ਤਾਜਾ ਖਬਰਾਂ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫਦ ਨੇ ਅੱਜ ਗਾਜੀਪੁਰ ਸਰਹੱਦ ’ਤੇ ਕਿਸਾਨ ਆਗੂ ਸ੍ਰੀ ਰਕੇਸ਼ ਟਿਕੈਤ ਨਾਲ ਮੁਲਾਕਾਤ ਕੀਤੀ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਿਰਦੇਸ਼ਾਂ ’ਤੇ ਗਏ ਇਸ ਵਫਦ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵਡ, ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਮੈਂਬਰ ਸ. ਸਤਵਿੰਦਰ ਸਿੰਘ ਟੌਹੜਾ, ਸ. ਹਰਭਜਨ ਸਿੰਘ ਮਸਾਣਾ, ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ ਸਮੇਤ ਹੋਰ ਅਧਿਕਾਰੀ ਮੌਜੂਦ ਸਨ। ਭਾਈ ਰਜਿੰਦਰ ਸਿੰਘ ਮਹਿਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨਾਂ ਦੇ ਸੰਘਰਸ਼ ਨੂੰ ਦਬਾਉਣ ਲਈ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਧੱਕਾ ਕਰ ਰਹੇ ਹਨ ਅਤੇ ਸ਼੍ਰੋਮਣੀ ਕਮੇਟੀ ਇਸ ਮੌਕੇ ਕਿਸਾਨਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਸ੍ਰੀ ਰਕੇਸ਼ ਟਿਕੈਤ ਨਾਲ ਬੀਤੇ ਦਿਨੀ ਪੁਲਿਸ ਵੱਲੋਂ ਕੀਤੇ ਗਏ ਵਿਹਾਰ ਕਾਰਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਉਨ੍ਹਾਂ ਦੀ ਹਮਾਇਤ ਲਈ ਵਫਦ ਭੇਜਿਆ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਕਿਸਾਨ ਸੰਘਰਸ਼ ਦੌਰਾਨ ਸੇਵਾਵਾਂ ਨਿਰੰਤਰ ਚੱਲ ਰਹੀਆਂ ਹਨ, ਜੋ ਲਗਾਤਾਰ ਜਾਰੀ ਰਹਿਣਗੀਆਂ। ਇਸੇ ਤਹਿਤ ਹੀ ਗਾਜੀਪੁਰ ਬਾਰਡਰ ਵਿਖੇ ਵੀ ਸ਼੍ਰੋਮਣੀ ਕਮੇਟੀ ਦੇ ਸਿੱਖ ਮਿਸ਼ਨ ਹਾਪੜ ਦੀ ਦੇਖ-ਰੇਖ ਹੇਠ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਇਥੇ ਕਿਸਾਨਾਂ ਦੇ ਰਹਿਣ ਲਈ ਪ੍ਰਬੰਧ ਕੀਤਾ ਹੈ ਅਤੇ ਲੰਗਰ ਲਈ ਵੀ ਸੇਵਾ ਨਿਭਾਈ ਜਾ ਰਹੀ ਹੈ।
Get all latest content delivered to your email a few times a month.