ਤਾਜਾ ਖਬਰਾਂ
ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਰਿਆਵਾਂ ਦੇ ਵਧੇ ਪਾਣੀ ਕਾਰਨ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਤੇ ਬਚਾਅ ਕਾਰਜਾਂ ਦੀ ਲਗਾਤਾਰ ਨਿਗਰਾਨੀ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸੁਲਤਾਨਪੁਰ ਅਤੇ ਭੁਲੱਥ ਤਹਿਸੀਲਾਂ ਵਿੱਚ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੇ ਹੁਕਮ ਦਿੱਤੇ ਗਏ ਹਨ ਤਾਂ ਜੋ ਫਸਲਾਂ ਦੇ ਨੁਕਸਾਨ ਦੀ ਪੂਰੀ ਭਰਪਾਈ ਕੀਤੀ ਜਾ ਸਕੇ।
ਸ੍ਰੀ ਗੋਇਲ ਨੇ ਸੁਲਤਾਨਪੁਰ ਲੋਧੀ ਦੇ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਅਤੇ ਪਾਣੀ ਨਾਲ ਘਿਰੇ ਖੇਤਰਾਂ ਵਿੱਚ ਬੋਟਾਂ ਰਾਹੀਂ ਲੋਕਾਂ ਤੱਕ ਰਾਸ਼ਨ ਪਹੁੰਚਾਇਆ। ਉਨ੍ਹਾਂ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਅਧਿਕਾਰੀਆਂ ਨੂੰ ਤੁਰੰਤ ਸਹਾਇਤਾ ਦੇਣ ਦੇ ਹੁਕਮ ਦਿੱਤੇ। ਉਨ੍ਹਾਂ ਕਿਹਾ ਕਿ 8 ਕੈਬਨਿਟ ਮੰਤਰੀਆਂ ਨੂੰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਰਾਹਤ ਕਾਰਜਾਂ ਦੀ ਨਿਗਰਾਨੀ ਲਈ ਜ਼ਿੰਮੇਵਾਰੀ ਸੌਂਪੀ ਗਈ ਹੈ। ਬਿਆਸ ਦਰਿਆ ਵਿੱਚ ਡੀ-ਸਿਲਟਿੰਗ ਸਬੰਧੀ ਵੀ ਰਿਪੋਰਟ ਮੰਗੀ ਗਈ ਹੈ, ਜੋ ਪਾਣੀ ਘਟਣ ਉਪਰੰਤ ਲਾਗੂ ਕੀਤੀ ਜਾਵੇਗੀ।
ਹੜ੍ਹ ਰੋਕੂ ਕਾਰਜਾਂ ਬਾਰੇ ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ 276 ਕਰੋੜ ਰੁਪਏ ਖਰਚੇ ਗਏ ਹਨ ਅਤੇ 4 ਲੱਖ ਮਿੱਟੀ ਦੇ ਬੋਰੇ ਬੰਨ੍ਹਾਂ ਉੱਪਰ ਰੱਖੇ ਗਏ ਹਨ। ਧੁੱਸੀ ਤੇ ਐਂਡਵਾਂਸ ਬੰਨ੍ਹ ਪੂਰੀ ਤਰ੍ਹਾਂ ਸੁਰੱਖਿਅਤ ਹਨ। ਉਨ੍ਹਾਂ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਕੀਤੀ ਜਾ ਰਹੀ ਸਹਾਇਤਾ ਲਈ ਧੰਨਵਾਦ ਵੀ ਕੀਤਾ। ਇਸ ਤੋਂ ਪਹਿਲਾਂ ਸ੍ਰੀ ਗੋਇਲ ਨੇ ਸਥਾਨਕ ਰੈਸਟ ਹਾਊਸ ਵਿੱਚ ਡਿਪਟੀ ਕਮਿਸ਼ਨਰ, ਐਸ.ਐਸ.ਪੀ. ਅਤੇ ਇੰਜੀਨੀਅਰਿੰਗ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਰਾਹਤ ਕਾਰਜਾਂ ਦੀ ਸਮੀਖਿਆ ਕੀਤੀ।
Get all latest content delivered to your email a few times a month.