IMG-LOGO
ਹੋਮ ਪੰਜਾਬ: ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਮਲਟੀਪਰਪਜ ਸਪੋਰਟਸ ਸਟੇਡੀਅਮ ਪਠਾਨਕੋਟ...

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਮਲਟੀਪਰਪਜ ਸਪੋਰਟਸ ਸਟੇਡੀਅਮ ਪਠਾਨਕੋਟ ਵਿਖੇ ਲਹਿਰਾਇਆ ਤਿਰੰਗਾ

Admin User - Aug 15, 2025 06:02 PM
IMG

ਵਧੀਆ ਕਾਰਗੁਜਾਰੀ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਿਸ਼ੇਸ਼ ਤੌਰ ‘ਤੇ ਕੀਤਾ ਸਨਮਾਨਤ

ਚੰਡੀਗੜ੍ਹ / ਪਠਾਨਕੋਟ, 15 ਅਗਸਤ: 

ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਆਜਾਦੀ ਦਿਹਾੜੇ ਤੇ ਜ਼ਿਲ੍ਹਾ ਪਠਾਨਕੋਟ ਦੇ ਮਲਟੀਪਰਪਜ਼ ਸਪੋਰਟਸ ਸਟੇਡੀਅਮ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਆਜਾਦੀ ਦਿਹਾੜੇ ਸਮਾਰੋਹ ਮੌਕੇ ਮੁੱਖ ਮਹਿਮਾਨ ਵਜੋਂ ਹਾਜਰ ਹੋ ਕੇ ਰਾਸ਼ਟਰੀ ਝੰਡਾ ਤਿਰੰਗਾ ਲਹਿਰਾਉਂਣ ਦੀ ਰਸਮ ਅਦਾ ਕੀਤੀ।

ਕੈਬਨਿਟ ਮੰਤਰੀ ਨੇ ਰਾਸਟਰੀ ਝੰਡਾ ਲਹਿਰਾਉਂਣ ਤੋਂ ਬਾਅਦ ਪਰੇਡ ਦਾ ਨਿਰੀਖਣ ਕੀਤਾ ਅਤੇ ਜਿਲ੍ਹਾ ਵਾਸੀਆਂ ਦੇ ਨਾਂ ਸੰਦੇਸ਼ ਦਿੱਤਾ। ਇਸ ਉਪਰੰਤ ਮੁੱਖ ਮਹਿਮਾਨ ਨੇ ਪੰਜਾਬ ਪੁਲਿਸ, ਮਹਿਲਾ ਪੰਜਾਬ ਪੁਲਿਸ, ਹੋਮ ਗਾਰਡ, ਐਨ.ਸੀ.ਸੀ. ਅਤੇ ਵੱਖ-ਵੱਖ ਸਕੂਲੀ ਬੱਚਿਆਂ ਦੀਆਂ ਟੁੱਕੜੀਆਂ ਵੱਲੋਂ ਕੱਢੇ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ। 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਜ) ਪਠਾਨਕੋਟ ਸ੍ਰੀ ਹਰਦੀਪ ਸਿੰਘ ਅਤੇ ਐਸ.ਐਸ.ਪੀ ਸ੍ਰੀ ਦਲਜਿੰਦਰ ਸਿੰਘ ਢਿੱਲੋਂ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

