ਤਾਜਾ ਖਬਰਾਂ
ਪੰਜਾਬ ਵਿੱਚ ਸੰਗਠਿਤ ਅਪਰਾਧ ਅਤੇ ਗੈਂਗਸਟਰਾਂ ਦੇ ਨੈੱਟਵਰਕ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੁਲਿਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ ਅਤੇ ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਇੱਕ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਸਰਹੱਦ ਪਾਰੋਂ ਚੱਲ ਰਹੇ ਇੱਕ ਵੱਡੇ ਅਪਰਾਧਿਕ ਗਿਰੋਹ ਦਾ ਪਰਦਾਫਾਸ਼ ਕੀਤਾ। ਇਸ ਸਾਂਝੀ ਕਾਰਵਾਈ ਦੌਰਾਨ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਕੋਲੋਂ ਤਿੰਨ ਹਾਈਟੈਕ ਵਿਦੇਸ਼ੀ ਪਿਸਤੌਲ ਅਤੇ ਭਾਰੀ ਮਾਤਰਾ ਵਿੱਚ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।
ਪੁਲਿਸ ਦੀ ਸ਼ੁਰੂਆਤੀ ਪੜਤਾਲ ਤੋਂ ਇਹ ਸਾਹਮਣੇ ਆਇਆ ਹੈ ਕਿ ਫੜੇ ਗਏ ਮੁਲਜ਼ਮ ਸਿੱਧੇ ਤੌਰ 'ਤੇ ਸੱਤ ਸਮੁੰਦਰ ਪਾਰ ਬੈਠੇ ਨਾਮੀ ਗੈਂਗਸਟਰਾਂ ਦੇ ਸੰਪਰਕ ਵਿੱਚ ਸਨ। ਇਹ ਵਿਦੇਸ਼ੀ ਹੈਂਡਲਰ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਗੈਂਗਵਾਰ ਕਰਵਾਉਣ, ਵਪਾਰੀਆਂ ਤੋਂ ਜਬਰੀ ਵਸੂਲੀ (ਫਿਰੌਤੀਆਂ) ਮੰਗਣ ਅਤੇ ਟਾਰਗੇਟ ਕਿਲਿੰਗ ਵਰਗੀਆਂ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਫ਼ਿਰਾਕ ਵਿੱਚ ਸਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਮੁੱਖ ਜ਼ਿੰਮੇਵਾਰੀ ਵਿਦੇਸ਼ੀ ਹਥਿਆਰਾਂ ਦੀ ਖੇਪ ਨੂੰ ਸੁਰੱਖਿਅਤ ਤਰੀਕੇ ਨਾਲ ਇੱਕ ਥਾਂ ਤੋਂ ਦੂਜੀ ਥਾਂ ਪਹੁੰਚਾਉਣਾ ਅਤੇ ਅਪਰਾਧੀਆਂ ਨੂੰ ਲੌਜਿਸਟਿਕਸ ਸਪੋਰਟ ਦੇਣਾ ਸੀ। ਇਸ ਸਬੰਧੀ ਅੰਮ੍ਰਿਤਸਰ ਦੇ SSOC ਥਾਣੇ ਵਿੱਚ ਮਾਮਲਾ (FIR) ਦਰਜ ਕਰ ਲਿਆ ਗਿਆ ਹੈ।
ਪੁਲਿਸ ਹਿੱਕ ਥਾਪ ਕੇ ਕਹਿ ਰਹੀ ਹੈ ਕਿ ਇਸ ਨੈੱਟਵਰਕ ਦਾ ਟੁੱਟਣਾ ਸੂਬੇ ਦੀ ਸੁਰੱਖਿਆ ਲਈ ਬੇਹੱਦ ਅਹਿਮ ਹੈ। ਜਾਂਚ ਦੌਰਾਨ ਖ਼ੁਲਾਸਾ ਹੋਇਆ ਹੈ ਕਿ ਫੜੇ ਗਏ ਇਹ ਮੁਲਜ਼ਮ ਪਹਿਲਾਂ ਵੀ ਕਈ ਸੰਗੀਨ ਵਾਰਦਾਤਾਂ ਵਿੱਚ ਸ਼ਾਮਲ ਰਹੇ ਹਨ। ਇਨ੍ਹਾਂ ਦੇ ਤਾਰ ਅੰਮ੍ਰਿਤਸਰ ਕਮਿਸ਼ਨਰੇਟ ਵਿੱਚ ਦਰਜ ਇੱਕ ਹਾਈ-ਪ੍ਰੋਫਾਈਲ ਕਤਲ ਕੇਸ ਅਤੇ ਬਟਾਲਾ ਇਲਾਕੇ ਵਿੱਚ ਹੋਏ ਕਤਲ ਦੀ ਕੋਸ਼ਿਸ਼ (ਜਾਨਲੇਵਾ ਹਮਲੇ) ਦੇ ਇੱਕ ਹੋਰ ਕੇਸ ਨਾਲ ਸਿੱਧੇ ਤੌਰ 'ਤੇ ਜੁੜੇ ਹੋਏ ਹਨ। ਇਸ ਤੋਂ ਸਾਫ਼ ਹੁੰਦਾ ਹੈ ਕਿ ਇਹ ਗਿਰੋਹ ਮਹਿਜ਼ ਹਥਿਆਰਾਂ ਦੀ ਸਪਲਾਈ ਤੱਕ ਸੀਮਿਤ ਨਹੀਂ ਸੀ, ਸਗੋਂ ਖ਼ੁਦ ਵੀ ਹਿੰਸਕ ਵਾਰਦਾਤਾਂ ਨੂੰ ਅੰਜਾਮ ਦੇ ਰਿਹਾ ਸੀ।
ਪੁਲਿਸ ਦੇ ਉੱਚ ਅਧਿਕਾਰੀਆਂ ਮੁਤਾਬਕ, ਮੁਲਜ਼ਮਾਂ ਨੂੰ ਰਿਮਾਂਡ 'ਤੇ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਸੂਬੇ ਵਿੱਚ ਇਨ੍ਹਾਂ ਦੇ ਸਥਾਨਕ ਸੰਪਰਕ (ਸਲੀਪਰ ਸੈੱਲ) ਕਿੱਥੇ-ਕਿੱਥੇ ਹਨ। ਪੁਲਿਸ ਹੁਣ ਵਿਦੇਸ਼ਾਂ ਵਿੱਚ ਬੈਠੇ ਮੁੱਖ ਹੈਂਡਲਰਾਂ ਦੇ ਨਾਂ ਨਸ਼ਰ ਕਰਨ ਅਤੇ ਇਸ ਪੂਰੇ ਅੰਤਰਰਾਸ਼ਟਰੀ ਸਿੰਡੀਕੇਟ ਦੀਆਂ ਜੜ੍ਹਾਂ ਵੱਢਣ ਲਈ ਡੂੰਘਾਈ ਨਾਲ ਜਾਂਚ ਕਰ ਰਹੀ ਹੈ, ਜਿਸ ਨਾਲ ਆਉਣ ਵਾਲੇ ਦਿਨਾਂ ਵਿੱਚ ਕਈ ਹੋਰ ਅਹਿਮ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।
Get all latest content delivered to your email a few times a month.