ਤਾਜਾ ਖਬਰਾਂ
.
ਚੰਡੀਗੜ੍ਹ: ਕਿਸਾਨ ਅੰਦੋਲਨ ਦੇ 17ਵੇਂ ਦਿਨ ਦਿੱਲੀ ਵੱਲ ਕਿਸਾਨ ਮਾਰਚ ਨੂੰ ਲੈ ਕੇ ਕੋਈ ਨਵਾਂ ਐਲਾਨ ਨਹੀਂ ਹੋਇਆ। ਪੰਜਾਬ ਪੁਲਿਸ ਵੱਲੋਂ ਕਤਲ ਦੀ ਐਫਆਈਆਰ ਦਰਜ ਕਰਨ ਤੋਂ ਬਾਅਦ, 21 ਫਰਵਰੀ ਨੂੰ ਖਨੌਰੀ ਬਾਰਡਰ 'ਤੇ ਹੋਏ ਹਮਲੇ 'ਚ ਮਾਰੇ ਕਿਸਾਨ ਸ਼ੁਭਕਰਨ ਦਾ ਅੰਤਿਮ ਸੰਸਕਾਰ ਵੀਰਵਾਰ ਨੂੰ ਬਠਿੰਡਾ 'ਚ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ। ਅੰਤਿਮ ਸੰਸਕਾਰ 'ਚ ਪਹੁੰਚੇ ਕਿਸਾਨ ਆਗੂ ਸਰਵਨ ਪੰਧੇਰ ਅਤੇ ਜਗਜੀਤ ਡੱਲੇਵਾਲ ਨੇ ਦੱਸਿਆ ਕਿ ਸ਼ੁਭਕਰਨ ਦੀ ਆਤਮਿਕ ਸ਼ਾਂਤੀ ਲਈ 3 ਮਾਰਚ ਨੂੰ ਅਰਦਾਸ ਹੋਵੇਗੀ| ਦਿੱਲੀ ਮਾਰਚ ਬਾਰੇ ਉਨ੍ਹਾਂ ਕਿਹਾ ਕਿ ਫਿਲਹਾਲ ਇਸ ਬਾਰੇ ਗੱਲ ਕਰਨ ਦਾ ਮਾਹੌਲ ਠੀਕ ਨਹੀਂ ਹੈ।
ਸ਼ੁਭਕਰਨ ਦੇ ਅੰਤਿਮ ਸੰਸਕਾਰ ਤੋਂ ਬਾਅਦ ਕਿਸਾਨ ਆਗੂ ਸਰਵਨ ਪੰਧੇਰ ਨੇ ਕਿਹਾ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਅੰਦੋਲਨ ਜਾਰੀ ਹੈ। ਉਨ੍ਹਾਂ ਦੱਸਿਆ ਕਿ 3 ਮਾਰਚ ਨੂੰ ਪਿੰਡ ਬੱਲੋ ਦੀ ਦਾਣਾ ਮੰਡੀ ਵਿੱਚ ਭੋਗ ਸਮਾਗਮ ਕਰਵਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਦੇ ਕਿਸਾਨ ਅੰਦੋਲਨ ਨੂੰ ਪਿਆਰ ਕਰਨ ਵਾਲੇ ਲੋਕਾਂ ਨੂੰ ਇੱਥੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਨੀਮ ਫੌਜੀ ਬਲਾਂ ਨੇ ਕਿਸਾਨ ਨੂੰ ਸ਼ਹੀਦ ਕੀਤਾ ਹੈ। ਦੇਸ਼ ਦੇ 140 ਕਰੋੜ ਲੋਕ ਮੋਦੀ ਸਰਕਾਰ ਨੂੰ ਇਸ ਦਾ ਜਵਾਬ ਦੇਣਗੇ। ਪੰਧੇਰ ਨੇ ਕਿਹਾ ਕਿ ਅਸੀਂ ਕੱਲ ਵੀ ਸ਼ਾਂਤਮਈ ਸੀ ਅਤੇ ਭਵਿੱਖ ਵਿੱਚ ਵੀ ਸ਼ਾਂਤਮਈ ਰਹਾਂਗੇ।
ਫਿਲਹਾਲ ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਕਿਸਾਨ ਖੜ੍ਹੇ ਰਹਿਣਗੇ। ਅੰਦੋਲਨ ਅਜੇ ਖਤਮ ਨਹੀਂ ਹੋਵੇਗਾ। ਕਿਸਾਨਾਂ ਦੀ ਘੱਟੋ-ਘੱਟ ਸਮਰਥਨ ਮੁੱਲ 'ਤੇ ਖ਼ਰੀਦ ਦੀ ਗਾਰੰਟੀ, ਡਾ: ਸਵਾਮੀਨਾਥਨ ਕਮਿਸ਼ਨ ਦੇ ਫ਼ੈਸਲੇ ਅਨੁਸਾਰ ਫ਼ਸਲਾਂ ਦੇ ਭਾਅ ਅਤੇ ਕਿਸਾਨਾਂ-ਮਜ਼ਦੂਰਾਂ ਦੀ ਕਰਜ਼ਾ ਮੁਆਫ਼ੀ ਦਾ ਕਾਨੂੰਨ ਬਣਨ ਤੱਕ ਅੰਦੋਲਨ ਜਾਰੀ ਰਹੇਗਾ।ਮੰਗਾਂ ਪੂਰੀਆਂ ਹੋਣ ਤੱਕ ਅੰਦੋਲਨ ਜਾਰੀ ਰਹੇਗਾ। ਆਉਣ ਵਾਲੇ ਸਮੇਂ ਵਿੱਚ ਅੰਦੋਲਨ ਦੀ ਰੂਪ ਰੇਖਾ ਲੋਕਾਂ ਸਾਹਮਣੇ ਪੇਸ਼ ਕੀਤੀ ਜਾਵੇਗੀ।
Get all latest content delivered to your email a few times a month.