਰਨ ਲਈ ਆ ਕੇ ਬਹੁਤ ਮਾਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਦੋ ਮੰਜ਼ਿਲਾ ਇਮਾਰਤ ਦਾ ਖੇਤਰ 3,710 ਵਰਗ ਫੁੱਟ ਹੈ ਅਤੇ ਇਹ ਵਾਈ-ਫਾਈ, ਸੂਰਜੀ ਊਰਜਾ ਡਿਜੀਟਲ ਐਨਾਲਾਗ ਅਤੇ ਹੋਰ ਉੱਚ ਪੱਧਰੀ ਸਹੂਲਤਾਂ ਨਾਲ ਲੈਸ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਲਾਇਬ੍ਰੇਰੀ ਵਿੱਚ ਸਮਕਾਲੀ ਸਾਹਿਤ ਅਤੇ ਪਾਠਕ੍ਰਮ ਦੀਆਂ ਕਿਤਾਬਾਂ ਤੇ ਵਿਸ਼ਵ ਪੱਧਰੀ ਪੁਸਤਕਾਂ ਹਨ, ਜੋ ਸਿੱਖਣ ਦਾ ਅਮੀਰ ਤਜਰਬਾ ਮੁਹੱਈਆ ਕਰਦੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਲਾਇਬ੍ਰੇਰੀਆਂ ਗਿਆਨ ਅਤੇ ਸਾਹਿਤ ਦਾ ਅਸਲ ਭੰਡਾਰ ਹਨ ਅਤੇ ਇਹ ਸਾਡੇ ਸਾਰਿਆਂ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਅਤਿ-ਆਧੁਨਿਕ ਲਾਇਬ੍ਰੇਰੀਆਂ ਵਿੱਚ ਵੱਖ-ਵੱਖ ਵਿਸ਼ਿਆਂ 'ਤੇ ਕੀਮਤੀ ਕਿਤਾਬਾਂ ਹਨ, ਜੋ ਪੁਸਤਕ ਪ੍ਰੇਮੀਆਂ ਨੂੰ ਆਕਰਸ਼ਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਪੇਂਡੂ ਖੇਤਰਾਂ ਵਿੱਚ ਸਿੱਖਿਆ, ਸਾਖਰਤਾ ਅਤੇ ਭਾਈਚਾਰਕ ਸਾਂਝ ਨੂੰ ਉਤਸ਼ਾਹਿਤ ਕਰਨ ਵੱਲ ਵੱਡਾ ਕਦਮ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਜਨਤਕ ਲਾਇਬ੍ਰੇਰੀਆਂ ਗਿਆਨ ਦੇ ਚਾਨਣ ਮੁਨਾਰੇ ਸਾਬਤ ਹੋ ਰਹੀਆਂ ਹਨ ਅਤੇ ਸਾਡਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਪੰਜਾਬ ਦਾ ਹਰ ਨਾਗਰਿਕ ਇਨ੍ਹਾਂ ਤੋਂ ਲਾਭ ਉਠਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਲਾਇਬ੍ਰੇਰੀਆਂ ਨੌਜਵਾਨਾਂ ਵਿੱਚ ਪੜ੍ਹਨ ਦੀਆਂ ਰੁਚੀਆਂ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੇ ਅਕਾਦਮਿਕ ਅਤੇ ਨਿੱਜੀ ਵਿਕਾਸ ਵਿੱਚ ਯੋਗਦਾਨ ਪਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਲਾਇਬ੍ਰੇਰੀਆਂ ਕਮਿਊਨਿਟੀ ਹੱਬ ਵਜੋਂ ਕੰਮ ਕਰਦੀਆਂ ਹਨ, ਜਿੱਥੇ ਸਿੱਖਣ, ਸੰਵਾਦ ਅਤੇ ਸੱਭਿਆਚਾਰਕ ਆਦਾਨ-ਪ੍ਰਦਾਨ ਲਈ ਅਨੁਕੂਲ ਵਾਤਾਵਰਣ ਮੁਹੱਈਆ ਕੀਤਾ ਜਾਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਇਹ ਲਾਇਬ੍ਰੇਰੀਆਂ, ਵਿਦਿਅਕ ਸਰੋਤਾਂ ਤੱਕ ਪਹੁੰਚ ਵਿਚਲੇ ਪਾੜੇ ਨੂੰ ਦੂਰ ਕਰਦੀਆਂ ਹਨ ਅਤੇ ਇਹ ਯਕੀਨੀ ਬਣਾਉਂਦੀਆਂ ਹਨ ਕਿ ਹਰ ਕਿਸੇ ਨੂੰ ਸਿੱਖਣ ਤੇ ਅੱਗੇ ਵਧਣ ਦਾ ਮੌਕਾ ਮਿਲੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਹਰੇਕ ਵਿਧਾਨ ਸਭਾ ਹਲਕੇ ਵਿੱਚ ਆਧੁਨਿਕ ਲਾਇਬ੍ਰੇਰੀਆਂ ਸਥਾਪਤ ਕਰਨ ਦੀ ਯੋਜਨਾ ਲਾਗੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਲਾਇਬ੍ਰੇਰੀਆਂ ਡਿਜੀਟਲ ਤੌਰ 'ਤੇ ਆਪਸ ਵਿੱਚ ਜੁੜੀਆਂ ਹੋਈਆਂ ਹਨ ਅਤੇ ਹਾਈ-ਸਪੀਡ ਇੰਟਰਨੈੱਟ ਨਾਲ ਲੈਸ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਉਨ੍ਹਾਂ ਦੇ ਅਕਾਦਮਿਕ ਅਤੇ ਕਰੀਅਰ ਵਿੱਚ ਸਹਾਇਤਾ ਕਰਨ ਲਈ ਇਨ੍ਹਾਂ ਲਾਇਬ੍ਰੇਰੀਆਂ ਵਿੱਚ ਸਿਖਲਾਈ ਪ੍ਰਾਪਤ ਲਾਇਬ੍ਰੇਰੀਅਨ ਉਪਲਬਧ ਹਨ। ਭਗਵੰਤ ਸਿੰਘ ਮਾਨ ਨੇ ਵਿਦਿਆਰਥੀਆਂ, ਮਾਪਿਆਂ ਅਤੇ ਭਾਈਚਾਰੇ ਦੇ ਮੈਂਬਰਾਂ ਨੂੰ ਸਿੱਖਣ, ਖੋਜ ਅਤੇ ਸਵੈ-ਵਿਕਾਸ ਲਈ ਲਾਇਬ੍ਰੇਰੀਆਂ ਦੀ ਸਰਗਰਮੀ ਨਾਲ ਵਰਤੋਂ ਕਰਨ ਦੀ ਅਪੀਲ ਵੀ ਕੀਤੀ
Get all latest content delivered to your email a few times a month.