ਤਾਜਾ ਖਬਰਾਂ
ਆਮ ਆਦਮੀ ਪਾਰਟੀ ਦੇ ਸੂਬਾਈ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਬੇਅਦਬੀ ਦੇ ਮਾਮਲਿਆਂ ਵਿੱਚ ਦੋਸ਼ੀਆਂ ਨੂੰ ਕੜੀਆਂ ਤੇ ਮਿਸਾਲੀ ਸਜ਼ਾਵਾਂ ਦੇਣ ਲਈ ਨਵੇਂ ਕਾਨੂੰਨ ਦੇ ਖਰੜੇ ਨੂੰ ਅੰਤਿਮ ਰੂਪ ਦੇਣ ਵਿੱਚ ਜੁਟੀ ਹੋਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 13 ਅਪ੍ਰੈਲ ਨੂੰ ਵਿਸਾਖੀ ਦੇ ਮੌਕੇ ‘ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਇਹ ਖਰੜਾ ਪੇਸ਼ ਕੀਤਾ ਜਾਵੇਗਾ। ਇਸ ਕਾਨੂੰਨ ਵਿੱਚ ਡਿਜ਼ੀਟਲ ਤਕਨੀਕ ਰਾਹੀਂ ਕੀਤੀਆਂ ਜਾਣ ਵਾਲੀਆਂ ਬੇਅਦਬੀਆਂ, ਦੋਸ਼ੀਆਂ ਲਈ ਕਠੋਰ ਕੈਦ, ਜਾਇਦਾਦ ਜ਼ਬਤੀ ਅਤੇ ਭਾਰੀ ਜੁਰਮਾਨਿਆਂ ਵਰਗੀਆਂ ਧਾਰਾਵਾਂ ਸ਼ਾਮਲ ਹੋ ਸਕਦੀਆਂ ਹਨ।
ਧਾਲੀਵਾਲ ਨੇ ਆਪਣੇ ਹਲਕੇ ਅਜਨਾਲਾ ਦੇ ਕਈ ਪਿੰਡਾਂ ਵਿੱਚ ਜਨ ਸੰਵਾਦ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਇਸ ਕਾਨੂੰਨ ਨੂੰ ਮਜ਼ਬੂਤ ਬਣਾਉਣ ਲਈ ਸਰਕਾਰ ਵੱਲੋਂ ਸੰਤ ਸਮਾਜ, ਨਿਹੰਗ ਜਥੇਬੰਦੀਆਂ, ਧਾਰਮਿਕ ਵਿਦਵਾਨਾਂ ਅਤੇ ਹੋਰ ਸੰਸਥਾਵਾਂ ਨਾਲ ਵਿਆਪਕ ਸਲਾਹ-ਮਸ਼ਵਰਾ ਕੀਤਾ ਗਿਆ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਇਤਿਹਾਸਕ ਕਾਨੂੰਨ ਦੇ ਗਵਾਹ ਬਣਨ ਲਈ ਵਿਸ਼ੇਸ਼ ਇਜਲਾਸ ਵਿੱਚ ਸ਼ਾਮਲ ਹੋਣ।
ਉਨ੍ਹਾਂ ਇਹ ਵੀ ਦੱਸਿਆ ਕਿ ਸਿਲੈਕਟ ਕਮੇਟੀ ਨੂੰ ਪਿਛਲੇ ਕਈ ਮਹੀਨਿਆਂ ਦੌਰਾਨ ਵੱਖ-ਵੱਖ ਵਰਗਾਂ ਤੋਂ ਕਈ ਸੁਝਾਅ ਮਿਲੇ ਹਨ, ਜਿਨ੍ਹਾਂ ਦਾ ਗਹਿਰਾਈ ਨਾਲ ਅਧਿਐਨ ਕੀਤਾ ਜਾ ਰਿਹਾ ਹੈ। ਜੇਕਰ ਹੋਰ ਸੰਸਥਾਵਾਂ, ਸਮੇਤ ਸ਼੍ਰੋਮਣੀ ਕਮੇਟੀ ਕੋਲ ਵੀ ਕੋਈ ਸੁਝਾਅ ਹਨ, ਤਾਂ ਉਹਨਾਂ ਨੂੰ ਵੀ ਜਲਦ ਸਰਕਾਰ ਤੱਕ ਪਹੁੰਚਾਉਣ ਦੀ ਅਪੀਲ ਕੀਤੀ ਗਈ ਹੈ ਤਾਂ ਜੋ ਅੰਤਿਮ ਕਾਨੂੰਨ ਵਿੱਚ ਉਹਨਾਂ ਨੂੰ ਵੀ ਸ਼ਾਮਲ ਕੀਤਾ ਜਾ ਸਕੇ।
Get all latest content delivered to your email a few times a month.