IMG-LOGO
ਹੋਮ ਪੰਜਾਬ: SAD ਮਜੀਠੀਆ ਨੇ ਮੁੱਖ ਮੰਤਰੀ 'ਤੇ ਜਾਣਬੁੱਝ ਕੇ DBT ਸਕੀਮ...

SAD ਮਜੀਠੀਆ ਨੇ ਮੁੱਖ ਮੰਤਰੀ 'ਤੇ ਜਾਣਬੁੱਝ ਕੇ DBT ਸਕੀਮ ਦਾ ਵਿਰੋਧ ਨਾ ਕਰਨ ਦਾ ਲਗਾਇਆ ਦੋਸ਼ ! ਪੜ੍ਹੋ ਭਾਜਪਾ 'ਤੇ ਕੈਪਟਨ 'ਤੇ ਕੀ ਕੱਸੇ...

Admin User - Mar 31, 2021 09:51 PM
IMG

ਲੁਧਿਆਣਾ, 31 ਮਾਰਚ : ਸਾਬਕਾ ਮੰਤਰੀ ਸ੍ਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਜਪਾ ਨਾਲ ਰਲ ਕੇ ਦੋਹਰੇ ਇੰਜਣ ਵਾਲੀ ਸਰਕਾਰ ਚਲਾ ਰਹੇ ਹਨ ਤੇ ਉਹਨਾਂ ਨੇ ਮਲੋਟ ਘਟਨਾ ਦੌਰਾਨ ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ  ਵਿਚ ਨਾਕਾਮ ਰਹਿਣ ਕਾਰਨ ਡੀ ਜੀ ਪੀ ਤੇ ਮੁਕਤਸਰ ਦੇ ਪੁਲਿਸ ਮੁਖੀ ਨੂੰ ਤੁਰੰਤ ਮੁਅੱਤਲ ਕਰਨ ਦੀ ਮੰਗ ਕੀਤੀ।

ਸ੍ਰੀ ਮਜੀਠੀਆ ਇਥੇ ਸਾਬਕਾ ਐਮ ਸੀ ਸੁਰਿੰਦਰ ਸਿੰਘ ਗਰੇਵਾਲ ਨੂੰ ਲੋਕ ਇਨਸਾਫ ਪਾਰਟੀ ਛੱਡ ਕੇ ਦੁਬਾਰਾ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਕਰਵਾਉਣ ਮੌਕੇ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ।  ਉਹਨਾਂ ਨੇ ਸ੍ਰੀ ਸੁਰਿੰਦਰ ਗਰੇਵਾਲ ਨੂੰ ਪਾਰਟੀ ਵਿਚ ਬਣਦਾ ਮਾਣ ਸਤਿਕਾਰ ਦੇਣ ਦਾ ਭਰੋਸਾ ਦੁਆਇਆ ਤੇ ਕਿਹਾ ਕਿ ਉਹਨਾਂ ਦੇ ਅਕਾਲੀ ਦਲ ਵਿਚ ਸ਼ਾਮਲ ਹੋਣ ਨਾਲ ਲੋਕ ਇਨਸਾਫ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ।

ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰ ਸਰਕਾਰ ਨਾਲ ਰਲ ਕੇ ਫਿਕਸ ਮੈਚ ਖੇਡਣ ਅਤੇ ਨਾਲੋਂ ਨਾਲ ਪੰਜਾਬ ਵਿਚ ਮਗਰ ਮੱਛ ਦੇ ਹੰਝੂ ਵਹਾਉਣ ਦੇ ਤਰੀਕਿਆਂ ਬਾਰੇ ਗੱਲ ਕਰਦਿਆਂ ਸ੍ਰੀ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਨੇ ਕਦੇ ਵੀ ਜਿਣਸਾਂ ਦੀ ਸਰਕਾਰੀ ਖਰੀਦ ਲਈ ਫਸਲ ਦੀ ਸਿੱਧੀ ਅਦਾਇਗੀ ਕਿਸਾਨਾਂ ਨੂੰ ਕਰਨ ਦੀ ਡੀ ਬੀ ਟੀ ਸਕੀਮ ਦਾ ਵਿਰੋਧ ਨਹੀਂ ਕੀਤਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸਿਰਫ ਇਹੀ ਆਖਦੇ ਆ ਰਹੇ ਹਨ ਕਿ ਸਕੀਮ ਲਾਗੂ ਕਰਨ ਵਾਸਤੇ ਇਕ ਸਾਲ ਦਾ ਸਮਾਂ ਦਿੱਤਾ ਜਾਵੇ ਜਿਸ ਤੋਂ ਪਤਾ ਲੱਗਦਾ ਹੈ ਕਿ ਉਹ ਮੋਦੀ ਸਰਕਾਰ ਦੇ ਹੁਕਮਾਂ ’ਤੇ ਇਹ ਸਕੀਮ ਲਾਗੂ ਕਰਨ ਦੀ ਤਿਆਰੀ ਵਿਚ ਹਨ। ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਉਹ ਕਦੇ ਵੀ ਸਕੀਮ ਪੰਜਾਬ ਵਿਚ ਲਾਗੂ ਕਰਨ ਦਾ ਵਿਰੋਧ ਕਰਨ ਲਈ ਪ੍ਰਧਾਨ ਮੰਤਰੀ ਨੂੰ ਨਹੀਂ ਮਿਲੇ।

