ਤਾਜਾ ਖਬਰਾਂ
ਵਿਸਾਖੀ ਦੇ ਪਵਿੱਤਰ ਮੌਕੇ ‘ਤੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਵੀਜ਼ਾ ਲੱਗੇ ਪਾਸਪੋਰਟ ਵੰਡੇ ਗਏ। ਇਸ ਮੌਕੇ SGPC ਦੇ ਪ੍ਰਧਾਨ Harjinder Singh Dhami ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਵਿਸਾਖੀ ਸਮਾਗਮਾਂ ਲਈ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾ ਰਿਹਾ ਹੈ, ਜੋ 10 ਅਪ੍ਰੈਲ ਨੂੰ ਸਵੇਰੇ 8 ਵਜੇ ਰਵਾਨਾ ਹੋਵੇਗਾ। ਉਨ੍ਹਾਂ ਜਾਣਕਾਰੀ ਦਿੱਤੀ ਕਿ ਕੁੱਲ 1795 ਅਰਜ਼ੀਆਂ ਵਿੱਚੋਂ 1763 ਸ਼ਰਧਾਲੂਆਂ ਨੂੰ ਦਿੱਲੀ ਵਿੱਚ ਸਥਿਤ ਪਾਕਿਸਤਾਨ ਦੂਤਾਵਾਸ ਵੱਲੋਂ ਵੀਜ਼ੇ ਜਾਰੀ ਕੀਤੇ ਗਏ ਹਨ।
ਇਸ ਦੌਰਾਨ ਧਾਮੀ ਨੇ ਭਾਰਤ ਅਤੇ ਪਾਕਿਸਤਾਨ ਸਰਕਾਰਾਂ ਨੂੰ ਅਪੀਲ ਕੀਤੀ ਕਿ Gurdwara Darbar Sahib Kartarpur ਲਈ ਲਾਂਘਾ ਤੁਰੰਤ ਮੁੜ ਖੋਲ੍ਹਿਆ ਜਾਵੇ, ਤਾਂ ਜੋ ਸਿੱਖ ਭਾਈਚਾਰਾ ਬਿਨਾਂ ਰੁਕਾਵਟ ਆਪਣੇ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰ ਸਕੇ। ਉਨ੍ਹਾਂ ਨੇ ਇਹ ਵੀ ਮੰਗ ਕੀਤੀ ਕਿ ਕਰਤਾਰਪੁਰ ਸਾਹਿਬ ਜਾਣ ਲਈ ਪਾਸਪੋਰਟ ਦੀ ਲਾਜ਼ਮੀ ਸ਼ਰਤ ਖਤਮ ਕੀਤੀ ਜਾਵੇ ਅਤੇ ਪਾਕਿਸਤਾਨ ਵੱਲੋਂ ਲਾਗੂ ਕੀਤੀ ਗਈ 20 ਡਾਲਰ ਦੀ ਫੀਸ ਵੀ ਰੱਦ ਕੀਤੀ ਜਾਵੇ। SGPC ਅਧਿਕਾਰੀਆਂ ਨੇ ਸ਼ਰਧਾਲੂਆਂ ਨੂੰ ਹਦਾਇਤ ਕੀਤੀ ਕਿ ਜੋ ਵਿਅਕਤੀ ਅੱਜ ਪਾਸਪੋਰਟ ਨਹੀਂ ਲੈ ਸਕੇ, ਉਹ ਰਵਾਨਗੀ ਤੋਂ ਪਹਿਲਾਂ ਦਫ਼ਤਰ ਤੋਂ ਆਪਣੇ ਦਸਤਾਵੇਜ਼ ਜਰੂਰ ਪ੍ਰਾਪਤ ਕਰ ਲੈਣ।
Get all latest content delivered to your email a few times a month.