ਤਾਜਾ ਖਬਰਾਂ
ਲੋੜਵੰਦਾਂ ਦੇ ਮਸੀਹਾ ਵਜੋਂ ਮਸ਼ਹੂਰ, ਦੁਬਈ ਦੇ ਪ੍ਰਸਿੱਧ ਉਦਯੋਗਪਤੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਗੁਰਦਾਸਪੁਰ ਜ਼ਿਲ੍ਹੇ ਦੇ ਕਸਬਾ ਧਾਰੀਵਾਲ ਨੇੜਲੇ ਪਿੰਡ ਸਰਸਪੁਰ ਸਾਲਾ ਦੇ 20 ਸਾਲਾ ਗਗਨਦੀਪ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਲਿਆਂਦਾ ਗਿਆ।
ਡਾ. ਓਬਰਾਏ ਨੇ ਦੱਸਿਆ ਕਿ ਗਗਨਦੀਪ ਸਿੰਘ ਸਿਰਫ਼ ਛੇ ਮਹੀਨੇ ਪਹਿਲਾਂ ਹੀ ਆਪਣੇ ਪਰਿਵਾਰ ਦੀ ਗ਼ੁਰਬਤ ਦੂਰ ਕਰਨ ਲਈ ਦੁਬਈ ਪਹੁੰਚਿਆ ਸੀ, ਪਰ 10 ਜੂਨ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਉਸਦੀ ਮੌਤ ਹੋ ਗਈ। ਕੁਝ ਦਿਨ ਪਹਿਲਾਂ ਦੁਬਈ ਸਥਿਤ ਭਾਰਤੀ ਦੂਤਾਵਾਸ ਨੇ ਡਾ. ਓਬਰਾਏ ਨਾਲ ਸੰਪਰਕ ਕਰਕੇ ਜਾਣਕਾਰੀ ਦਿੱਤੀ ਕਿ ਇੱਕ ਨੌਜਵਾਨ ਦੀ ਮ੍ਰਿਤਕ ਦੇਹ ਲਾਵਾਰਿਸ ਪਈ ਹੈ। ਸਾਰੀ ਜਾਣਕਾਰੀ ਇਕੱਤਰ ਕਰਕੇ, ਟਰੱਸਟ ਦੀ ਗੁਰਦਾਸਪੁਰ ਟੀਮ ਦੇ ਪ੍ਰਧਾਨ ਰਵਿੰਦਰ ਸਿੰਘ ਮਠਾੜੂ ਰਾਹੀਂ ਗਗਨਦੀਪ ਦੇ ਪਰਿਵਾਰ ਨੂੰ ਇਸ ਅਣਹੋਣੀ ਬਾਰੇ ਸੂਚਿਤ ਕੀਤਾ ਗਿਆ।
ਭਾਰਤੀ ਦੂਤਾਵਾਸ ਦੇ ਸਹਿਯੋਗ ਅਤੇ ਡਾ. ਓਬਰਾਏ ਦੇ ਨਿੱਜੀ ਸਹਾਇਕ ਬਲਦੀਪ ਸਿੰਘ ਚਾਹਲ ਦੀ ਦੇਖ-ਭਾਲ ਵਿੱਚ ਲੋੜੀਂਦੀ ਕਾਗਜ਼ੀ ਕਾਰਵਾਈ ਪੂਰੀ ਕਰਕੇ, ਡਾ. ਓਬਰਾਏ ਨੇ ਆਪਣੇ ਖ਼ਰਚ ਤੇ ਮ੍ਰਿਤਕ ਸਰੀਰ ਭਾਰਤ ਭੇਜਿਆ। ਅੰਮ੍ਰਿਤਸਰ ਹਵਾਈ ਅੱਡੇ ਤੋਂ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ ਅਤੇ ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ ਨੇ ਮ੍ਰਿਤਕ ਦੇਹ ਪ੍ਰਾਪਤ ਕਰਕੇ 'ਮੁਫ਼ਤ ਐਂਬੂਲੈਂਸ ਸੇਵਾ' ਰਾਹੀਂ ਪਰਿਵਾਰ ਦੇ ਘਰ ਤੱਕ ਪਹੁੰਚਾਇਆ।
ਡਾ. ਓਬਰਾਏ ਨੇ ਕਿਹਾ ਕਿ ਜਲਦ ਹੀ ਪਰਿਵਾਰ ਦੀ ਆਰਥਿਕ ਹਾਲਤ ਦਾ ਅੰਦਾਜ਼ਾ ਲਗਾ ਕੇ, ਗਗਨਦੀਪ ਦੇ ਪਰਿਵਾਰ ਨੂੰ ਮਹੀਨਾਵਾਰ ਪੈਨਸ਼ਨ ਵੀ ਦਿੱਤੀ ਜਾਵੇਗੀ। ਇਸ ਮੌਕੇ 'ਤੇ ਹਵਾਈ ਅੱਡੇ 'ਤੇ ਪਹੁੰਚੇ ਗਗਨਦੀਪ ਦੇ ਭਰਾ ਅਕਾਸ਼ਦੀਪ ਸਿੰਘ, ਰਾਜਾ, ਆਸ਼ਿਸ਼, ਮਾਮੇ ਵਿੱਕੀ, ਸਿਮੌਨ ਮਸੀਹ, ਇੰਦਰਾਜ਼ ਮਸੀਹ ਆਦਿ ਨੇ ਡਾ. ਓਬਰਾਏ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਦੀ ਮਦਦ ਨਾਲ ਹੀ ਉਹ ਗਗਨਦੀਪ ਦੇ ਅੰਤਿਮ ਦਰਸ਼ਨ ਕਰ ਸਕੇ।
Get all latest content delivered to your email a few times a month.