ਤਾਜਾ ਖਬਰਾਂ
.....................
ਹਰਿਆਣਾ ‘ਚ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਤੋਂ ਠੀਕ ਪਹਿਲਾਂ ਚੋਣ ਕਮਿਸ਼ਨ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੈਰੋਲ ਅਰਜ਼ੀ ਨੂੰ ਸ਼ਰਤਾਂ ਸਮੇਤ ਮਨਜ਼ੂਰ ਕਰ ਲਿਆ ਹੈ। ਇਸ ਦੌਰਾਨ ਅੰਸ਼ੁਲ ਛਤਰਪਤੀ ਨੇ ਪੈਰੋਲ ਦੀ ਅਰਜ਼ੀ ਰੱਦ ਕਰਨ ਲਈ ਮੁੱਖ ਚੋਣ ਕਮਿਸ਼ਨਰ ਨੂੰ ਪੱਤਰ ਲਿਖਿਆ ਹੈ। ਇਸ ਵਿੱਚ ਉਨ੍ਹਾਂ ਲਿਖਿਆ ਹੈ ਕਿ ਗੰਭੀਰ ਅਪਰਾਧਾਂ ਦਾ ਦੋਸ਼ੀ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਬਹੁਤ ਪ੍ਰਭਾਵਸ਼ਾਲੀ ਹੈ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਉਹ ਵੋਟਿੰਗ ਨੂੰ ਪ੍ਰਭਾਵਿਤ ਕਰ ਸਕਦਾ ਹੈ, ਇਸ ਲਈ ਉਸ ਦੀ ਪੈਰੋਲ ਦੀ ਅਰਜ਼ੀ ਰੱਦ ਕੀਤੀ ਜਾਣੀ ਚਾਹੀਦੀ ਹੈ। ਚੋਣ ਕਮਿਸ਼ਨ ਦੀਆਂ ਸ਼ਰਤਾਂ ਮੁਤਾਬਕ ਰਾਮ ਰਹੀਮ ਨੂੰ ਪੈਰੋਲ ਦੇ ਸਮੇਂ ਹਰਿਆਣਾ ਵਿਚ ਦਾਖਲ ਹੋਣ ‘ਤੇ ਰੋਕ ਹੈ। ਇਸ ਦੇ ਨਾਲ ਹੀ ਸੋਸ਼ਲ ਮੀਡੀਆ ‘ਤੇ ਅਤੇ ਚੋਣ ਪ੍ਰਚਾਰ ਗਤੀਵਿਧੀਆਂ ‘ਚ ਹਿੱਸਾ ਲੈਣ ‘ਤੇ ਪਾਬੰਦੀ ਹੈ। ਜਦਕਿ ਅੰਸ਼ੁਲ ਛਤਰਪਤੀ ਨੇ ਪੈਰੋਲ ਦੀ ਅਰਜ਼ੀ ਰੱਦ ਕਰਨ ਦੀ ਮੰਗ ਕਰਦੇ ਹੋਏ ਪੱਤਰ ‘ਚ ਲਿਖਿਆ ਹੈ ਕਿ ਪਿਛਲੇ ਦੋ ਦਹਾਕਿਆਂ ਤੋਂ ਰਾਮ ਰਹੀਮ ਆਪਣੇ ਪ੍ਰਭਾਵ ਦਾ ਇਸਤੇਮਾਲ ਕਰਕੇ ਲਗਾਤਾਰ ਕਾਨੂੰਨ ਨਾਲ ਖਿਲਵਾੜ ਕਰ ਰਿਹਾ ਹੈ।
ਇਸ ਦੇ ਨਾਲ ਹੀ ਚਿੱਠੀ ‘ਚ ਲਿਖਿਆ ਗਿਆ ਕਿ ਰਾਮ ਰਹੀਮ ਨੂੰ ਸਜ਼ਾ ਸੁਣਾਏ ਜਾਣ ਤੋਂ ਬਾਅਦ ਵੀ ਲਗਭਗ ਹਰ ਚੋਣ ਦੌਰਾਨ ਉਸ ਨੂੰ ਪੈਰੋਲ ਦਾ ਲਾਭ ਮਿਲਦਾ ਹੈ। ਪਿਛਲੇ ਦੋ ਸਾਲਾਂ ਵਿੱਚ ਹੀ ਉਸ ਨੂੰ 10 ਵਾਰ ਪੈਰੋਲ ਜਾਂ ਫਰਲੋ ਦਿੱਤੀ ਗਈ ਹੈ, ਜਿਸ ਤਹਿਤ ਉਹ 255 ਦਿਨ ਜੇਲ੍ਹ ਤੋਂ ਬਾਹਰ ਰਿਹਾ ਹੈ। ਇਸ ਦੇ ਨਾਲ ਹੀ ਅੰਸ਼ੁਲ ਨੇ ਲਿਖਿਆ ਕਿ ਦਸ ‘ਚੋਂ ਛੇ ਵਾਰ ਉਨ੍ਹਾਂ ਨੂੰ ਇਹ ਛੋਟ ਕਿਸੇ ਤਰ੍ਹਾਂ ਦੀਆਂ ਚੋਣਾਂ ਤੋਂ ਠੀਕ ਪਹਿਲਾਂ ਦਿੱਤੀ ਗਈ ਹੈ। ਅੰਸ਼ੁਲ ਛਤਰਪਤੀ ਦੇ ਪਿਤਾ ਪੱਤਰਕਾਰ ਸਨ। ਉਨ੍ਹਾਂ ਦੇ ਪਿਤਾ ਰਾਮ ਚੰਦਰ ਛਤਰਪਤੀ ਦੀ ਸਾਲ 2002 ਵਿੱਚ ਹੱਤਿਆ ਕਰ ਦਿੱਤੀ ਗਈ ਸੀ। ਇਸ ਮਾਮਲੇ ਦੀ ਸੀਬੀਆਈ ਜਾਂਚ ਤੋਂ ਬਾਅਦ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ।
Get all latest content delivered to your email a few times a month.