ਅਪਣੇ ਸੰਬੋਧਨ ਦੌਰਾਨ ਮੁੱਖ ਮਹਿਮਾਨ ਡਾ. ਰਵਜੋਤ ਸਿੰਘ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਿਤ ਕਰਦਿਆਂ ਜ਼ਿਲ੍ਹਾ ਪਠਾਨਕੋਟ ਦੇ ਨਿਵਾਸੀਆਂ ਅਤੇ ਭਾਰਤ ਵਾਸੀਆਂ ਨੂੰ ਦੇਸ਼ ਦੇ 79ਵੇਂ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ। ਉਨ੍ਹਾਂ ਪੰਜਾਬ ਸਰਕਾਰ ਦੀ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧਤਾ ਦਰਸਾਉਂਦਿਆਂ ਕਿਹਾ ਕਿ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਗਈ ਹੈ ਅਤੇ ਇਸ ਵਿੱਤੀ ਸਹਾਇਤਾ ਸਕੀਮ ਅਧੀਨ ਅਗਨੀਵੀਰਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਖੇਡਾਂ ਵਿਚ ਦੇਸ਼ ਦਾ ਮੁੜ ਮੋਹਰੀ ਸੂਬਾ ਬਣਾਉਣ ਲਈ ਓਲੰਪਿਕ ਖੇਡਾਂ ਤੇ ਏਸ਼ੀਅਨ ਖੇਡਾਂ ਵਿੱਚ ਹਿੱਸਾ ਲੈਣ ਗਏ ਖਿਡਾਰੀਆਂ ਨੂੰ ਤਿਆਰੀ ਲਈ ਕ੍ਰਮਵਾਰ 15 ਲੱਖ ਅਤੇ 8 ਲੱਖ ਰੁਪਏ ਪ੍ਰਤੀ ਖਿਡਾਰੀ ਰਾਸ਼ੀ ਦਿੱਤੀ ਜਾ ਰਹੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਸਾਨੂੰ ਮਿਲ ਜੁਲ ਕੇ ਦੇਸ਼ ਦੀ ਉਨਤੀ ਵਿੱਚ ਸਾਥ ਦੇਣਾ ਚਾਹੀਦਾ ਹੈ ਅਤੇ ਸ਼ਹੀਦਾਂ ਵਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਨੂੰ ਵੀ ਹਮੇਸ਼ਾ ਯਾਦ ਰੱਖਣ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਨੇ ਸਰਕਾਰ ਵੱਲੋਂ ਹਾਸਲ ਕੀਤੀਆਂ ਗਈਆਂ ਉਪਲਬੱਧੀਆਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦੇ ਹੋਏ ਹਰ ਖੇਤਰ ਵਿੱਚ ਕੀਤੇ ਗਏ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਦਿੱਤੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਵਿੱਚ ਅੱਜ ਪੰਜਾਬ ਬਿਜਲੀ, ਖੇਤੀਬਾੜੀ, ਸਿੱਖਿਆ, ਲਾਅ ਐਂਡ ਆਡਰ, ਨਾਗਰਿਕ ਸੇਵਾਵਾਂ, ਯੁੱਧ ਨਸਿਆਂ ਵਿਰੁੱਧ,  ਬੁਨਿਆਦੀ ਢਾਂਚੇ, ਸ਼ਹਿਰੀ ਵਿਕਾਸ, ਪਿੰਡਾਂ ਦੇ ਸਰਵਪੱਖੀ ਵਿਕਾਸ, ਪੰਚਾਇਤੀ ਜ਼ਮੀਨਾਂ ’ਤੋਂ ਨਾਜਾਇਜ਼ ਕਬਜੇ ਛੁਡਾਉਣ, ਸਿਹਤ, ਨਿਵੇਸ਼ ਪੱਖੀ ਮਾਹੌਲ ਸਿਰਜਣ ਅਤੇ ਉਦਯੋਗ ਦੇ ਖੇਤਰ ਵਿੱਚ ਨਾਮਣਾ ਖੱਟ ਰਿਹਾ ਹੈ।

ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਵੱਲੋਂ ਦਿੱਤੇ ਅਥਾਹ ਪਿਆਰ ਸਕਦਾ ਮੁੱਖ ਮੰਤਰੀ ਬਣੇ ਸ. ਭਗਵੰਤ ਸਿੰਘ ਮਾਨ ਨੇ ਜਿੱਥੇ ਆਪਣੇ ਅਹੁਦੇ ਦੀ ਸਹੁੰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਚੁੱਕੀ ਉੱਥੇ ਹੀ ਇਹ ਫੈਸਲਾ ਕੀਤਾ ਕਿ ਸਰਕਾਰੀ ਦਫਤਰਾਂ ਵਿੱਚ ਸ਼ਹੀਦ ਭਗਤ ਸਿੰਘ ਅਤੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੀਆਂ ਤਸਵੀਰਾਂ ਲਾਈਆਂ ਜਾਣ। 

ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਦੇ ਯਤਨਾਂ ਸਦਕਾ ਮੋਹਾਲੀ ਕੌਮਾਂਤਰੀ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ਉੱਤੇ ਰੱਖਿਆ ਗਿਆ ਅਤੇ ਇੱਥੇ ਸ਼ਹੀਦ-ਏ-ਆਜ਼ਮ ਦਾ ਬੁੱਤ ਲਾਇਆ ਗਿਆ। ਪੰਜਾਬ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਅਤੇ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਦੇਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬਹੁਤ ਸਾਰੇ ਕ੍ਰਾਂਤੀਕਾਰੀ ਫੈਸਲੇ ਲਾਗੂ ਕੀਤੇ ਹਨ। ਬਹੁਤ ਸਾਰੀਆਂ ਲੋਕ ਪੱਖੀ ਸਕੀਮਾਂ ਤੇ ਨੀਤੀਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸ਼ੁਰੂ ਕੀਤੀਆਂ ਹਨ।

ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਦਾ ਵਿਸਥਾਰ, ਨਵੀਆਂ ਐਂਬੂਲੈਂਸਾਂ, ਮੁਫਤ ਬਿਜਲੀ, ਈਜ਼ੀ ਰਜਿਸਟਰੀ, ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਪੰਜਾਬ ਦੇ ਸਾਰੇ ਪਿੰਡਾਂ ਦੇ ਛੱਪੜਾਂ ਤੇ ਟੋਭਿਆ ਦੀ ਸਫਾਈ, ਟੇਲਾਂ ਤੱਕ ਪਾਣੀ ਪੁੱਜਦਾ ਕਰਨਾ , ਯੁੱਧ ਨਸ਼ਿਆਂ ਵਿਰੁੱਧ, ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ, ਪੇਂਡੂ ਖੇਡ ਮੈਦਾਨਾਂ ਦੀ ਉਸਾਰੀ, ਖਿਡਾਰੀਆਂ ਨੂੰ ਨੌਕਰੀ ਤੇ ਵੱਡੇ ਖੇਡ ਮੁਕਾਬਲਿਆਂ ਤੋਂ ਪਹਿਲਾਂ ਤਿਆਰੀ ਭੱਤੇ ਦੇਣੇ, ਸਾਰਿਆਂ ਲਈ 10 ਲੱਖ ਦਾ ਸਿਹਤ ਬੀਮਾ ਅਤੇ ਸਨਅਤਾਂ ਦੇ ਵਿਕਾਸ ਲਈ ਉਦਯੋਗਪਤੀਆਂ ਦੀਆਂ ਕਮੇਟੀਆਂ ਦਾ ਗਠਨ, ਅਜਿਹੇ ਫੈਸਲੇ ਹਨ, ਜਿਸ ਨਾਲ ਪੰਜਾਬ ਤਰੱਕੀ ਦੀਆਂ ਨਵੀਆਂ ਇਬਾਰਤਾਂ ਲਿਖਣ ਵੱਲ ਕਦਮ ਵਧਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਅਧਿਆਪਕਾਂ ਨੂੰ ਵਿਦੇਸ਼ਾਂ ‘ਚ ਸਿਖਲਾਈ ਦੇ ਰਹੀ ਹੈ। ਇਸੇ ਤਰ੍ਹਾਂ 55 ਹਜ਼ਾਰ ਤੋਂ ਜ਼ਿਆਦਾ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਕਿਰਤ ਕਾਨੂੰਨ ਸੌਖੇ ਕੀਤੇ ਗਏ ਹਨ ਤੇ ਭੀਖ ਮੰਗਣ ਵਾਲਿਆਂ ਖਿਲਾਫ ਵੱਡੀ ਮੁਹਿੰਮ ਚਲਾਈ ਗਈ ਹੈ, ਦੇਸ਼ ਭਰ ਵਿੱਚ ਆਪਣੀ ਤਰ੍ਹਾਂ ਦੀ ਵਿਸ਼ੇਸ਼ ‘ਸੜਕ ਸੁਰੱਖਿਆ ਫੋਰਸ ਨੇ ਸੜਕੀ ਹਾਦਸਿਆਂ ਵਿੱਚ ਵੱਡੀ ਕਮੀ ਲਿਆਂਦੀ ਹੈ। ਇਸ ਫੋਰਸ ਨੂੰ 144 ਅਤਿ-ਆਧੁਨਿਕ ਗੱਡੀਆਂ ਦਿੱਤੀਆਂ ਗਈਆਂ ਹਨ। ਇਸ ਸਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਮਨਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਸੱਤਾ ਸੰਭਾਲਣ ਤੋਂ ਪਹਿਲਾਂ ਪੰਜਾਬ ਵਾਸੀਆਂ ਨੂੰ ਮੁਫਤ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ ਅਤੇ ਤੁਹਾਨੂੰ ਇਹ ਜਾਣ ਕੇ ਖੁਸ਼ੀ ਹੋਵੇਗੀ ਕਿ 1 ਜੁਲਾਈ, 2022 ਤੋਂ ਬਾਅਦ ਹਰੇਕ ਵਰਗ ਨੂੰ 600 ਯੂਨਿਟ ਮੁਫਤ ਬਿਜਲੀ ਦਿੱਤੀ ਜਾ ਰਹੀ ਹੈ। 90 ਫੀਸਦੀ ਖਪਤਕਾਰਾਂ ਦਾ ਬਿਜਲੀ ਬਿੱਲ ਜ਼ੀਰੋ ਆ ਰਿਹਾ ਹੈ ਅਤੇ ਕਿਸਾਨਾਂ ਨੂੰ ਵੀ ਮੁਫਤ ਤੇ ਪੂਰੀ ਬਿਜਲੀ ਨਿਰੰਤਰ ਦਿੱਤੀ ਜਾ ਰਹੀ ਹੈ। ਝੋਨੇ ਦੇ ਮੌਜੂਦਾ ਸੀਜ਼ਨ ਦੌਰਾਨ ਖੇਤੀਬਾੜੀ ਨੂੰ 8 ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ 118 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ ‘ਸਕੂਲ ਆਫ਼ ਐਮੀਨੈਂਸ’ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਦੇ ਤੀਜੇ ਪੜਾਅ ਦੇ ਹਿੱਸੇ ਵਜੋਂ ਸਾਰੇ ਸਰਕਾਰੀ ਸਕੂਲਾਂ ਵਿੱਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਇੱਕ ਨਿਵੇਕਲਾ ਨਸ਼ਾ ਰੋਕਥਾਮ ਪਾਠਕ੍ਰਮ ਸ਼ੁਰੂ ਕੀਤਾ ਗਿਆ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਅੱਵਲ ਦਰਜੇ ਦੀਆਂ ਸਿਹਤ ਸੇਵਾਵਾਂ ਮੁੱਹਈਆ ਕਰਵਾਉਣ ਲਈ ਸੂਬੇ ਵਿੱਚ 881 ਆਮ ਆਦਮੀ ਕਲੀਨਿਕ ਚਲਾਏ ਜਾ ਰਹੇ ਹਨ, ਜਿਨ੍ਹਾਂ ਵਿੱਚ 107 ਕਿਸਮ ਦੀਆਂ ਦਵਾਈਆਂ ਅਤੇ 47 ਕਿਸਮ ਦੇ ਲੈਬ ਟੈਸਟ ਬਿਲਕੁਲ ਮੁਫ਼ਤ ਕੀਤੇ ਜਾਂਦੇ ਹਨ। ਨੇੜਲੇ ਭਵਿੱਖ ਵਿੱਚ ਸਰਕਾਰ ਵੱਲੋਂ 200 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁੜ ਸੂਬੇ ਨੂੰ ‘ਰੰਗਲਾ ਪੰਜਾਬ, ਹੱਸਦਾ ਖੇਡਦਾ ਤੇ ਖੁਸ਼ਹਾਲ ਪੰਜਾਬ ਬਣਾਉਣ ਲਈ ਤਤਪਰ ਹੈ ਅਤੇ ਇਸ ਦਿਸ਼ਾ ਵਿਚ ਲਗਾਤਾਰ ਉਪਰਾਲੇ ਹੋ ਰਹੇ ਹਨ।

ਸਮਾਗਮ ਵਿੱਚ ਹੋਰਨਾਂ ਤੋਂ ਇਲਾਵਾ ਸ੍ਰੀ ਵਿਭੂਤੀ ਹਲਕਾ ਇੰਚਾਰਜ, ਠਾਕੁਰ ਮਨੋਹਰ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਨਰੋਟ ਜੈਮਲ ਸਿੰਘ, ਸੁਨੀਲ ਗੁਪਤਾ ਚੇਅਰਮੈਨ ਪੈਸਕੋ ਪੰਜਾਬ, ਅਸਵਨੀ ਸ਼ਰਮਾ ਵਿਧਾਇਕ ਪਠਾਨਕੋਟ, ਵਿਕਾਸ ਸੈਣੀ ਚੇਅਰਮੈਨ ਮਾਰਕੀਟ ਕਮੇਟੀ ਪਠਾਨਕੋਟ, ਸੌਰਭ ਬਹਿਲ ਮੈਂਬਰ ਗਾਊਸਾਲਾ, ਗੌਤਮ ਮਾਨ, ਸੁਭਾਸ਼ ਵਰਮਾ, ਰੇਖਾ ਮਨੀ ਸਰਮਾ ਪੰਜਾਬ ਸਟੇਟ ਸਕੱਤਰ, ਨਰੇਸ਼ ਕੁਮਾਰੀ ਜਿਲ੍ਹਾ ਪ੍ਰਧਾਨ ਮਹਿਲਾ ਵਿੰਗ, ਮਾਸਟਰ ਮੋਹਣ ਲਾਲ ਸਾਬਕਾ ਕੈਬਨਿਟ ਮੰਤਰੀ, ਸਾਹਿਬ ਸਿੰਘ ਸਾਬਾ, ਬਲਜਿੰਦਰ ਸਿੰਘ, ਰੋਹਿਤ ਸਿਆਲ, ਅਸੋਕ ਕੁਮਾਰ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਵੀ ਹਾਜ਼ਰ ਸਨ।

ਸਮਾਰੋਹ ਦੇ ਅੰਤ ਵਿੱਚ ਪ੍ਰੇਡ ਕਮਾਂਡਰਸ ਨੂੰ ਸਨਮਾਨਤ ਕੀਤਾ ਗਿਆ ਅਤੇ ਜਿਲ੍ਹਾ ਪ੍ਰਸਾਸਨ ਵੱਲੋਂ ਮੁੱਖ ਮਹਿਮਾਨ ਕੈਬਨਿਟ ਮੰਤਰੀ ਪੰਜਾਬ ਡਾ. ਰਵਜੋਤ ਸਿੰਘ ਨੂੰ ਯਾਦਗਾਰ ਚਿਨ੍ਹ ਭੇਂਟ ਕਰਕੇ ਸਨਮਾਨਤ ਕੀਤਾ ਗਿਆ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.