ਤਾਜਾ ਖਬਰਾਂ
ਚੰਡੀਗੜ੍ਹ, 21 ਅਗਸਤ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਦਫ਼ਤਰ (ਡੀਡੀਪੀਓ) ਫਿਰੋਜ਼ਪੁਰ ਵਿਖੇ ਤਾਇਨਾਤ ਕਲਰਕ ਬਲਵੰਤ ਸਿੰਘ ਨੂੰ 60,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ।
ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਖੁਲਾਸਾ ਕੀਤਾ ਕਿ ਉਕਤ ਮੁਲਜ਼ਮ ਨੂੰ ਫਿਰੋਜ਼ਪੁਰ ਜ਼ਿਲ੍ਹੇ ਦੇ ਤਹਿਸੀਲ ਤਲਵੰਡੀ ਭਾਈ ਦੇ ਪਿੰਡ ਲੱਲੇ ਦੇ ਇੱਕ ਵਸਨੀਕ ਦੁਆਰਾ ਦਾਇਰ ਕੀਤੀ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਸੀ ਕਿ ਉਸਨੇ ਇੱਕ ਨਿੱਜੀ ਬੈਂਕ ਤੋਂ ਖੇਤੀਬਾੜੀ ਕਰਜ਼ੇ ਦੀ ਲਿਮਿਟ ਬਣਾਉਣ ਲਈ ਅਰਜ਼ੀ ਦਿੱਤੀ ਸੀ ਜਿਸ ਵਿੱਚ ਉਸਨੇ ਆਪਣੀ ਮਾਲਕੀ ਵਾਲੀ ਜ਼ਮੀਨ ਦੇ ਨਾਲ ਪੰਚਾਇਤੀ ਜ਼ਮੀਨ ਦੇ ਖੇਤਰ ਦਾ ਵੀ ਜ਼ਿਕਰ ਕੀਤਾ ਸੀ ਜਿਸਨੂੰ ਉਹ ਨਿਲਾਮੀ ਤੇ ਲੈਣ ਪਿੱਛੋਂ ਖੇਤੀ ਕਰ ਰਿਹਾ ਸੀ। ਬੈਂਕ ਨੇ ਕਰਜ਼ਾ ਲਿਮਟ ਮਨਜ਼ੂਰ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਡੀਡੀਪੀਓ ਦਫ਼ਤਰ ਨੂੰ ਸੂਚਿਤ ਕਰ ਦਿੱਤਾ।
ਸ਼ਿਕਾਇਤ ਦੇ ਅਨੁਸਾਰ ਉਕਤ ਕਲਰਕ ਨੇ ਸ਼ਿਕਾਇਤਕਰਤਾ ਨੂੰ ਪੰਚਾਇਤੀ ਜ਼ਮੀਨ ਦੇ ਵੇਰਵੇ ਬੈਂਕ ਦੀ ਲਿਮਟ ਲਈ ਜਮ੍ਹਾਂ ਕਰਵਾਉਣ ਵਿਰੁੱਧ ਧਮਕਾਇਆ ਅਤੇ ਉਸ ਵਿਰੁੱਧ ਕੋਈ ਸਰਕਾਰੀ ਕਾਰਵਾਈ ਕਰਨ ਤੋਂ ਬਚਣ ਲਈ ਇੱਕ ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ। ਬਾਅਦ ਵਿੱਚ ਉਕਤ ਕਲਰਕ 60,000 ਰੁਪਏ ਰਿਸ਼ਵਤ ਲੈਣ ਲਈ ਸਹਿਮਤ ਹੋ ਗਿਆ।
ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ, ਫਿਰੋਜ਼ਪੁਰ ਰੇਂਜ ਦੀ ਇੱਕ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 60000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਕਲਰਕ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਜਿਸ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਹੋਰ ਜਾਂਚ ਜਾਰੀ ਹੈ।
Get all latest content delivered to your email a few times a month.