ਤਾਜਾ ਖਬਰਾਂ
.
ਅੰਮ੍ਰਿਤਸਰ, 14 ਸਤੰਬਰ- ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕੀਤਾ ਗਿਆ, ਜਿਸ ਵਿੱਚ ਖ਼ਾਲਸਾ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਗੁਰੂ ਸਾਹਿਬ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਉੱਥੇ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਪੰਥਕ ਏਕਤਾ ਦੀ ਲੋੜ ਉੱਤੇ ਜ਼ੋਰ ਦਿੱਤਾ।
ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸਜਾਏ ਗਏ ਗੁਰਮਤਿ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸਿੱਖ ਇਤਿਹਾਸ ਪੂਰੀ ਦੁਨੀਆ ਦੇ ਧਰਮ ਇਤਿਹਾਸ ਅੰਦਰ ਲਾਸਾਨੀ ਅਤੇ ਉੱਭਰਵਾਂ ਹੈ। ਸੇਵਾ ਅਤੇ ਸਿਮਰਨ ਸਿੱਖੀ ਦੇ ਦੋ ਅਹਿਮ ਥੰਮ੍ਹ ਹਨ ਅਤੇ ਗੁਰੂ ਸਾਹਿਬਾਨ ਨੇ ਇਸ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਆਪ ਦਿੱਤੀ ਹੈ। ਉਨ੍ਹਾਂ ਕਿਹਾ ਕਿ ਤੀਜੇ ਅਤੇ ਚੌਥੇ ਪਾਤਸ਼ਾਹ ਜੀ ਦੇ 450 ਸਾਲਾ ਸ਼ਤਾਬਦੀ ਦਿਹਾੜੇ ਉਨ੍ਹਾਂ ਦੇ ਜੀਵਨ ਇਤਿਹਾਸ ਅਤੇ ਘਾਲਣਾ ਤੋਂ ਸੇਧ ਲੈਣ ਲਈ ਵੱਡੇ ਮਹੱਤਵ ਵਾਲੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਅਮਰਦਾਸ ਜੀ ਨੇ ਨਿਰਸਵਾਰਥ ਹੋ ਕੇ ਸੇਵਾ ਕਰਨ ਦਾ ਮਾਰਗ ਦਿੱਤਾ ਅਤੇ ਸ੍ਰੀ ਗੁਰੂ ਰਾਮਦਾਸ ਜੀ ਨੇ ਇਸ ਸਿਧਾਂਤ ਨੂੰ ਹੋਰ ਪੱਕਿਆਂ ਕੀਤਾ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਦੀ ਸੰਗਤ ਨੂੰ ਵਧਾਈ ਵੀ ਦਿੱਤੀ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰੂ ਸਾਹਿਬਾਨ ਨਾਲ ਸਬੰਧਤ ਸ਼ਤਾਬਦੀਆਂ ਦੇ ਦਿਹਾੜੇ ਸਾਡੇ ਲਈ ਭਵਿੱਖ ਦੀਆਂ ਤਰਜੀਹਾਂ ਨਿਰਧਾਰਤ ਕਰਨ ਦਾ ਮੌਕਾ ਹਨ। ਉਨ੍ਹਾਂ ਕਿਹਾ ਕਿ ਅੱਜ ਕਈ ਸ਼ਕਤੀਆਂ ਸਿੱਖ ਸਿਧਾਂਤਾਂ ਨੂੰ ਸੱਟ ਮਾਰਨ ਦੇ ਯਤਨ ਕਰ ਰਹੀਆਂ ਹਨ, ਜਿਨ੍ਹਾਂ ਨੂੰ ਸਮਝ ਕੇ ਇਕਜੁੱਟਤਾ ਨਾਲ ਠੱਲ੍ਹਣ ਦੀ ਲੋੜ ਹੈ। ਉਨ੍ਹਾਂ ਕਿਹਾ ਪੂਰੀ ਦੁਨੀਆਂ ਅੰਦਰ ਕੇਵਲ ਸਿੱਖ ਕੌਮ ਕੋਲ ਸ੍ਰੀ ਅਕਾਲ ਤਖ਼ਤ ਸਾਹਿਬ ਵਰਗਾ ਸਰਬਉੱਚ ਤਖ਼ਤ ਮੌਜੂਦ ਹੈ, ਜਿੱਥੋਂ ਸਿੱਖ ਕੌਮੀ ਸੇਧ ਅਤੇ ਅਗਵਾਈ ਪ੍ਰਾਪਤ ਕਰਦੇ ਹਨ। ਉਨ੍ਹਾਂ ਕਿਹਾ ਕਿ ਇਸ ਸਰਬਉੱਚ ਸੰਸਥਾ ਨੂੰ ਹਰ ਸਿੱਖ ਲਈ ਦਿਲੋਂ ਮੰਨਣ ਵਿੱਚ ਮਾਣ ਮਹਿਸੂਸ ਹੋਣਾ ਚਾਹੀਦਾ ਹੈ ਤਾਂ ਕਿ ਕੌਮ ਦੀ ਇਹ ਨਿਰਾਲੀ ਵਿਚਾਰਧਾਰਾ ਅਤੇ ਸਿਧਾਂਤ ਦੀ ਚੜ੍ਹਦੀ ਕਲਾ ਬਰਕਰਾਰ ਰਹੇ।
ਇਸ ਮੌਕੇ ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਖ਼ਾਲਸਾ ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਵੀ ਸਿੱਖ ਧਰਮ ਇਤਿਹਾਸ ਅਤੇ ਕੌਮੀ ਫ਼ਰਜ਼ਾਂ ਪ੍ਰਤੀ ਦ੍ਰਿੜ੍ਹਤਾ ਅਤੇ ਜਜ਼ਬਾ ਪ੍ਰਚੰਡ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਦੀ ਮੌਲਿਕਤਾ ਅਤੇ ਮਹੱਤਤਾ ਹਰ ਸਿੱਖ ਨੂੰ ਚੜ੍ਹਦੀ ਕਲਾ ਨਾਲ ਜੀਵਨ ਜੀਣ ਦੀ ਇੱਕ ਪ੍ਰੇਰਣਾ ਹੈ ਜਿਸ ਦੀ ਅਗਵਾਈ ਵਿੱਚ ਜੀਣਾ ਸਾਡਾ ਕੌਮੀ ਫ਼ਰਜ਼ ਹੈ। ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਗੁਰੂ ਇਤਿਹਾਸ ਅਤੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਜਦਕਿ ਰਾਗੀ ਢਾਡੀ ਤੇ ਕਵਿਸ਼ਰ ਜਥਿਆਂ ਨੇ ਵੀ ਹਾਜ਼ਰੀ ਭਰੀ। ਸਟੇਜ ਦੀ ਸੇਵਾ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਨੇ ਨਿਭਾਈ।
ਸਮਾਗਮ ਦੌਰਾਨ ਤੀਜੇ ਅਤੇ ਚੌਥੇ ਪਾਤਸ਼ਾਹ ਨਾਲ ਸਬੰਧਤ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਸੋਵੀਨਾਰ ਵੀ ਜਾਰੀ ਕੀਤਾ ਗਿਆ। ਇਸ ਮੌਕੇ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸਨਮਾਨਿਤ ਕੀਤਾ।
ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਮੈਂਬਰ ਖ਼ੁਸ਼ਵਿੰਦਰ ਸਿੰਘ ਭਾਟੀਆ, ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਅਜਾਇਬ ਸਿੰਘ ਅਭਿਆਸੀ, ਸਤਪਾਲ ਸਿੰਘ ਤਲਵੰਡੀ ਭਾਈ,. ਦਰਸ਼ਨ ਸਿੰਘ ਸ਼ੇਰਖਾਂ,ਸਤਵਿੰਦਰ ਸਿੰਘ ਟੌਹੜਾ, ਸਵਾਮੀ ਜੀ ਹੁਸ਼ਿਆਰਪੁਰ ਵਾਲੇ, ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਵੱਲੋਂ ਸੰਸਥਾ ਦੇ ਨੁਮਾਇੰਦੇ, ਬਾਬਾ ਰੌਸ਼ਨ ਸਿੰਘ ਧਬਲਾਨ, ਓਐਸਡੀ ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਬਿਜੈ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਸੁਖਬੀਰ ਸਿੰਘ, ਸੁਪ੍ਰਡੰਟ ਨਿਸ਼ਾਨ ਸਿੰਘ,ਮਲਕੀਤ ਸਿੰਘ ਬਹਿੜਵਾਲ, ਰਣਜੀਤ ਕੌਰ ਪੰਨਵਾਂ, ਅਮਰਜੀਤ ਕੌਰ, ਜਸਵਿੰਦਰ ਕੌਰ ਕਰਨਾਲ, ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ, ਨਿਸ਼ਾਨ ਸਿੰਘ, ਬਿਕਰਮਜੀਤ ਸਿੰਘ ਝੰਗੀ ਅਤੇ ਸੰਗਤਾਂ ਹਾਜ਼ਰ ਸਨ।
Get all latest content delivered to your email a few times a month.