ਤਾਜਾ ਖਬਰਾਂ
ਫ਼ਾਜ਼ਿਲਕਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਿਹਤ ਸੇਵਾਵਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਸਿਵਲ ਸਰਜਨ ਡਾ. ਰਾਜ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਇਕ ਟੀਮ ਵੱਲੋਂ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰੇ ਵਿੱਚ ਡਾ. ਰੋਹਿਤ ਗੋਇਲ (ਸਹਾਇਕ ਸਿਵਲ ਸਰਜਨ), ਡਾ. ਅਰਪਿਤ ਗੁਪਤਾ (ਜ਼ਿਲ੍ਹਾ ਟੀਕਾਕਰਣ ਅਧਿਕਾਰੀ), ਡਾ. ਏਰਿਕ (ਸੀਨੀਅਰ ਮੈਡੀਕਲ ਅਧਿਕਾਰੀ) ਅਤੇ ਮਾਸ ਮੀਡੀਆ ਵਿਭਾਗ ਤੋਂ ਵਿਨੋਦ ਖੁਰਾਣਾ ਅਤੇ ਦਿਵੇਸ਼ ਕੁਮਾਰ ਸ਼ਾਮਲ ਸਨ। ਟੀਮ ਨੇ ਪਿੰਡ ਗੁਲਾਬ ਭੈਣੀ, ਪਤਨ ਪੋਸਟ ਅਤੇ ਰੇਤੇ ਵਾਲੀ ਭੈਣੀ ਵਿੱਚ ਲੱਗੇ ਮੈਡੀਕਲ ਕੈਂਪਾਂ ਤੇ ਨੈਸ਼ਨਲ ਵੈਕਟਰ ਬੋਰਨ ਡਿਜ਼ੀਜ਼ ਕੰਟਰੋਲ ਟੀਮਾਂ ਦਾ ਵੀ ਜਾਇਜ਼ਾ ਲਿਆ ਅਤੇ ਪਿੰਡ ਵਾਸੀਆਂ ਦੀਆਂ ਸਿਹਤ ਸਬੰਧੀ ਸਮੱਸਿਆਵਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ।
ਡਾ. ਰੋਹਿਤ ਗੋਇਲ ਨੇ ਲੋਕਾਂ ਨੂੰ ਬਰਸਾਤਾਂ ਦੇ ਮੌਸਮ ਦੌਰਾਨ ਫੈਲਣ ਵਾਲੀਆਂ ਬਿਮਾਰੀਆਂ ਤੋਂ ਸਾਵਧਾਨ ਰਹਿਣ ਲਈ ਸੁਝਾਅ ਦਿੱਤੇ। ਉਨ੍ਹਾਂ ਨੇ ਕਿਹਾ ਕਿ ਪੀਣ ਵਾਲਾ ਪਾਣੀ ਉਬਾਲ ਕੇ ਜਾਂ ਕਲੋਰੀਨੇਟ ਕਰਕੇ ਹੀ ਵਰਤਣਾ ਚਾਹੀਦਾ ਹੈ। ਇਸ ਲਈ ਕਲੋਰੀਨ ਦੀਆਂ ਗੋਲੀਆਂ ਮੁਫ਼ਤ ਘਰ ਘਰ ਵੰਡੀਆਂ ਜਾ ਰਹੀਆਂ ਹਨ, ਜਿਨ੍ਹਾਂ ਦੀ ਵਰਤੋਂ ਕਰਕੇ ਪਾਣੀ ਸੁਰੱਖਿਅਤ ਬਣਾਇਆ ਜਾ ਸਕਦਾ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਵਾਰ ਵਾਰ ਸਾਬਣ ਨਾਲ ਹੱਥ ਧੋਣ, ਪੂਰੀ ਬਾਂਹ ਵਾਲੇ ਕੱਪੜੇ ਪਾਉਣ ਅਤੇ ਹੜ੍ਹ ਦੌਰਾਨ ਖੜ੍ਹੇ ਪਾਣੀ ਤੋਂ ਬਚਣ ਦੀ ਅਪੀਲ ਕੀਤੀ ਗਈ। ਸੱਪ ਦੇ ਕੱਟਣ ਦੀ ਸੂਰਤ ਵਿੱਚ ਤੁਰੰਤ ਨੇੜਲੇ ਸਿਹਤ ਕੇਂਦਰ ਨਾਲ ਸੰਪਰਕ ਕਰਨ ਦੀ ਸਲਾਹ ਦਿੱਤੀ ਗਈ।
ਡਾ. ਅਰਪਿਤ ਗੁਪਤਾ ਨੇ ਕਿਹਾ ਕਿ ਬਰਸਾਤੀ ਮੌਸਮ ਵਿੱਚ ਦਸਤ ਜਾਂ ਉਲਟੀਆਂ ਹੋਣ ਦੀ ਸੂਰਤ ਵਿੱਚ ਓ.ਆਰ.ਐਸ. ਘੋਲ ਦੀ ਵਰਤੋਂ ਬਹੁਤ ਜ਼ਰੂਰੀ ਹੈ, ਜੋ ਸਿਹਤ ਵਿਭਾਗ ਵੱਲੋਂ ਮੁਫ਼ਤ ਪ੍ਰਦਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਖਾਣ-ਪੀਣ ਵਾਲੀਆਂ ਵਸਤਾਂ ਨੂੰ ਢੱਕ ਕੇ ਰੱਖਣ, ਬਜ਼ਾਰਾਂ ਤੋਂ ਕੱਟੇ ਹੋਏ ਫਲ ਅਤੇ ਵਸਤਾਂ ਖਰੀਦਣ ਤੋਂ ਬਚਣ ਅਤੇ ਘਰੇਲੂ ਬਣੇ ਤਾਜ਼ਾ ਭੋਜਨ ਹੀ ਵਰਤਣ ਦੀ ਸਲਾਹ ਦਿੱਤੀ। ਖਾਸ ਕਰਕੇ ਸਾਫ਼-ਸਫ਼ਾਈ ਅਤੇ ਹੱਥ ਧੋਣ 'ਤੇ ਜ਼ੋਰ ਦਿੱਤਾ ਗਿਆ ਤਾਂ ਜੋ ਇਨਫੈਕਸ਼ਨ ਤੋਂ ਬਚਿਆ ਜਾ ਸਕੇ।
ਟੀਮ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਕਿਸੇ ਵੀ ਸਿਹਤ ਸੰਬੰਧੀ ਸਮੱਸਿਆ ਦੀ ਸੂਰਤ ਵਿੱਚ ਸਰਕਾਰੀ ਸਿਹਤ ਕੇਂਦਰਾਂ ਵਿੱਚ ਮਾਹਿਰ ਡਾਕਟਰਾਂ ਦੀ ਸਹਾਇਤਾ ਤੁਰੰਤ ਉਪਲਬਧ ਕਰਵਾਈ ਜਾਵੇਗੀ।
Get all latest content delivered to your email a few times a month.