IMG-LOGO
ਹੋਮ ਪੰਜਾਬ: ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ...

ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ...

Admin User - May 15, 2024 07:00 PM
IMG

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਅੰਮ੍ਰਿਤਸਰ ਅਤੇ ਜਲੰਧਰ ਵਿੱਚ ਰੇਂਜ-ਪੱਧਰੀ ਸੁਰੱਖਿਆ ਸਮੀਖਿਆ ਮੀਟਿੰਗਾਂ ਕੀਤੀਆਂ

ਚੰਡੀਗੜ੍ਹ/ਅੰਮ੍ਰਿਤਸਰ/ਜਲੰਧਰ, 15 ਮਈ: ਸਰਹੱਦੀ ਸੂਬੇ ਵਿੱਚ ਆਗਾਮੀ ਲੋਕ ਸਭਾ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਦੇ ਉਦੇਸ਼ ਅਤੇ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ਵਿੱਚ ਕਾਨੂੰਨ ਵਿਵਸਥਾ ਬਰਕਾਰ ਰੱਖਣ ਵਾਸਤੇ 80 ਫੀਸਦੀ ਪੁਲਿਸ ਬਲ ਤਾਇਨਾਤ ਕੀਤਾ ਜਾ ਰਿਹਾ ਹੈ ਅਤੇ ਕੇਂਦਰੀ ਬਲਾਂ ਦੀਆਂ ਘੱਟੋ-ਘੱਟ 225 ਹੋਰ ਕੰਪਨੀਆਂ ਜਲਦੀ ਹੀ ਸੂਬੇ ਵਿੱਚ ਪਹੁੰਚ ਜਾਣਗੀਆਂ। ਜ਼ਿਕਰਯੋਗ ਹੈ ਕਿ ਸੂਬੇ ਵਿੱਚ ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪਹਿਲਾਂ ਹੀ ਤਾਇਨਾਤ ਕੀਤੀਆਂ ਜਾ ਚੁੱਕੀਆਂ ਹਨ। ਇਹ ਜਾਣਕਾਰੀ ਅੱਜ ਇੱਥੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦਿੱਤੀ।
ਸਪੈਸ਼ਲ ਡੀਜੀਪੀ ਜੋ ਕਿ ਅੱਜ ਅੰਮ੍ਰਿਤਸਰ ਅਤੇ ਜਲੰਧਰ ਦੇ ਦੌਰੇ 'ਤੇ ਸਨ, ਨੇ ਆਮ ਸੰਸਦੀ ਚੋਣਾਂ-2024 ਦੀਆਂ ਤਿਆਰੀਆਂ ਅਤੇ ਇਸ ਸਬੰਧੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਦੋਵੇਂ ਬਾਰਡਰ ਰੇਂਜਾਂ ਦੇ ਆਈਜੀਪੀ/ਡੀਆਈਜੀ, ਸੀਪੀਜ਼ ਅਤੇ ਐਸਐਸਪੀਜ਼ ਨਾਲ ਰੇਂਜ ਪੱਧਰੀ ਮੀਟਿੰਗਾਂ ਕੀਤੀਆਂ। ਅੰਮ੍ਰਿਤਸਰ ਦੀ ਮੀਟਿੰਗ ਵਿੱਚ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਰਾਕੇਸ਼ ਕੁਮਾਰ ਕੌਸ਼ਲ ਅਤੇ ਕਮਿਸ਼ਨਰ ਆਫ਼ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਹਾਜ਼ਰ ਸਨ, ਜਦੋਂ ਕਿ ਜਲੰਧਰ ਰੇਂਜ ਦੀ ਮੀਟਿੰਗ ਵਿੱਚ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਐਸ ਬੂਪਤੀ ਅਤੇ ਸੀਪੀ ਜਲੰਧਰ ਸਵਪਨ ਸ਼ਰਮਾ ਹਾਜ਼ਰ ਸਨ।
ਸੂਬੇ ਵਿੱਚ ਸਕਾਰਾਤਮਕ ਮਾਹੌਲ ਸਿਰਜਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਪੇਸ਼ੇਵਰ ਪੁਲਿਸਿੰਗ ਕਰਨ ਅਤੇ ਕਿਸੇ ਨੂੰ ਵੀ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਇਜਾਜ਼ਤ ਨਾ ਦੇਣ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਅਧਿਕਾਰੀਆਂ ਨੂੰ ਸੂਬੇ ਵਿੱਚ ਨਸ਼ਿਆਂ ਅਤੇ ਨਾਜਾਇਜ਼ ਸ਼ਰਾਬ ਦੀ ਆਮਦ ਨੂੰ ਰੋਕਣ ਲਈ ਸੂਬੇ ਵਿੱਚ ਆਉਣ-ਜਾਣ ਵਾਲੇ ਵਾਹਨਾਂ ਖਾਸ ਕਰਕੇ ਵਪਾਰਕ ਵਾਹਨਾਂ ਦੀ ਚੈਕਿੰਗ ਤੇਜ਼ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਘਿਨਾਉਣੇ ਅਪਰਾਧਾਂ, ਨਸ਼ਾ ਤਸਕਰੀ ਅਤੇ ਲੁੱਟ-ਖੋਹ ਵਿੱਚ ਸ਼ਾਮਲ ਦੋਸ਼ੀਆਂ ਨੂੰ ਫੜਨ ਲਈ ਵਿਸ਼ੇਸ਼ ਉਪਰਾਲੇ ਕਰਨ ਦੇ ਨਾਲ-ਨਾਲ ਚੋਣਾਂ ਨਾਲ ਸਬੰਧਤ ਅਪਰਾਧਾਂ ਦੇ ਮਾਮਲਿਆਂ ਦੀ ਜਾਂਚ ਅਤੇ ਮੁਕੱਦਮੇ ਦੀ ਕਾਰਵਾਈ ਵਿੱਚ ਤੇਜ਼ੀ ਲਿਆਉਣ।
ਦੱਸਣਯੋਗ ਹੈ ਕਿ ਪੰਜਾਬ ਪੁਲਿਸ ਨੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ 5.45 ਕਰੋੜ ਰੁਪਏ ਦੀ ਨਕਦੀ, 11.49 ਲੱਖ ਲੀਟਰ ਸ਼ਰਾਬ ਅਤੇ 99.62 ਕਿਲੋਗ੍ਰਾਮ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ।
ਜ਼ਿਕਰਯੋਗ ਹੈ ਕਿ ਸਪੈਸ਼ਲ ਡੀਜੀਪੀ ਨੇ ਆਮ ਪੋਲਿੰਗ ਬੂਥਾਂ ਅਤੇ ਨਾਜ਼ੁਕ ਤੇ ਸੰਵੇਦਨਸ਼ੀਲ ਪੋਲਿੰਗ ਬੂਥਾਂ 'ਤੇ ਬਲਾਂ ਦੀ ਤਾਇਨਾਤੀ ਸਬੰਧੀ ਨਿਯਮਾਂ ਬਾਰੇ ਵੀ ਅਧਿਕਾਰੀਆਂ ਨੂੰ ਜਾਣੂ ਕਰਵਾਇਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਉਮੀਦਵਾਰਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਸਬੰਧੀ ਨਿਯਮਾਂ ਬਾਰੇ ਵੀ ਜਾਣਕਾਰੀ ਦਿੱਤੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.