ਤਾਜਾ ਖਬਰਾਂ
ਅੰਮ੍ਰਿਤਸਰ ਦੇ ਮਕਬੂਲਪੁਰਾ ਇਲਾਕੇ ਵਿੱਚ ਇੱਕ ਪਰਿਵਾਰ ਨਾਲ ਕਥਿਤ ਤੌਰ 'ਤੇ ਹੋਏ ਹਮਲੇ ਦੀ ਘਟਨਾ ਨੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਗਲੀ ਨੰਬਰ 13 ਵਿੱਚ ਰਹਿਣ ਵਾਲੇ ਅਤੇ ਬੁਟੀਕ ਦਾ ਕਾਰੋਬਾਰ ਕਰਨ ਵਾਲੇ ਪਰਿਵਾਰ ਨੇ ਆਪਣੇ ਗੁਆਂਢ ਵਿੱਚ ਰਹਿੰਦੇ ਕੁਝ ਨੌਜਵਾਨਾਂ 'ਤੇ ਘਰ ਵਿੱਚ ਜਬਰਨ ਦਾਖਲ ਹੋ ਕੇ ਹਮਲਾ ਕਰਨ, ਪੱਥਰਬਾਜ਼ੀ ਕਰਨ ਅਤੇ ਮਹਿਲਾਵਾਂ ਨਾਲ ਬਦਸਲੂਕੀ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੀੜਤ ਪਰਿਵਾਰ ਦਾ ਦਾਅਵਾ ਹੈ ਕਿ ਉਨ੍ਹਾਂ ਨੇ ਇਲਾਕੇ ਵਿੱਚ ਨਸ਼ਾ ਵੇਚਣ ਅਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਦਾ ਵਿਰੋਧ ਕੀਤਾ ਸੀ, ਜਿਸ ਕਾਰਨ ਕੁਝ ਨੌਜਵਾਨਾਂ ਨਾਲ ਉਨ੍ਹਾਂ ਦੀ ਰੰਜਿਸ਼ ਬਣ ਗਈ ਸੀ। ਪਰਿਵਾਰ ਮੁਤਾਬਕ ਇਸੇ ਰੰਜਿਸ਼ ਦੇ ਚਲਦਿਆਂ ਹਮਲਾਵਰਾਂ ਨੇ ਇਕੱਠੇ ਹੋ ਕੇ ਉਨ੍ਹਾਂ ਦੇ ਘਰ 'ਤੇ ਹਮਲਾ ਕਰ ਦਿੱਤਾ। ਉਸ ਸਮੇਂ ਘਰ ਵਿੱਚ ਸਿਰਫ਼ ਮਹਿਲਾਵਾਂ ਮੌਜੂਦ ਸਨ। ਦੋਸ਼ ਹੈ ਕਿ ਹਮਲਾਵਰਾਂ ਨੇ ਘਰ 'ਤੇ ਪੱਥਰ ਸੁੱਟੇ ਅਤੇ ਇੱਕ ਬਜ਼ੁਰਗ ਮਹਿਲਾ ਨਾਲ ਕੁੱਟਮਾਰ ਕਰਨ ਦੀ ਕੋਸ਼ਿਸ਼ ਵੀ ਕੀਤੀ।
ਪਰਿਵਾਰ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾ ਕੇ ਸਾਰੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਵਾਇਰਲ ਵੀਡੀਓ ਅਤੇ ਸੀਸੀਟੀਵੀ ਫੁਟੇਜ ਵਿੱਚ ਕਈ ਹਮਲਾਵਰਾਂ ਦੇ ਚਿਹਰੇ ਸਪੱਸ਼ਟ ਤੌਰ 'ਤੇ ਨਜ਼ਰ ਆ ਰਹੇ ਹਨ, ਜਿਸ ਨਾਲ ਉਨ੍ਹਾਂ ਦੀ ਪਛਾਣ ਕਰਨਾ ਆਸਾਨ ਹੈ।
ਪੁਲਿਸ ਨੇ ਮਾਮਲੇ ਸਬੰਧੀ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਅਨੁਸਾਰ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਬਾਕੀ ਸ਼ੱਕੀ ਵਿਅਕਤੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਮਿਲਣ ਵਾਲੇ ਸਬੂਤਾਂ ਦੇ ਆਧਾਰ 'ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉੱਧਰ ਪੀੜਤ ਪਰਿਵਾਰ ਨੇ ਇਨਸਾਫ਼ ਦੀ ਮੰਗ ਕਰਦਿਆਂ ਸਾਰੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਨ ਦੀ ਅਪੀਲ ਕੀਤੀ ਹੈ।
Get all latest content delivered to your email a few times a month.