ਤਾਜਾ ਖਬਰਾਂ
.
ਪਟਿਆਲਾ, 5 ਸਤੰਬਰ: ਭਾਰਤੀ ਫ਼ੌਜ ਦੀ ਭਰਤੀ ਲਈ ਪੰਜਾਬ ਦੇ 6 ਜ਼ਿਲ੍ਹਿਆਂ ਪਟਿਆਲਾ, ਫ਼ਤਹਿਗੜ੍ਹ ਸਾਹਿਬ, ਸੰਗਰੂਰ, ਮਾਨਸਾ, ਬਰਨਾਲਾ ਤੇ ਮਾਲੇਰਕੋਟਲਾ ਦੇ ਲਿਖਤੀ ਪ੍ਰੀਖਿਆ ਪਾਸ 4558 ਉਮੀਦਵਾਰਾਂ ਦਾ ਫਿਜ਼ੀਕਲ ਟੈਸਟ ਪਟਿਆਲਾ ਵਿਖੇ ਦੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ, ਪੋਲੋ ਗਰਾਊਂਡ ਵਿਖੇ 11 ਸਤੰਬਰ ਤੋਂ ਸ਼ੁਰੂ ਹੋਵੇਗਾ। ਇਸ ਆਰਮੀ ਭਰਤੀ ਰੈਲੀ ਲਈ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਅੱਜ ਆਰਮੀ ਭਰਤੀ ਦੇ ਡਾਇਰੈਕਟਰ ਕਰਨਲ ਜੀ.ਆਰ.ਐਸ. ਰਾਜਾ, ਏ.ਡੀ.ਸੀ. (ਜ) ਕੰਚਨ ਅਤੇ ਹੋਰ ਅਧਿਕਾਰੀਆ ਨਾਲ ਇੱਕ ਅਹਿਮ ਬੈਠਕ ਕੀਤੀ।
11 ਸਤੰਬਰ ਤੋਂ 18 ਸਤੰਬਰ ਤੱਕ ਚੱਲਣ ਵਾਲੀ ਇਸ ਆਰਮੀ ਭਰਤੀ ਰੈਲੀ ਮੌਕੇ ਛੇ ਜ਼ਿਲ੍ਹਿਆ ਦੇ 4558 ਉਹ ਨੌਜਵਾਨ ਉਮੀਦਵਾਰ ਸ਼ਾਮਲ ਹੋ ਰਹੇ ਹਨ, ਜਿਨ੍ਹਾਂ ਨੇ ਲਿਖਤੀ ਟੈਸਟ ਪਾਸ ਕਰ ਲਿਆ ਹੈ ਅਤੇ ਇਨ੍ਹਾਂ ਦੀ ਸਰੀਰਕ ਪਰਖ ਲਈ ਜ਼ਿਲ੍ਹਾ ਵਾਰ ਰੋਸਟਰ ਬਣਾਇਆ ਗਿਆ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਮੁਤਾਬਕ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਾਰਤੀ ਫ਼ੌਜ ਨੂੰ ਹਰ ਤਰ੍ਹਾਂ ਦਾ ਲੋੜੀਂਦਾ ਸਹਿਯੋਗ ਦਿੱਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਭਰਤੀ ਰੈਲੀ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸਾਰੇ ਸਬੰਧਤ ਵਿਭਾਗਾਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਟ੍ਰੈਫਿਕ ਡਾਇਰਵਰਸ਼ਨ, ਮੈਡੀਕਲ ਐਮਰਜੈਂਸੀ ਸਹੂਲਤ, ਮੋਬਾਇਲ ਟੁਆਲਿਟਸ, ਪੀਣ ਵਾਲੇ ਪਾਣੀ ਦੇ ਟੈਂਕਰ, ਮੀਂਹ ਤੋਂ ਬਚਣ ਲਈ ਆਰਜੀ ਤਰਪਾਲ ਸ਼ੈਲਟਰ, ਲਾਇਟਾਂ, ਬੈਰੀਗੇਟਿੰਗ, ਪੀ.ਆਰ.ਟੀ.ਸੀ. ਵੱਲੋਂ ਨੌਜਵਾਨਾਂ ਦੀ ਆਵਾਜਾਈ ਲਈ ਬੱਸਾਂ, ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧ, ਨਗਰ ਨਿਗਮ ਵੱਲੋਂ ਘਾਹ ਦੀ ਕਟਾਈ ਤੇ ਸਾਫ਼-ਸਫ਼ਾਈ ਆਦਿ ਦੇ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰ ਲਏ ਜਾਣ।
ਮੀਟਿੰਗ 'ਚ ਸੰਯੁਕਤ ਕਮਿਸ਼ਨਰ ਨਗਰ ਨਿਗਮ ਬਬਨਦੀਪ ਸਿੰਘ ਵਾਲੀਆ, ਸਿਵਲ ਸਰਜਨ ਡਾ. ਜਤਿੰਦਰ ਕਾਂਸਲ, ਕਰਨਲ ਵਿਨੋਦ ਸਿੰਘ ਰਾਵਤ, ਆਰ.ਐਮ.ਓ. ਮੇਜਰ ਵੀ ਸੱਤਿਆਨਾਰਾਇਣਨ, ਕੈਪਟਨ ਪੰਕਜ, ਸੂਬੇਦਾਰ ਮੇਜਰ ਤੰਨਮ, ਡੀ.ਐਸ.ਪੀ. ਸੁਖਦੇਵ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ, ਤਹਿਸੀਲਦਾਰ ਕੁਲਦੀਪ ਸਿੰਘ, ਏ.ਸੀ.ਐਸ. ਡਾ. ਰਚਨਾ, ਲੋਕ ਨਿਰਮਾਣ ਵਿਭਾਗ ਦੇ ਐਕਸੀਐਨ ਪਿਯੂਸ਼ ਅਗਰਵਾਲ, ਪੀ.ਐਸ.ਪੀ.ਸੀ.ਐਲ ਦੇ ਐਕਸੀਐਨ ਜੇ.ਪੀ. ਸਿੰਘ ਕੰਡਾ, ਪੀ.ਆਰ.ਟੀ.ਸੀ ਦੇ ਜੀ.ਐਮ. ਅਮਨਵੀਰ ਸਿੰਘ ਟਿਵਾਣਾ, ਜਲ ਸਪਲਾਈ ਤੇ ਸੈਨੀਟੇਸ਼ਨ, ਮੰਡੀ ਬੋਰਡ, ਬਿਜਲੀ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।
Get all latest content delivered to your email a few times a month.