ਤਾਜਾ ਖਬਰਾਂ
* ਸੁਤੰਤਰਤਾ ਦਿਵਸ ਮੌਕੇ ਫ਼ਰੀਦਕੋਟ ਵਿੱਚ ਸੂਬਾ ਪੱਧਰੀ ਸਮਾਰੋਹ ਦੌਰਾਨ ਲਹਿਰਾਇਆ ਕੌਮੀ ਝੰਡਾ
* ਕੌਮੀ ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਦੇ ਅਹਿਮ ਯੋਗਦਾਨ ਨੂੰ ਕੀਤਾ ਚੇਤੇ
* ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਸੂਬਾ ਸਰਕਾਰ ਦਾ ਫ਼ਰਜ਼ ਦੁਹਰਾਇਆ
* ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਪਹਿਲਕਦਮੀਆਂ ਨਾਲ ਸੂਬੇ ਦੇ ਪੜਾਅਵਾਰ ਵਿਕਾਸ ਦੀ ਤਸਵੀਰ ਕੀਤੀ ਪੇਸ਼
ਫ਼ਰੀਦਕੋਟ, 15 ਅਗਸਤ-
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬੀਆਂ ਨੂੰ ਸੱਦਾ ਦਿੱਤਾ ਕਿ ਉਹ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾ ਕੇ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਦਾ ਸੰਕਲਪ ਲੈਣ ਤਾਂ ਕਿ ਖ਼ੁਸ਼ਹਾਲ ਤੇ ਗਤੀਸ਼ੀਲ ਰੰਗਲਾ ਪੰਜਾਬ ਬਣਾਇਆ ਜਾ ਸਕੇ।
ਇੱਥੇ ਜਵਾਹਰ ਲਾਲ ਨਹਿਰੂ ਸਟੇਡੀਅਮ ਵਿਖੇ ਸੁਤੰਤਰਤਾ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ ਦੌਰਾਨ ਤਿਰੰਗਾ ਲਹਿਰਾਉਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਸਾਰੇ ਦੇਸ਼ ਵਾਸੀਆਂ, ਖਾਸ ਕਰਕੇ ਪੰਜਾਬੀਆਂ ਨੂੰ ਤਹਿ ਦਿਲੋਂ ਵਧਾਈ ਦਿੱਤੀ। ਉਨ੍ਹਾਂ ਨੇ ਫ਼ਰੀਦਕੋਟ ਦੀ ਪਵਿੱਤਰ ਧਰਤੀ `ਤੇ ਮਹਾਨ ਸੂਫ਼ੀ ਸੰਤ ਬਾਬਾ ਫ਼ਰੀਦ ਜੀ ਨੂੰ ਸ਼ਰਧਾ ਅਤੇ ਸਤਿਕਾਰ ਵੀ ਭੇਟ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਾਬਾ ਫ਼ਰੀਦ ਜੀ ਨੂੰ ਪੰਜਾਬੀ ਸਾਹਿਤ ਦਾ ਪਹਿਲਾ ਮਹਾਨ ਕਵੀ ਮੰਨਿਆ ਜਾਂਦਾ ਹੈ ਕਿਉਂਕਿ ਉਨ੍ਹਾਂ ਨੇ ਆਮ ਲੋਕਾਂ ਦੀ ਭਾਸ਼ਾ ਵਿੱਚ ਆਪਣੀ ਗੱਲ ਆਖੀ।
ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਆਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਦੀ ਵਿਲੱਖਣ ਅਤੇ ਬੇਮਿਸਾਲ ਭੂਮਿਕਾ ਜੱਗ ਜ਼ਾਹਰ ਹੈ। ਉਨ੍ਹਾਂ ਕਿਹਾ ਕਿ ਇਹ ਵੀ ਇਕ ਰਿਕਾਰਡ ਹੈ ਕਿ 80 ਫੀਸਦੀ ਤੋਂ ਵੱਧ ਮਹਾਨ ਦੇਸ਼ ਭਗਤ ਜਿਨ੍ਹਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਜਾਂ ਕਿਸੇ ਨਾ ਕਿਸੇ ਰੂਪ ਵਿੱਚ ਬਰਤਾਨਵੀ ਸਾਮਰਾਜ ਦੇ ਜੁਲਮ ਦਾ ਸ਼ਿਕਾਰ ਹੋਏ, ਉਹ ਪੰਜਾਬੀ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਦੀਆਂ ਪੁਰਾਣੇ ਬ੍ਰਿਟਿਸ਼ ਸਾਮਰਾਜਵਾਦ ਨੂੰ ਜੜ੍ਹੋਂ ਪੁੱਟਣ ਲਈ ਚੱਲੀਆਂ ਸੁਤੰਤਰਤਾ ਸੰਗਰਾਮ ਨਾਲ ਸਬੰਧਤ ਜ਼ਿਆਦਾਤਰ ਲਹਿਰਾਂ ਦੀ ਅਗਵਾਈ ਬਹਾਦਰ ਪੰਜਾਬੀਆਂ ਨੇ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸ਼ਹੀਦਾਂ ਅਤੇ ਧਰਤੀ ਮਾਂ ਦੇ ਸੱਚੇ ਸਪੂਤਾਂ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਦੀਵਾਨ ਸਿੰਘ ਕਾਲੇਪਾਣੀ, ਬਾਬਾ ਰਾਮ ਸਿੰਘ, ਸੋਹਣ ਸਿੰਘ ਭਕਨਾ ਅਤੇ ਕਈ ਹੋਰ ਅਣਗੌਲੇ ਨਾਇਕਾਂ ਨੇ ਆਜ਼ਾਦੀ ਦੇ ਅੰਤਮ ਟੀਚੇ ਦੀ ਪ੍ਰਾਪਤੀ ਲਈ ਆਪਣੇ ਖ਼ੂਨ ਦਾ ਕਤਰਾ-ਕਤਰਾ ਵਹਾ ਦਿੱਤਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਦੀਆਂ ਵੱਖ-ਵੱਖ ਲਹਿਰਾਂ ਜਿਵੇਂ ਕਿ ਕੂਕਾ, ਗ਼ਦਰ, ਬੱਬਰ ਅਕਾਲੀ, ਕਿਸਾਨ, ਕਾਮਾ ਗਾਟਾ ਮਾਰੂ ਦੁਖਾਂਤ, ਜਲ੍ਹਿਆਂਵਾਲਾ ਬਾਗ ਕਤਲੇਆਮ, ਗੁਰਦੁਆਰਾ ਮੁਕਤੀ ਲਹਿਰ, ਜੈਤੋ ਮੋਰਚਾ ਅਤੇ ਪਰਜਾ ਮੰਡਲ ਲਹਿਰ ਵਿੱਚ ਮਹਾਨ ਯੋਧਿਆਂ ਦੁਆਰਾ ਦਿੱਤੀਆਂ ਗਈਆਂ ਕੁਰਬਾਨੀਆਂ ਸਾਡੀਆਂ ਨੌਜਵਾਨ ਪੀੜ੍ਹੀਆਂ ਵਿੱਚ ਦੇਸ਼ ਭਗਤੀ ਅਤੇ ਰਾਸ਼ਟਰਵਾਦ ਦੀ ਭਾਵਨਾ ਪੈਦਾ ਕਰਨ ਲਈ ਹਮੇਸ਼ਾ ਪ੍ਰੇਰਨਾ ਸਰੋਤ ਰਹਿਣਗੀਆਂ। ਭਗਵੰਤ ਸਿੰਘ ਮਾਨ ਨੇ ਦੁੱਖ ਪ੍ਰਗਟ ਕੀਤਾ ਕਿ ਜਦੋਂ ਦੇਸ਼ ਦਾ ਬਾਕੀ ਹਿੱਸਾ ਆਜ਼ਾਦੀ ਦਾ ਜਸ਼ਨ ਮਨਾ ਰਿਹਾ ਸੀ, ਉਦੋਂ ਵੀ ਪੰਜਾਬ ਇੱਕ ਹਿੰਸਕ ਵੰਡ ਦੇ ਭਿਆਨਕ ਦੌਰ ਵਿੱਚੋਂ ਲੰਘ ਰਿਹਾ ਸੀ, ਜਿਸ ਵਿੱਚ ਲੱਖਾਂ ਪੰਜਾਬੀਆਂ ਨੇ ਆਪਣੀਆਂ ਜਾਨਾਂ ਗੁਆਈਆਂ, ਬੇਘਰ ਹੋਏ ਅਤੇ ਬਹੁਤ ਸਾਰੇ ਹੋਰ ਆਪਣੀਆਂ ਜ਼ਮੀਨਾਂ ਅਤੇ ਜਾਇਦਾਦਾਂ ਗੁਆ ਬੈਠੇ।
ਮੁੱਖ ਮੰਤਰੀ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਵੀ, ਜਦੋਂ ਵੀ ਭਾਰਤ ਨੂੰ ਅੰਦਰੂਨੀ ਜਾਂ ਬਾਹਰੀ ਹਮਲੇ ਦਾ ਸਾਹਮਣਾ ਕਰਨਾ ਪਿਆ ਤਾਂ ਪੰਜਾਬੀਆਂ ਨੇ ਦੇਸ਼ ਦੀ ਅਗਵਾਈ ਕੀਤੀ। ਉਨ੍ਹਾਂ ਕਿਹਾ ਕਿ ਇਹ ਇਕ ਸਰਬ ਪ੍ਰਵਾਨਿਤ ਸੱਚ ਹੈ ਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਸਵੈ-ਨਿਰਭਰ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਭਗਵੰਤ ਸਿੰਘ ਮਾਨ ਨੇ ਭਾਰਤ ਦੀ ਸਖ਼ਤ ਘਾਲਣਾ ਨਾਲ ਹਾਸਲ ਕੀਤੀ ਆਜ਼ਾਦੀ ਦੀ ਗਰਮਜੋਸ਼ੀ ਨਾਲ ਰਾਖੀ ਅਤੇ ਸੰਭਾਲ ਕਰਨ ਤੇ ਸਮੁੱਚੇ ਵਿਕਾਸ, ਸ਼ਾਂਤੀ ਅਤੇ ਖੁਸ਼ਹਾਲੀ ਦੇ ਯੁੱਗ ਦੀ ਸ਼ੁਰੂਆਤ ਕਰਨ ਵਿੱਚ ਪੰਜਾਬੀਆਂ ਦੇ ਸ਼ਾਨਦਾਰ ਯੋਗਦਾਨ ਦੀ ਵੀ ਸ਼ਲਾਘਾ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਜਦੋਂ ਵੀ ਸਾਡੇ ਦੇਸ਼ ਦੀ ਪ੍ਰਭੂਸੱਤਾ ਨੂੰ ਬਾਹਰੀ ਅਤੇ ਅੰਦਰੂਨੀ ਹਮਲੇ ਤੋਂ ਕੋਈ ਖ਼ਤਰਾ ਹੋਇਆ ਤਾਂ ਬਹਾਦਰ ਪੰਜਾਬੀਆਂ ਨੇ ਦੇਸ਼ ਦੀ ਅਖੰਡਤਾ ਅਤੇ ਸਨਮਾਨ ਦੀ ਰੱਖਿਆ ਲਈ ਹਿੱਕ ਡਾਹ ਕੇ ਲੜਾਈ ਲੜੀ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਵਸ ਖੁਸ਼ੀ ਅਤੇ ਜਸ਼ਨਾਂ ਦਾ ਮੌਕਾ ਹੋਣ ਦੇ ਨਾਤੇ ਸੂਬੇ ਦੇ ਤੇਜ਼ੀ ਨਾਲ ਵਿਕਾਸ ਲਈ ਆਤਮ-ਨਿਰੀਖਣ ਅਤੇ ਨਵੇਂ ਟੀਚੇ ਨਿਰਧਾਰਤ ਕਰਨ ਦਾ ਵੀ ਅਹਿਮ ਪਲ ਹੈ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਇੱਕ ਸਦਭਾਵਨਾ ਅਤੇ ਬਰਾਬਰੀ ਵਾਲਾ ਸਮਾਜ ਯਕੀਨੀ ਬਣਾ ਕੇ ਆਜ਼ਾਦੀ ਘੁਲਾਟੀਆਂ ਦੇ ਸੁਪਨੇ ਪੂਰਾ ਕਰਨ ਲਈ ਆਪਣੇ ਆਪ ਨੂੰ ਦੁਬਾਰਾ ਸਮਰਪਿਤ ਕਰਨ ਦੀ ਅਪੀਲ ਕੀਤੀ।
ਮੁੱਖ ਮੰਤਰੀ ਨੇ ਪੰਜਾਬ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਮਜ਼ਬੂਤ ਕਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ ਕਿ ਸੂਬਾ ਭਾਗਾਂ ਵਾਲਾ ਹੈ ਕਿ ਉਸ ਨੂੰ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵੀਂ ਸ਼ਹੀਦੀ ਪੁਰਬ ਮਨਾਉਣ ਦਾ ਮੌਕਾ ਮਿਲਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੀ ਸ਼ਹਾਦਤ ਨੂੰ ਸਮਰਪਿਤ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਅਤੇ ਉਨ੍ਹਾਂ ਦੀ ਚਰਨ ਛੋਹ ਪ੍ਰਾਪਤ ਕਸਬਿਆਂ ਅਤੇ ਪਿੰਡਾਂ ਲਈ ਵਿਕਾਸ ਯੋਜਨਾਵਾਂ ਤਿਆਰ ਕੀਤੀਆਂ ਜਾ ਰਹੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਦੇ ਵਿਕਾਸ ਅਤੇ ਤਰੱਕੀ ਲਈ ਇਤਿਹਾਸਕ ਅਤੇ ਦਲੇਰਾਨਾ ਫੈਸਲੇ ਲਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਾਡੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਸਾਢੇ ਤਿੰਨ ਸਾਲਾਂ ਦੌਰਾਨ ਕਈ ਗਰੰਟੀਆਂ ਪੂਰੀਆਂ ਕੀਤੀਆਂ ਹਨ।
ਪੰਜਾਬ ਸਰਕਾਰ ਵੱਲੋਂ ਕੀਤੀਆਂ ਗਈਆਂ ਲੀਹੋਂ ਹਟਵੀਆਂ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇੱਕ ਇਤਿਹਾਸਕ ਯੋਜਨਾ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਹੈ, ਜਿਸ ਤਹਿਤ ਹਰੇਕ ਪਰਿਵਾਰ ਨੂੰ ਸਰਕਾਰੀ ਜਾਂ ਪ੍ਰਾਈਵੇਟ ਹਸਪਤਾਲ ਵਿੱਚ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਯੋਜਨਾ ਵਿੱਚ ਕਿਸਾਨ, ਵਪਾਰੀ, ਸਰਕਾਰੀ ਕਰਮਚਾਰੀ ਅਤੇ ਪੈਨਸ਼ਨਰ ਸ਼ਾਮਲ ਹੋਣਗੇ। ਇਸ ਲਈ ਕੋਈ ਆਮਦਨ ਹੱਦ ਨਹੀਂ ਹੈ ਅਤੇ ਪੰਜਾਬ ਦੇ ਸਾਰੇ ਤਿੰਨ ਕਰੋੜ ਵਾਸੀ ਇਸ ਸਕੀਮ ਦਾ ਲਾਭ ਲੈ ਸਕਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਵੇਲੇ 881 ਆਮ ਆਦਮੀ ਕਲੀਨਿਕ ਚੱਲ ਰਹੇ ਹਨ, ਜਿੱਥੇ ਰੋਜ਼ਾਨਾ 70,000 ਲੋਕ ਇਲਾਜ ਕਰਵਾਉਂਦੇ ਹਨ ਅਤੇ ਜਲਦੀ ਹੀ 200 ਹੋਰ ਕਲੀਨਿਕ ਖੋਲ੍ਹੇ ਜਾਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸਰਕਾਰੀ ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਵਜੋਂ ਅਪਗ੍ਰੇਡ ਕੀਤਾ ਜਾ ਰਿਹਾ ਹੈ ਅਤੇ ਇਹ ਮਾਣ ਵਾਲੀ ਗੱਲ ਹੈ ਕਿ ਪੰਜਾਬ ਨੇ ਭਾਰਤ ਸਰਕਾਰ ਵੱਲੋਂ ਕਰਵਾਏ ਗਏ ਨੈਸ਼ਨਲ ਅਚੀਵਮੈਂਟ ਸਰਵੇਖਣ ਵਿੱਚ ਕੇਰਲਾ ਨੂੰ ਵੀ ਪਛਾੜ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ 848 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕੀਤੀ ਹੈ, ਜਦੋਂ ਕਿ 265 ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼ ਅਤੇ 45 ਨੇ ਜੇ.ਈ.ਈ. ਐਡਵਾਂਸਡ ਪ੍ਰੀਖਿਆ ਪਾਸ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਾਲ 8ਵੀਂ, 10ਵੀਂ ਅਤੇ 12ਵੀਂ ਦੇ ਨਤੀਜਿਆਂ ਵਿੱਚ ਲੜਕੀਆਂ ਨੇ ਟਾਪ ਕੀਤਾ ਹੈ ਅਤੇ ਸੂਬਾ ਸਰਕਾਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਖਾਸ ਕਰ ਕੇ ਲੜਕੀਆਂ ਲਈ ਟਰਾਂਸਪੋਰਟ ਦੀ ਦੀ ਸਹੂਲਤ ਪ੍ਰਦਾਨ ਕਰ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੂੰ ਸਿਖਲਾਈ ਲਈ ਸਿੰਗਾਪੁਰ, ਫਿਨਲੈਂਡ ਅਤੇ ਅਹਿਮਦਾਬਾਦ ਦੀਆਂ ਨਾਮਵਰ ਸੰਸਥਾਵਾਂ ਵਿੱਚ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 115 ਸਰਕਾਰੀ ਸਕੂਲਾਂ ਦੇ ਨਾਮ ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਅਤੇ ਪ੍ਰਮੁੱਖ ਸ਼ਖਸੀਅਤਾਂ ਦੇ ਨਾਮ `ਤੇ ਰੱਖੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਨਰ-ਅਧਾਰਤ ਸਿੱਖਿਆ ਦੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਸੂਬੇ ਵਿੱਚ ਆਈ.ਟੀ.ਆਈ. ਸੀਟਾਂ ਦੀ ਗਿਣਤੀ 35,000 ਤੋਂ ਵਧਾ ਕੇ 52,000 ਕੀਤੀ ਗਈ ਹੈ।
