2021-03-12 18:18:21 ( ਖ਼ਬਰ ਵਾਲੇ ਬਿਊਰੋ )
ਅੰਮ੍ਰਿਤਸਰ, 12 ਮਾਰਚ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਬਿੱਕਰ ਸਿੰਘ ਚੰਨੂੰ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ. ਬਿੱਕਰ ਸਿੰਘ ਚੰਨੂੰ ਹਲਕਾ ਲੰਬੀ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਸਨ। ਉਹ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਦੇ ਅਹਿਮ ਅਹੁਦੇ ’ਤੇ ਵੀ ਇੱਕ ਸਾਲ ਕਾਰਜਸ਼ੀਲ ਰਹੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਬਿੱਕਰ ਸਿੰਘ ਦੇ ਚਲਾਣੇ ਨੂੰ ਪੰਥਕ ਘਾਟਾ ਕਰਾਰ ਦਿੰਦਿਆਂ ਕਿਹਾ ਕਿ ਪੰਥ ਇੱਕ ਚੰਗੇ ਆਗੂ ਤੋਂ ਵਾਂਝਾ ਹੋ ਗਿਆ ਹੈ। ਉਨ੍ਹਾਂ ਆਖਿਆ ਕਿ ਸ. ਬਿੱਕਰ ਸਿੰਘ ਵੱਲੋਂ ਨਿਭਾਈਆਂ ਸੇਵਾਵਾਂ ਹਮੇਸ਼ਾਂ ਯਾਦ ਰੱਖੀਆਂ ਜਾਣਗੀਆਂ। ਬੀਬੀ ਜਗੀਰ ਕੌਰ ਨੇ ਸ. ਬਿੱਕਰ ਸਿੰਘ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਦੇ ਹੋਰ ਮੈਂਬਰਾਂ ਤੇ ਅਧਿਕਾਰੀਆਂ ਨੇ ਵੀ ਸ. ਬਿੱਕਰ ਸਿੰਘ ਦੇ ਅਕਾਲ ਚਲਾਣੇ ’ਤੇ ਅਫਸੋਸ ਪ੍ਰਗਟ ਕੀਤਾ ਹੈ। ਇਸੇ ਦੌਰਾਨ ਸ. ਬਿੱਕਰ ਸਿੰਘ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਪਿੰਡ ਚੰਨੂੰ ਹਲਕਾ ਲੰਬੀ ਵਿਖੇ ਕੀਤਾ ਗਿਆ। ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਦੀ ਮ੍ਰਿਤਕ ਦੇਹ ’ਤੇ ਅੰਤ੍ਰਿੰਗ ਮੈਂਬਰ ਜਥੇਦਾਰ ਨਵਤੇਜ ਸਿੰਘ ਕਾਉਣੀ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਅਵਤਾਰ ਸਿੰਘ ਵਣਵਾਲਾ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਮੇਰ ਸਿੰਘ ਨੇ ਦੁਸ਼ਾਲਾ ਭੇਟ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿਚ ਹੋਰ ਪ੍ਰਮੁੱਖ ਸ਼ਖਸੀਅਤਾਂ ਵੀ ਮੌਜੂਦ ਸਨ।