ਤਾਜਾ ਖਬਰਾਂ
.
ਚੰਡੀਗੜ੍ਹ- ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਕੇਂਦਰ ਸਰਕਾਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮੇਘਾਲਿਆ ਦੇ ਮੁੱਖ ਮੰਤਰੀ ਕੇ. ਸੰਗਮਾ ਨੂੰ ਪੱਤਰ ਲਿਖ ਕੇ ਸ਼ਿਲਾਂਗ 'ਚ ਗੁਰਦੁਆਰਾ ਗੁਰੂ ਨਾਨਕ ਦਰਬਾਰ ਸਾਹਿਬ ਨੂੰ ਢਾਹੁਣ ਤੋਂ ਰੋਕਣ ਲਈ ਅਪੀਲ ਕੀਤੀ ਹੈ।ਮੇਘਾਲਿਆ ਸਰਕਾਰ ਨੇ ਸ਼ਿਲਾਂਗ ਦੇ ਬੜਾ ਬਾਜ਼ਾਰ ਵਿੱਚ ਪੰਜਾਬੀ ਕਾਲੋਨੀ ਵਿੱਚ ਸਥਿਤ 200 ਸਾਲ ਪੁਰਾਣੇ ਗੁਰਦੁਆਰਾ ਨਾਨਕ ਦਰਬਾਰ ਸਾਹਿਬ ਅਤੇ ਖੇਤਰ ਦੇ ਹੋਰ ਧਾਰਮਿਕ ਸਥਾਨਾਂ ਨੂੰ ਤੋੜਨ ਦੀ ਸਿਫਾਰਿਸ਼ ਕੀਤੀ ਹੈ। ਇਸ ਸਿਫਾਰਿਸ਼ ਨਾਲ ਸ਼ਿਲਾਂਗ ਅਤੇ ਉਸ ਦੇ ਬਾਹਰ ਰਹਿਣ ਵਾਲੇ ਸਿੱਖ ਭਾਈਚਾਰੇ ਵਿੱਚ ਗੁੱਸਾ ਅਤੇ ਰੋਸ ਪੈਦਾ ਹੋਈ ਹੈ।
ਪੰਜਾਬ ਦੇ ਸੰਸਦ ਮੈਂਬਰ ਮਲਵਿੰਦਰ ਕੰਗ ਨੇ ਪੀਐਮ ਮੋਦੀ ਨੂੰ ਲਿਖੇ ਆਪਣੇ ਪੱਤਰ ਵਿੱਚ ਕਿਹਾ ਕਿ ਗੁਰਦੁਆਰਾ ਗੁਰੂ ਨਾਨਕ ਦਰਬਾਰ ਨਾ ਸਿਰਫ਼ ਇੱਕ ਪੂਜਾ ਸਥਾਨ ਹੈ, ਸਗੋਂ ਸਿੱਖ ਭਾਈਚਾਰੇ ਵੱਲੋਂ ਇਸ ਖੇਤਰ ਨਾਲ ਪੀੜ੍ਹੀਆਂ ਤੋਂ ਸਾਂਝੇ ਕੀਤੇ ਡੂੰਘੇ ਇਤਿਹਾਸਕ ਅਤੇ ਸੱਭਿਆਚਾਰਕ ਸਬੰਧਾਂ ਦਾ ਪ੍ਰਤੀਕ ਵੀ ਹੈ। ਇਸ ਨੂੰ ਢਾਹੁਣ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੇਗੀ ਅਤੇ ਸਾਡੀ ਸਾਂਝੀ ਕੌਮੀ ਵਿਰਾਸਤ ਦਾ ਇੱਕ ਹਿੱਸਾ ਤਬਾਹ ਹੋ ਜਾਵੇਗਾ।ਸ਼ਿਲਾਂਗ ਦੇ ਵਿਕਾਸ ਅਤੇ ਤਰੱਕੀ ਵਿੱਚ ਸਿੱਖ ਭਾਈਚਾਰੇ ਦਾ ਅਹਿਮ ਯੋਗਦਾਨ ਹੈ। ਇਸ ਲਈ ਉਨ੍ਹਾਂ ਦੀਆਂ ਧਾਰਮਿਕ ਅਤੇ ਸੱਭਿਆਚਾਰਕ ਥਾਵਾਂ ਸੁਰੱਖਿਆ ਅਤੇ ਸੰਭਾਲ ਦੇ ਹੱਕਦਾਰ ਹਨ। ਕੰਗ ਨੇ ਪ੍ਰਧਾਨ ਮੰਤਰੀ ਨੂੰ ਇਸ ਇਤਿਹਾਸਕ ਗੁਰਦੁਆਰਾ ਸਾਹਿਬ ਨੂੰ ਢਾਹੁਣ ਤੋਂ ਰੋਕਣ ਲਈ ਤੁਰੰਤ ਦਖਲ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਸਾਰੇ ਭਾਈਚਾਰਿਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੰਭਾਲਣਾ ਸਰਕਾਰ ਦਾ ਫਰਜ਼ ਹੈ।
Get all latest content delivered to your email a few times a month.