ਸ੍ਰੀ ਮਜੀਠੀਆ ਨੇ ਕਿਹਾ ਕਿ ਡੀ ਬੀ ਟੀ ਸਕੀਮ, ਜਿਸ ਤਹਿਤ ਸਦੀਆਂ ਤੋਂ ਚਲਾ ਰਹੀ ਆੜ੍ਹਤੀਆਂ ਰਾਹੀਂ ਅਦਾਇਗੀ ਕਰਨ ਦੀ ਵਿਵਸਥਾ ਦੀ ਥਾਂ ਕਿਸਾਨਾਂ ਦੇ ਖਾਤਿਆਂ ਵਿਚ ਸਿੱਧੀ ਅਦਾਇਗੀ ਕਰਨ ਦੀ ਯੋਜਨਾ ਹੈ, ਅਸਲ ਵਿਚ ਕਾਂਗਰਸ ਦੀ ਅਗਵਾਈ ਵਾਲੀ ਯੂ ਪੀ ਏ ਸਰਕਾਰ ਵੇਲੇ ਬਣਾਈ ਗਈ ਸਕੀਮ ਹੈ। ਉਹਨਾਂ ਕਿਹਾ ਕਿ ਉਸ ਵੇਲੇ ਤਤਕਾਲੀ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਤਤਕਾਲੀ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸਕੀਮ ਪੰਜਾਬ ਵਿਚ ਲਾਗੂ ਨਾ ਕਰਨ ਲਈ ਰਾਜ਼ੀ ਕਰ ਲਿਆ ਸੀ।

ਇਕ ਸਵਾਲ ਦੇ ਜਵਾਬ ਵਿਚ ਸ੍ਰੀ ਮਜੀਠੀਆ ਨੇ ਕਿਹਾ ਕਿ ਮਲੋਟ ਘਟਨਾ ਵਿਚ ਅਬੋਹਰ ਦੇ ਵਿਧਾਇਕ ਅਰੁਣ ਨਾਰੰਗ ਨੂੰ ਕਾਂਗਰਸ ਸਰਕਾਰ ਵੱਲੋਂ ਆਪਣੇ ਨਾਗਰਿਕਾਂ ਨੂੰ ਸੁਰੱਖਿਆ ਦੇਣ ਵਿਚ ਅਸਫਲ ਰਹਿਣ ਕਾਰਨ, ਨਿਸ਼ਾਨਾ ਬਣਾਇਆ ਗਿਆ। ਉਹਨਾਂ ਕਿਹਾ ਕਿ ਪ੍ਰਸ਼ਾਸਨ ਸੁੱਤਾ ਪਿਆ ਰਹਿ ਗਿਆ ਤੇ ਸੂਬਾ ਪੁਲਿਸ ਆਪਣਾ ਫਰਜ਼ ਨਿਭਾਉਣ ਵਿਚ ਅਸਫਲ ਰਹੀ। ਉਹਨਾਂ ਕਿਹਾ ਕਿ ਪੰਜਾਬ ਦੇ ਡੀ ਜੀ ਪੀ ਤੇ ਮੁਕਤਸਰ ਜ਼ਿਲ੍ਹਾ ਪੁਲਿਸ ਮੁਖੀ ਨੂੰ ਤੁਰੰਤ ਮੁਅੱਤਲ ਕੀਤਾ ਜਾਣਾ ਚਾਹੀਦਾ ਹੈ।

