ਤਾਜਾ ਖਬਰਾਂ
.
ਚੰਡੀਗੜ੍ਹ, 3 ਅਗਸਤ: ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੈਰਿਸ ਵਿੱਚ ਚੱਲ ਰਹੀਆਂ ਓਲੰਪਿਕ ਖੇਡਾਂ ਦਾ ਦੌਰਾ ਨਾ ਕਰਨ ਦੇਣ ਲਈ ਭਾਰਤੀ ਜਨਤਾ ਪਾਰਟੀ ਦੀ ਸਖ਼ਤ ਆਲੋਚਨਾ ਕਰਦਿਆਂ ਕੇਂਦਰ ਸਰਕਾਰ 'ਤੇ ਕਈ ਸਵਾਲ ਖੜ੍ਹੇ ਕੀਤੇ ਹਨ। 'ਆਪ' ਪੰਜਾਬ ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਭਾਜਪਾ ਸੁਰੱਖਿਆ ਦੇ ਨਾਂ 'ਤੇ ਰਾਜਨੀਤੀ ਕਰ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਹੀਂ ਚਾਹੁੰਦੇ ਕਿ ਭਾਰਤ ਦੇ ਕਿਸੇ ਵਿਰੋਧੀ ਨੇਤਾ ਨੂੰ ਅੰਤਰਰਾਸ਼ਟਰੀ ਮੰਚ ਮਿਲੇ।
ਨੀਲ ਗਰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੈਰਿਸ ਵਿੱਚ ਚੱਲ ਰਹੀਆਂ ਉਲੰਪਿਕ ਖੇਡਾਂ ਵਿੱਚ ਹਾਕੀ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਉੱਥੇ ਜਾਣਾ ਚਾਹੁੰਦੇ ਹਨ ਪਰ ਕੇਂਦਰ ਦੀ ਭਾਜਪਾ ਸਰਕਾਰ ਨੇ ਜਾਣਬੁੱਝ ਕੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਨੂੰ ਜਾਣ ਨਹੀਂ ਦਿੱਤਾ। ਇਹ ਬਿਲਕੁਲ ਗਲਤ ਹੈ।
ਗਰਗ ਨੇ ਕਿਹਾ ਕਿ ਪਿਛਲੇ ਸਾਲ ਅਰਵਿੰਦ ਕੇਜਰੀਵਾਲ ਨੂੰ ਵੀ ਇਸੇ ਤਰ੍ਹਾਂ ਸਿੰਗਾਪੁਰ ਜਾਣ ਤੋਂ ਰੋਕਿਆ ਗਿਆ ਸੀ। 'ਆਪ' ਨੇਤਾ ਅਤੇ ਦਿੱਲੀ ਸਰਕਾਰ ਦੇ ਮੰਤਰੀ ਗੋਪਾਲ ਰਾਏ ਨੂੰ ਵੀ ਰੋਕਿਆ ਗਿਆ। ਫਿਲਹਾਲ ਇਹ ਵੀ ਖਬਰਾਂ ਆ ਰਹੀਆਂ ਹਨ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਕਿਸੇ ਸਿਆਸੀ ਪ੍ਰੋਗਰਾਮ 'ਚ ਸ਼ਾਮਲ ਹੋਣ ਲਈ ਅਮਰੀਕਾ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ। ਇਹ ਭਾਜਪਾ ਦੀ ਛੋਟੀ ਮਾਨਸਿਕਤਾ ਨੂੰ ਦਰਸਾਉਂਦੀ ਹੈ।
ਗਰਗ ਨੇ ਦੱਸਿਆ ਕਿ ਓਲੰਪਿਕ ਲਈ ਭਾਰਤੀ ਹਾਕੀ ਟੀਮ ਵਿੱਚ 10 ਖਿਡਾਰੀ ਪੰਜਾਬ ਦੇ ਹਨ। ਕਪਤਾਨ ਅਤੇ ਉਪ ਕਪਤਾਨ ਦੋਵੇਂ ਪੰਜਾਬ ਦੇ ਹਨ। ਇਸ ਲਈ ਪੰਜਾਬ ਦੇ ਮੁੱਖ ਮੰਤਰੀ ਉਥੇ ਜਾਣਾ ਚਾਹੁੰਦੇ ਹਨ ਪਰ ਭਾਜਪਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਸੇ ਤਰ੍ਹਾਂ ਰੋਕਣਾ ਚਾਹੁੰਦੀ ਹੈ।
ਨੀਲ ਗਰਗ ਨੇ ਕਿਹਾ ਕਿ ਭਾਜਪਾ ਅਤੇ ਮੋਦੀ ਸਰਕਾਰ ਦੀ ਇਸ ਮਾਨਸਿਕਤਾ ਕਾਰਨ ਪਿਛਲੇ 5 ਸਾਲਾਂ ਵਿੱਚ ਸਾਢੇ ਸੱਤ ਲੱਖ ਤੋਂ ਵੱਧ ਲੋਕ ਭਾਰਤੀ ਨਾਗਰਿਕਤਾ ਛੱਡ ਚੁੱਕੇ ਹਨ।
Get all latest content delivered to your email a few times a month.