ਤਾਜਾ ਖਬਰਾਂ
ਸੁਨੀਲ ਜਾਖੜ ਨੇ ਭਾਜਪਾ ਲੀਡਰਸ਼ਿਪ ਨੂੰ ਸ਼ੀਸ਼ਾ ਦਿਖਾਇਆ ਹੈ, ਮੋਦੀ-ਸ਼ਾਹ ਨੂੰ ਪੰਜਾਬ ਪ੍ਰਤੀ ਬਦਲਣਾ ਪਵੇਗਾ ਆਪਣਾ ਰਵੱਈਆ - ਨੀਲ ਗਰਗ
ਚੰਡੀਗੜ੍ਹ, 3 ਅਕਤੂਬਰ-ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਕੇਂਦਰੀ ਲੀਡਰਸ਼ਿਪ ਨਾਲ ਮੀਟਿੰਗ 'ਤੇ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੰਜਾਬ ਪ੍ਰਤੀ ਨਜ਼ਰੀਆ ਕਦੇ ਵੀ ਸਹੀ ਨਹੀਂ ਰਿਹਾ।
'ਆਪ' ਪੰਜਾਬ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਭਾਜਪਾ ਲੀਡਰਸ਼ਿਪ ਲਗਾਤਾਰ ਪੰਜਾਬ ਵਿਰੁੱਧ ਕੰਮ ਕਰ ਰਹੀ ਹੈ। ਉਨ੍ਹਾਂ ਨੇ ਹਮੇਸ਼ਾ ਪੰਜਾਬ ਨੂੰ ਸਿਆਸੀ, ਸੱਭਿਆਚਾਰਕ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਹੈ। 26 ਜਨਵਰੀ ਦੀ ਪਰੇਡ ਵਿੱਚ ਪੰਜਾਬ ਦੀ ਝਾਂਕੀ ਨਹੀਂ ਦਿਖਾਈ ਗਈ। ਕੇਂਦਰ ਸਰਕਾਰ ਪੰਜਾਬ ਨੂੰ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਨਹੀਂ ਦੇ ਰਹੀ, ਜਿਸ ਕਾਰਨ ਪੰਜਾਬ ਦੇ ਵਿਕਾਸ ਕਾਰਜਾਂ 'ਤੇ ਮਾੜਾ ਅਸਰ ਪੈ ਰਿਹਾ ਹੈ। ਇਸ ਦੇ ਨਾਲ ਹੀ ਪੰਜਾਬ ਦੇ ਕਿਸਾਨਾਂ ਨੂੰ ਕਮਜ਼ੋਰ ਕਰਨ ਲਈ ਕਾਲੇ ਖੇਤੀ ਕਾਨੂੰਨ ਜ਼ਬਰਦਸਤੀ ਲਾਗੂ ਕੀਤੇ ਗਏ।
ਨੀਲ ਗਰਗ ਨੇ ਕਿਹਾ ਕਿ ਮੀਡੀਆ ਰਿਪੋਰਟਾਂ ਮੁਤਾਬਕ ਸੁਨੀਲ ਜਾਖੜ ਨੇ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਨੂੰ ਸ਼ੀਸ਼ਾ ਦਿਖਾ ਦਿੱਤਾ ਹੈ। ਜਾਖੜ ਨੇ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਅਤੇ ਪਾਰਟੀ ਲੀਡਰਸ਼ਿਪ ਨੂੰ ਪੰਜਾਬ ਪ੍ਰਤੀ ਆਪਣਾ ਰਵੱਈਆ ਬਦਲਣ ਦੀ ਲੋੜ ਹੈ। ਨਜ਼ਰੀਆ ਬਦਲਣ ਤੇ ਹੀ ਪੰਜਾਬ ਵਿਚ ਪਾਰਟੀ ਦਾ ਕੁਝ ਹੋ ਸਕਦਾ ਹੈ। ਅਸੀਂ ਭਾਜਪਾ ਲੀਡਰਸ਼ਿਪ ਨੂੰ ਵੀ ਪੰਜਾਬ ਪ੍ਰਤੀ ਆਪਣਾ ਰਵੱਈਆ ਬਦਲਣ ਦੀ ਬੇਨਤੀ ਕਰਦੇ ਹਾਂ। ਪੰਜਾਬ ਨੂੰ ਆਰਥਿਕ ਤੌਰ 'ਤੇ ਕਮਜ਼ੋਰ ਕਰਨ ਦੀ ਕੋਸ਼ਿਸ਼ ਨਾ ਕੀਤੀ ਜਾਵੇ ਅਤੇ ਸੂਬੇ ਦੇ ਸਾਰੇ ਰੋਕੇ ਫੰਡ ਤੁਰੰਤ ਜਾਰੀ ਕੀਤੇ ਜਾਣ।
Get all latest content delivered to your email a few times a month.