ਸ੍ਰੀ ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਕੋਈ ਵੀ ਹਿੰਸਾ ਦੀ ਹਮਾਇਤ ਨਹੀਂ ਕਰ ਸਕਦਾ। ਉਹਨਾਂ ਕਿਹਾ ਕਿ ਭਾਜਪਾ ਨੂੰ ਵੀ ਇਸਦੀ ਪੜਚੋਲ ਕਰਨੀ ਚਾਹੀਦੀ ਹੈ ਕਿ ਅਜਿਹੀਆਂ ਘਟਨਾਵਾਂ ਲਈ ਸਥਿਤੀ ਬਣਨ ਹੀ ਕਿਉਂ ਦਿੱਤੀ ਗਈ। ਉਹਨਾਂ ਕਿਹਾ ਕਿ ਕਿਸਾਨ ਪ੍ਰਦਰਸ਼ਨਕਾਰੀਆਂ ਨੂੰ ਵੀ ਸੰਜਮ ਵਰਤਣਾ ਚਾਹੀਦਾ ਸੀ ਪਰ ਕਿਸਾਨਾਂ ’ਤੇ ਇਰਾਦਾ ਕਤਲ ਦੇ ਕੇਸ ਦਰਜ ਕਰਨਾ ਵੀ ਸਰਾਸਰ ਗਲਤ ਹੈ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਵਾਸਤੇ ਅਕਾਲੀ ਦਲ ਨੂੰ ਬਾਲਟੀ ਚੋਣ ਨਿਸ਼ਾਨ ਅਲਾਟ ਕਰਨ ਦੇ ਫੈਸਲੇ ਦਾ ਸਵਾਗਤ ਕਰਦਿਆਂ ਸ੍ਰੀ ਮਜੀਠੀਆ ਨੇ ਕਿਹਾ ਕਿ ਕਾਂਗਰਸ, ਆਪ ਤੇ ਭਾਜਪਾ ਵੱਲੋਂ ਰਲ ਕੇ ਰਚੀ ਗਈ ਸਾਜ਼ਿਸ਼ ਦਿੱਲੀ ਹਾਈ ਕੋਰਟ ਵਿਚ ਹਾਰ ਗਈ।

ਸ੍ਰੀ ਮਜੀਠੀਆ ਨੇ ਮੁੱਖ ਮੰਤਰੀ ’ਤੇ ਵਾਰ ਵਾਰ ਲਾਕ ਡਾਊਨ ਲਗਾਉਣ ਕਾਰਨ ਲੋਕਾਂ ਤੀਆਂ ਤਕਲੀਫਾਂ ਵਿਚ ਵਾਧਾ ਕਰਨ ਦਾ ਵੀ ਦੋਸ਼ ਲਾਇਆ ਤੇ ਕਿਹਾ ਕਿ ਇਸ ਨਾਲ ਆਮ ਆਦਮੀ ਸਭ ਤੋਂ ਵੱਧ ਪ੍ਰਭਾਵਤ ਹੋਇਆ ਹੈ। ਉਹਨਾਂ ਕਿਹਾ ਕਿ ਬਜਾਏ ਲਾਕ ਡਾਊਨ ਕਾਰਨ ਸਭ ਤੋਂ ਵੱਧ ਪ੍ਰਭਾਵਤ ਹੋਇਆਂ ਨੂੰ ਆਰਥਿਕ ਪੈਕੇਜ ਦੇ ਕੇ ਅਰਥਚਾਰੇ ਨੂੰ ਹੁਲਾਰਾ ਦੇਣ ਲਈ ਕਦਮ ਚੁੱਕਣ ਦੇ, ਕਾਂਗਰਸ ਸਰਕਾਰ ਵਾਰ ਵਾਰ ਬਿਜਲੀ ਦਰਾਂ ਦੇ ਨਾਲ ਨਾਲ ਪੈਟਰੋਲ ਤੇ ਡੀਜ਼ਲ ’ਤੇ ਵੈਟ ਵਿਚ ਵਾਧਾ ਕਰਦੀ ਆ ਰਹੀ ਹੈ। ਉਹਨਾਂ ਕਿਹਾ ਕਿ ਇਸਦੇ ਨਾਲ ਹੀ ਸੂਬੇ ਵਿਚ ਅਮਨ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ ਢੇਰੀ ਹੋ ਗਈ ਹੈ ਜਿਸ ਨਾਲ ਸੁਬੇ ਵਿਚ ਕੋਈ ਨਿਵੇਸ਼ ਨਹੀਂ ਹੋ ਰਿਹਾ ਤੇ ਪੰਜਾਬ ਵਿਚ ਕੋਈ ਵੀ ਵਿਕਾਸ ਕਾਰਜ ਨਹੀਂ ਹੋ ਰਿਹਾ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਦਲ ਦੇ ਨੇਤਾ ਸ਼ਰਨਜੀਤ ਸਿੰਘ ਢਿੱਲੋਂ ਤੇ ਸ੍ਰੀ ਮਨਪ੍ਰੀਤ ਸਿੰਘ ਇਯਾਲੀ ਵੀ ਉਹਨਾਂ ਨਾਲ ਮੌਜੂਦ ਸਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.