ਪੰਜਾਬ ਦੀ ਨਸ਼ਿਆਂ ਵਿਰੁੱਧ ਆਰ-ਪਾਰ ਦੀ ਜੰਗ ਲੜਨ ਦੀ ਗੱਲ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਇਸ ਨੇਕ ਕਾਰਜ ਵਿੱਚ ਸੂਬਾ ਸਰਕਾਰ ਦਾ ਸਮਰਥਨ ਕਰਨ ਲਈ ਸਾਰੇ ਪੰਜਾਬੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਡਰੱਗ ਮਾਫੀਆ ਨੂੰ ਸਰਪ੍ਰਸਤੀ ਦਿੱਤੀ, ਜਿਸ ਕਾਰਨ ਨਸ਼ਿਆਂ ਦਾ ਵੱਡੇ ਪੱਧਰ ਉੱਤੇ ਪਸਾਰ ਹੋਇਆ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਯੁੱਧ ਨਸ਼ਿਆਂ ਵਿਰੁੱਧ ਦੇ ਰੂਪ ਵਿੱਚ ਨਸ਼ਿਆਂ ਖ਼ਿਲਾਫ਼ ਵੱਡੀ ਕਾਰਵਾਈ ਸ਼ੁਰੂ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਡਰੱਗ ਸਪਲਾਈ ਨੈੱਟਵਰਕ ਲਗਪਗ ਖ਼ਤਮ ਕਰ ਦਿੱਤਾ ਗਿਆ ਹੈ, ਡਰੱਗ ਡੀਲਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾ ਰਿਹਾ ਹੈ ਅਤੇ ਬੁਲਡੋਜ਼ਰਾਂ ਨੇ ਉਨ੍ਹਾਂ ਦੀਆਂ ਜਾਇਦਾਦਾਂ ਢਾਹੀਆਂ ਹਨ, ਨਸ਼ਿਆਂ ਦੇ ਵਪਾਰ ਵਿੱਚ ਸ਼ਾਮਲ ਆਗੂਆਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ, ਸ਼ਹਿਰਾਂ ਅਤੇ ਪਿੰਡਾਂ ਵਿੱਚ ਬਚਾਅ ਕਮੇਟੀਆਂ ਬਣਾਈਆਂ ਗਈਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਇਸ ਜੰਗ ਨੂੰ ਲੋਕ ਲਹਿਰ ਵਿੱਚ ਬਦਲਿਆ ਗਿਆ ਹੈ ਅਤੇ ਪਿੰਡ ਆਪਣੇ ਆਪ ਨੂੰ ਨਸ਼ਾ ਮੁਕਤ ਐਲਾਨਣ ਦੇ ਮਤੇ ਪਾਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ 553 ਕਿਲੋਮੀਟਰ ਲੰਬੀ ਪੰਜਾਬ-ਪਾਕਿਸਤਾਨ ਸਰਹੱਦ `ਤੇ ਐਂਟੀ-ਡਰੋਨ ਸਿਸਟਮ ਤਾਇਨਾਤ ਕੀਤਾ ਗਿਆ ਹੈ ਅਤੇ ਨਾਲ ਹੀ ਪੰਜਾਬ ਇਹ ਪਹਿਲ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ। ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚੋਂ ਨਸ਼ਿਆਂ ਦੇ ਖ਼ਤਰੇ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦਾ ਸੰਕਲਪ ਦੁਹਰਾਇਆ। ਉਨ੍ਹਾਂ ਇਹ ਵੀ ਦੱਸਿਆ ਕਿ ਗੈਂਗਸਟਰਾਂ ਨੂੰ ਖ਼ਤਮ ਕਰਨ ਲਈ ਇੱਕ ਐਂਟੀ-ਗੈਂਗਸਟਰ ਟਾਸਕ ਫੋਰਸ ਬਣਾਈ ਗਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਢੰਗ ਨਾਲ ਅਤੇ ਮੈਰਿਟ ਦੇ ਆਧਾਰ `ਤੇ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਖੇਡ ਸ਼ਾਨ ਬਹਾਲ ਕਰਨ ਲਈ ਨਵੀਂ ਖੇਡ ਨੀਤੀ (2023) ਲਾਗੂ ਕੀਤੀ ਗਈ ਹੈ ਅਤੇ 13,000 ਆਧੁਨਿਕ ਸਟੇਡੀਅਮ ਬਣਾਏ ਜਾਣਗੇ, ਜਿਨ੍ਹਾਂ ਵਿੱਚੋਂ 3,083 ਨਿਰਮਾਣ ਅਧੀਨ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ "ਖੇਡਾਂ ਵਤਨ ਪੰਜਾਬ ਦੀਆਂ" ਦੇ ਤਿੰਨ ਸੀਜ਼ਨ ਪਹਿਲਾਂ ਹੀ ਕਰਵਾਏ ਜਾ ਚੁੱਕੇ ਹਨ ਅਤੇ ਨੌਜਵਾਨਾਂ ਨੂੰ ਫੀਲਡ ਖੇਡਾਂ ਵਿੱਚ ਨਵੀਆਂ ਉਚਾਈਆਂ ਪ੍ਰਾਪਤ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਤਾਂ ਕਿ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਉਨ੍ਹਾਂ ਦੀ ਊਰਜਾ ਨੂੰ ਉਸਾਰੂ ਪਾਸੇ ਲਾਇਆ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਅੱਜ ਪੰਜਾਬੀ ਹਾਕੀ, ਕ੍ਰਿਕਟ, ਬਾਸਕਟਬਾਲ ਅਤੇ ਹੋਰ ਭਾਰਤੀ ਟੀਮਾਂ ਦੀ ਅਗਵਾਈ ਕਰ ਰਹੇ ਹਨ, ਜਿਸ ਵਿੱਚ ਫ਼ਰੀਦਕੋਟ ਤੋਂ ਅੰਤਰਰਾਸ਼ਟਰੀ ਹਾਕੀ ਖਿਡਾਰੀ ਰੁਪਿੰਦਰ ਸਿੰਘ ਅਤੇ ਨਿਸ਼ਾਨੇਬਾਜ਼ ਸਿਫ਼ਤ ਕੌਰ ਸਮਰਾ ਨੇ ਪੰਜਾਬ ਦਾ ਮਾਣ ਵਧਾਇਆ ਹੈ। ਉਨ੍ਹਾਂ ਕਿਹਾ ਕਿ ਜੁਲਾਈ 2022 ਤੋਂ ਸੂਬੇ ਦੇ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, ਜਿਸ ਨਾਲ ਪ੍ਰਤੀ ਪਰਿਵਾਰ 35,000 ਸਾਲਾਨਾ ਬੱਚਤ ਹੋ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਘਰੇਲੂ, ਉਦਯੋਗ ਅਤੇ ਹੋਰ ਖੇਤਰਾਂ ਦੇ ਨਾਲ-ਨਾਲ ਝੋਨੇ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਮਿਲ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਤਹਿਸੀਲਾਂ ਵਿੱਚੋਂ ਭ੍ਰਿਸ਼ਟਾਚਾਰ ਖ਼ਤਮ ਕਰਨ ਲਈ ਸੂਬਾ ਸਰਕਾਰ ਨੇ ਈਜ਼ੀ-ਰਜਿਸਟ੍ਰੇਸ਼ਨ ਅਤੇ ਈ-ਜਮ੍ਹਾਬੰਦੀ ਸੇਵਾਵਾਂ ਸ਼ੁਰੂ ਕਰਕੇ ਮਾਲੀਆ ਸੁਧਾਰ ਪੇਸ਼ ਕੀਤੇ ਹਨ। ਉਨ੍ਹਾਂ ਅੱਗੇ ਕਿਹਾ ਕਿ ਮਾਰਚ 2022 ਤੋਂ ਸੂਬਾ ਸਰਕਾਰ ਨੂੰ 1.14 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ, ਜਿਸ ਨਾਲ 4.5 ਲੱਖ ਨੌਕਰੀਆਂ ਪੈਦਾ ਹੋਣ ਦੀ ਸੰਭਾਵਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਦਯੋਗਿਕ ਨੀਤੀ ਬਣਾਉਣ ਲਈ 24 ਸੈਕਟਰਲ ਕਮੇਟੀਆਂ ਸਥਾਪਤ ਕੀਤੀਆਂ ਗਈਆਂ ਹਨ, ਉਨ੍ਹਾਂ ਕਿਹਾ ਕਿ ਟਾਟਾ ਸਟੀਲਜ਼ ਅਤੇ ਹੋਰ ਵੱਡੇ ਉਦਯੋਗਪਤੀ ਵਪਾਰ ਪੱਖੀ ਮਾਹੌਲ ਕਾਰਨ ਪੰਜਾਬ ਵਿੱਚ ਨਿਵੇਸ਼ ਕਰਨ ਲਈ ਆ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਪੱਖੋਂ ਪੰਜਾਬ ਦੇਸ਼ ਭਰ ਵਿੱਚੋਂ ਮੋਹਰੀ ਸੀ, ਜਿਸ ਕਾਰਨ ਸੂਬੇ ਵਿੱਚ ਸੜਕ ਸੁਰੱਖਿਆ ਫੋਰਸ ਦਾ ਗਠਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੇ ਅਧਿਐਨ ਅਨੁਸਾਰ ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ.) ਨੇ ਸੜਕ ਹਾਦਸਿਆਂ ਵਿੱਚ 48 ਫੀਸਦੀ ਦੀ ਕਮੀ ਲਿਆਂਦੀ ਹੈ। ਉਨ੍ਹਾਂ ਕਿਹਾ ਕਿ ਇਸ ਫੋਰਸ ਨੂੰ 144 ਆਧੁਨਿਕ ਵਾਹਨ ਮੁਹੱਈਆ ਕਰਵਾਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਸੈਨਿਕਾਂ ਅਤੇ ਪੁਲਿਸ ਮੁਲਾਜ਼ਮਾਂ ਦੀਆਂ ਮਹਾਨ ਕੁਰਬਾਨੀਆਂ ਦੇ ਸਤਿਕਾਰ ਵਜੋਂ ਸੂਬਾ ਸਰਕਾਰ ਉਨ੍ਹਾਂ ਦੇ ਪਰਿਵਾਰਾਂ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰਦੀ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਇਕ ਵਾਤਾਵਰਣ ਪੱਖੀ ਪਹਿਲਕਦਮੀ ਵਜੋਂ ਸੂਬੇ ਵਿੱਚ 17,000 ਤੋਂ ਵੱਧ ਛੱਪੜਾਂ ਦੀ ਸਫ਼ਾਈ ਲਈ ਵਿਸ਼ੇਸ਼ ਪ੍ਰਾਜੈਕਟ ਸ਼ੁਰੂ ਕਰ ਕੇ ਇਸ ਪ੍ਰਕਿਰਿਆ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਵਿਕਾਸ ਦੀ ਚੱਲ ਰਹੀ ਗਤੀ ਨੂੰ ਤੇਜ਼ ਕਰਨ ਲਈ ਪੰਜਾਬ ਰੂਰਲ ਟਰਾਂਸਫੋਰਮੇਸ਼ਨ ਫੈਲੋਸ਼ਿਪ ਸ਼ੁਰੂ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਯੋਜਨਾ ਪਿੰਡਾਂ ਦੇ ਵਿਕਾਸ ਨੂੰ ਨਵੀਆਂ ਉਚਾਈਆਂ ਉੱਤੇ ਪਹੁੰਚਾਉਣ ਵਿੱਚ ਇਨਕਲਾਬੀ ਕਦਮ ਸਾਬਤ ਹੋਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਫੈਲੋਸ਼ਿਪ ਸਕੀਮ ਤਹਿਤ ਬਲਾਕ ਪੱਧਰ `ਤੇ 154 ਨੌਜਵਾਨਾਂ ਦੀ ਚੋਣ ਅਤੇ ਨਿਯੁਕਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਨੌਜਵਾਨ ਬੀ.ਡੀ.ਪੀ.ਓਜ਼ ਨਾਲ ਮਿਲ ਕੇ ਪਿੰਡਾਂ ਲਈ ਵਿਕਾਸ ਯੋਜਨਾਵਾਂ ਤਿਆਰ ਕਰਨ ਤੇ ਲਾਗੂ ਕਰਨ ਅਤੇ ਵਿਕਾਸ ਕਾਰਜਾਂ ਦੀ ਨਿਗਰਾਨੀ ਵਿੱਚ ਸਹਾਇਤਾ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲੀ ਵਾਰ ਸੂਬੇ ਦੇ ਸਕੂਲਾਂ ਵਿੱਚ ਨਸ਼ਿਆਂ ਵਿਰੋਧੀ ਸਿਲੇਬਸ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਬੁਰਾਈ ਵਿਰੁੱਧ ਜਾਗਰੂਕ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. (ਮਾਪੇ-ਅਧਿਆਪਕ ਮਿਲਣੀ) ਕਰਵਾਈ ਗਈ, ਜਿਸ ਵਿੱਚ 20 ਲੱਖ ਮਾਪਿਆਂ ਤੇ ਵਿਦਿਆਰਥੀਆਂ ਨੇ ਹਿੱਸਾ ਲਿਆ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਖ਼ਜ਼ਾਨੇ ਦਾ ਇੱਕ-ਇੱਕ ਪੈਸਾ ਪੰਜਾਬੀਆਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਸਮਝਦਾਰੀ ਨਾਲ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਨਸ਼ਿਆਂ ਵਿਰੁੱਧ ਜੰਗ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਸਨਮਾਨਿਤ ਕਰਨ ਲਈ ਪਹਿਲੀ ਵਾਰ ਇਨਾਮ ਦੇਣ ਦੀ ਨੀਤੀ ਸ਼ੁਰੂ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਵਿੱਚ ਭਰਤੀ ਅਤੇ ਤਰੱਕੀਆਂ ਨੂੰ ਸੁਚਾਰੂ ਬਣਾਇਆ ਗਿਆ ਹੈ ਤਾਂ ਜੋ ਫੋਰਸ ਵਿੱਚ ਮਨੁੱਖੀ ਸ਼ਕਤੀ ਨੂੰ ਵਧਾਇਆ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਮਾਜ ਦੇ ਸਾਰੇ ਵਰਗਾਂ, ਖਾਸ ਕਰ ਕੇ ਦੱਬੇ-ਕੁਚਲੇ ਲੋਕਾਂ ਲਈ ਭਲਾਈ ਸਕੀਮਾਂ ਸ਼ੁਰੂ ਕੀਤੀਆਂ ਹਨ। ਉਨ੍ਹਾਂ ਲੋਕਾਂ ਨੂੰ ਆਜ਼ਾਦੀ ਸੰਗਰਾਮ ਦੇ ਬਹਾਦਰ ਯੋਧਿਆਂ ਅਤੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪ੍ਰਣ ਲੈਣ ਦਾ ਸੱਦਾ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸੂਬੇ ਵਿੱਚ ਨਹਿਰੀ ਪ੍ਰਣਾਲੀ ਨੂੰ ਸੁਰਜੀਤ ਕਰਨ `ਤੇ ਵਿਸ਼ੇਸ਼ ਧਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਇਕ ਪਾਸੇ ਦਹਾਕਿਆਂ ਤੋਂ ਵਾਂਝੇ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਉਪਲਬਧਤਾ ਯਕੀਨੀ ਬਣਾਈ ਹੈ ਅਤੇ ਦੂਜੇ ਪਾਸੇ ਧਰਤੀ ਹੇਠਲਾ ਬੇਸ਼ਕੀਮਤੀ ਪਾਣੀ ਬਚਾਇਆ ਹੈ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਪਰੇਡ ਕਮਾਂਡਰ ਗਜ਼ਲਪ੍ਰੀਤ ਕੌਰ ਆਈ.ਪੀ.ਐਸ. ਦੀ ਅਗਵਾਈ ਵਿੱਚ ਬੀ.ਐਸ.ਐਫ., ਪੰਜਾਬ ਪੁਲਿਸ (ਪੁਰਸ਼ ਅਤੇ ਮਹਿਲਾ), ਪੰਜਾਬ ਆਰਮਡ ਪੁਲਿਸ, ਪੰਜਾਬ ਹੋਮ ਗਾਰਡ, ਰਾਜਸਥਾਨ ਆਰਮਡ ਪੁਲਿਸ, ਐਨ.ਸੀ.ਸੀ., ਪੀ.ਏ.ਪੀ. ਪਾਈਪ ਅਤੇ ਬ੍ਰਾਸ ਬੈਂਡ ਦੀਆਂ ਟੁਕੜੀਆਂ ਦੇ ਸ਼ਾਨਦਾਰ ਮਾਰਚ ਪਾਸਟ ਦੌਰਾਨ ਸਲਾਮੀ ਲਈ।
ਇਸ ਮੌਕੇ ਉਦਯੋਗਿਕ ਪ੍ਰਮੋਸ਼ਨ, ਮਨਰੇਗਾ, ਮਾਰਕਫੈੱਡ, ਡੇਅਰੀ ਵਿਕਾਸ ਅਤੇ ਵੇਰਕਾ, ਆਮ ਆਦਮੀ ਕਲੀਨਿਕ (ਸਿਹਤ ਵਿਭਾਗ), ਫਸਲੀ ਵਿਭਿੰਨਤਾ, ਖੇਡਾਂ ਵਤਨ ਪੰਜਾਬ ਦੀਆਂ ਅਤੇ ਹੋਰ ਖੇਤਰਾਂ ਵਿੱਚ ਪ੍ਰਾਪਤੀਆਂ ਨੂੰ ਦਰਸਾਉਂਦੀਆਂ ਸੱਤ ਝਾਕੀਆਂ ਵੀ ਸਮਾਗਮ ਦੀ ਸ਼ੋਭਾ ਵਧਾ ਰਹੀਆਂ ਸਨ।
ਇਸ ਤੋਂ ਪਹਿਲਾਂ ਇਕ ਰੰਗਾਰੰਗ ਪ੍ਰੋਗਰਾਮ, ਜਿਸ ਵਿੱਚ ਪੀ.ਟੀ. ਸ਼ੋਅ, ਟੈਂਟ ਪੈੱਗਿੰਗ, ਸਕੂਲੀ ਵਿਦਿਆਰਥੀਆਂ ਵੱਲੋਂ ਵੱਖ-ਵੱਖ ਵੰਨਗੀਆਂ, ਗਿੱਧਾ, ਭੰਗੜਾ ਅਤੇ ਸਕੂਲ ਤੇ ਕਾਲਜ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਹੋਰ ਲੋਕ ਨਾਚਾਂ ਨੇ ਦਰਸ਼ਕਾਂ ਨੂੰ ਮੰਤਰ-ਮੁਗਧ ਕਰ ਦਿੱਤਾ।
ਇਸ ਮੌਕੇ ਮੁੱਖ ਮੰਤਰੀ ਨੇ ਸੁਤੰਤਰਤਾ ਸੈਨਾਨੀ ਨਿਹਾਲ ਸਿੰਘ, ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ, ਕਾਰਗਿਲ ਜੰਗ ਦੇ ਨਾਇਕਾਂ ਤੇ ਸ਼ਹੀਦ ਸਿਪਾਹੀਆਂ ਦੇ ਪਰਿਵਾਰਾਂ ਦਾ ਵੀ ਸਨਮਾਨ ਕੀਤਾ।
Get all latest content delivered to your email a few times a month.