2023-06-07 16:19:07 ( ਖ਼ਬਰ ਵਾਲੇ ਬਿਊਰੋ )
ਕੇਂਦਰੀ ਮੰਤਰੀ ਮੰਡਲ ਨੇ ਅੱਜ ਹੋਈ ਬੈਠਕ ਵਿੱਚ ਕਈ ਫ਼ਸਲਾਂ ਦੀ MSP 'ਤੇ ਅਹਿਮ ਫ਼ੈਸਲੇ ਲੈਂਦੇ ਹੋਏ ਕਿਸਾਨਾਂ ਨੂੰ ਖ਼ਾਸ ਤੋਹਫ਼ਾ ਦਿੱਤਾ। ਬੈਠਕ 'ਚ ਫ਼ਸਲਾਂ ਦੇ MSP ਵਿੱਚ ਬੰਪਰ ਵਾਧਾ ਕੀਤਾ ਹੈ। ਅਰਹਰ ਦੀ ਦਾਲ, ਉੜਦ ਦਾਲ, ਝੋਨਾ ਅਤੇ ਮੱਕੀ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕੀਤਾ ਗਿਆ ਹੈ। ਮੰਤਰੀ ਮੰਡਲ ਨੇ ਅਰਹਰ ਦੀ ਦਾਲ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 400 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਨ ਦੀ ਪ੍ਰਵਾਨਗੀ ਦੇ ਦਿੱਤੀ। ਮਿਲੀ ਜਾਣਕਾਰੀ ਅਨੁਸਾਰ ਹੁਣ ਅਰਹਰ ਦੀ ਦਾਲ ਦਾ ਘੱਟੋ-ਘੱਟ ਸਮਰਥਨ ਮੁੱਲ 7,000 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਹੈ। ਇਸੇ ਤਰ੍ਹਾਂ ਉੜਦ ਦਾਲ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 350 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ਨੂੰ ਮਨਜ਼ੂਰੀ ਦਿੱਤੀ ਗਈ, ਜਿਸ ਤੋਂ ਬਾਅਦ ਇਹ ਵਧ ਕੇ 6950 ਰੁਪਏ ਪ੍ਰਤੀ ਕੁਇੰਟਲ ਹੋ ਗਈ। ਇਸ ਦੇ ਨਾਲ ਹੀ ਮੱਕੀ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 128 ਰੁਪਏ ਪ੍ਰਤੀ ਕੁਇੰਟਲ ਅਤੇ ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 143 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ।