ਤਾਜਾ ਖਬਰਾਂ
• ਪੰਜਾਬ ਸਰਕਾਰ ਵੱਲੋਂ 15 ਅਗਸਤ ਨੂੰ ਪਿੰਡ ਈਸੜੂ ਵਿਖੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਇਆ ਜਾ ਰਿਹਾ ਰਾਜ ਪੱਧਰੀ ਸਮਾਗਮ
• ਕੈਬਨਿਟ ਮੰਤਰੀ ਅਮਨ ਅਰੋੜਾ ਸ਼ਹੀਦ ਨੂੰ ਕਰਨਗੇ ਸ਼ਰਧਾ ਦੇ ਫੁੱਲ ਭੇਟ
ਖੰਨਾ, (ਲੁਧਿਆਣਾ), 13 ਅਗਸਤ: ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵੱਲੋਂ ਗੋਆ ਦੀ ਅਜ਼ਾਦੀ ਦੇ ਮਹਾਨ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ 'ਤੇ ਪੰਜਾਬ ਸਰਕਾਰ ਵੱਲੋਂ 15 ਅਗਸਤ ਨੂੰ ਪਿੰਡ ਈਸੜੂ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੇ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਬੁੱਧਵਾਰ ਨੂੰ ਪਿੰਡ ਈਸੜੂ ਵਿਖੇ ਮੀਟਿੰਗ ਕੀਤੀ।
ਇਸ ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਡੀ.ਸੀ ਹਿਮਾਂਸ਼ੂ ਜੈਨ ਵੱਲੋਂ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਰਾਜ ਪੱਧਰੀ ਸਮਾਗਮ ਨੂੰ ਸਫਲ ਬਣਾਉਣ ਅਤੇ ਪੁਖਤਾ ਪ੍ਰਬੰਧ ਕਰਨ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਸੌਂਪੀਆਂ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਰਾਜ ਪੱਧਰੀ ਸਮਾਗਮ ਵਿੱਚ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸਰਧਾ ਦੇ ਫੁੱਲ ਭੇਟ ਕਰਨ ਲਈ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਪਿ੍ੰਟਿੰਗ ਤੇ ਸਟੇਸ਼ਨਰੀ, ਪ੍ਰਸ਼ਾਸਕੀ ਸੁਧਾਰ ਤੇ ਸ਼ਿਕਾਇਤਾਂ ਨਿਵਾਰਣ, ਰੋਜ਼ਗਾਰ ਉਤਪਤੀ ਤੇ ਸਿਖਲਾਈ ਮੰਤਰੀ, ਪੰਜਾਬ ਅਮਨ ਅਰੋੜਾ ਵਿਸ਼ੇਸ਼ ਤੌਰ ਤੇ ਪਿੰਡ ਈਸੜੂ ਵਿਖੇ ਪੁੱਜਣਗੇ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ ਤੋਂ ਇਲਾਵਾ ਹੋਰ ਪ੍ਰਮੁੱਖ ਸਖਸ਼ੀਅਤਾਂ ਵੀ ਸ਼ਹੀਦ ਕਰਨੈਲ ਸਿੰਘ ਈਸੜੂ ਜੀ ਨੂੰ ਸਰਧਾਂਜਲੀਆਂ ਭੇਟ ਕਰਨਗੀਆਂ।
ਡੀ.ਸੀ ਜੈਨ ਨੇ ਕਿਹਾ ਕਿ ਰਾਜ ਪੱਧਰੀ ਸਮਾਗਮ ਦੇ ਆਯੋਜਨ ਲਈ ਪਿੰਡ ਈਸੜੂ ਵਿਖੇ ਸ਼ਮੂਲੀਅਤ ਕਰਨ ਵਾਲੀ ਸੰਗਤ ਦੇ ਬੈਠਣ ਦਾ ਪ੍ਰਬੰਧ ਤੇ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਹੋਰ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸ਼ਹੀਦ ਕਰਨੈਲ ਸਿੰਘ ਜੀ ਦੇ ਆਦਮਕੱਦ ਬੁੱਤ ਅਤੇ ਸਮਾਰਕ ਦੀ ਦਿੱਖ ਸਵਾਰਨ ਅਤੇ ਸ਼ਮਿਆਨਾ ਆਦਿ ਲਗਾਉਣ ਲਈ ਵੀ ਡਿਊਟੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਰਾਜ ਪੱਧਰੀ ਸਮਾਗਮ ਮੌਕੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਖੰਨਾ ਪੁਲਸ ਵੱਲੋਂ ਕੀਤੇ ਜਾਣਗੇ। ਇਸ ਮੌਕੇ ਪਾਰਕਿੰਗ ਅਤੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵੀ ਪੁਲਿਸ ਵਿਭਾਗ ਨੂੰ ਜਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਦੱਸਿਆ ਕਿ ਨਿਰਵਿਘਨ ਬਿਜਲੀ ਦੀ ਸਪਲਾਈ ਚਾਲੂ ਰੱਖਣ ਲਈ ਪੀ.ਐਸ.ਪੀ.ਸੀ.ਐਲ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ।
ਇਸ ਮੌਕੇ ਉਨ੍ਹਾਂ ਦੇ ਨਾਲ ਸਹਾਇਕ ਕਮਿਸ਼ਨਰ (ਯੂ.ਟੀ) ਡਾ. ਪ੍ਰਗਤੀ ਰਾਣੀ ਆਈ.ਏ.ਐਸ, ਐਸ.ਡੀ.ਐਮ. ਖੰਨਾ ਡਾ. ਬਲਜਿੰਦਰ ਸਿੰਘ ਢਿੱਲੋਂ, ਚੇਅਰਮੈਨ ਮਾਰਕੀਟ ਕਮੇਟੀ ਖੰਨਾ ਜਗਤਾਰ ਸਿੰਘ ਗਿੱਲ ਰਤਨਹੇੜੀ, ਜ਼ਿਲ੍ਹਾ ਪਲਾਨਿੰਗ ਬੋਰਡ ਦੇ ਮੈਂਬਰ ਮਾਸਟਰ ਅਵਤਾਰ ਸਿੰਘ ਦਹਿੜੂ, ਹਲਕਾ ਖੰਨਾ ਦੇ ਕਿਸਾਨ ਵਿੰਗ ਦੇ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਲਿਬੜਾ, ਤਹਿਸੀਲਦਾਰ ਕਿਰਨਦੀਪ ਕੌਰ ਜੌਹਲ, ਬੀ.ਡੀ.ਪੀ.ਓ ਖੰਨਾ ਗੁਰਪ੍ਰੀਤ ਸਿੰਘ, ਰੀਡਰ ਜਸਵੀਰ ਸਿੰਘ, ਐੱਸ.ਐਚ.ਓ ਖੰਨਾ ਸੁਖਵਿੰਦਰਪਾਲ ਸਿੰਘ ਸੋਹੀ, ਸਰਪੰਚ ਜਤਿੰਦਰਜੋਤ ਸਿੰਘ ਈਸੜੂ, ਪੰਚਾਇਤ ਅਫਸਰ ਕੁਲਦੀਪ ਸਿੰਘ ਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Get all latest content delivered to your email a few times a month.