ਤਾਜਾ ਖਬਰਾਂ
.
ਅੰਮ੍ਰਿਤਸਰ, 5 ਨਵੰਬਰ- ਬੇਅਦਬੀਆਂ ਦੇ ਮਾਮਲਿਆਂ ਵਿਚ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਲਈ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਪਿਛਲੇ 26 ਦਿਨਾਂ ਤੋਂ ਟਾਵਰ ’ਤੇ ਚੜ੍ਹੇ ਸਿੱਖ ਨੌਜਵਾਨ ਗੁਰਜੀਤ ਸਿੰਘ ਖ਼ਾਲਸਾ ਦੀ ਮੰਗ ਦੀ ਹਮਾਇਤ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਨੇ ਕਿਹਾ ਕਿ ਸਰਕਾਰਾਂ ਨੂੰ ਇਸ ਪ੍ਰਤੀ ਗੰਭੀਰਤਾ ਦਿਖਾਉਣੀ ਚਾਹੀਦੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਬੇਅਦਬੀਆਂ ਦਾ ਮਾਮਲਾ ਬੇਹੱਦ ਸੰਜੀਦਾ ਹੈ ਅਤੇ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਮੇਸ਼ਾ ਹੀ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਯਤਨਸ਼ੀਲ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਵੀ ਕਈ ਵਾਰ ਮਤੇ ਪਾਸ ਕਰਕੇ ਬੇਅਦਬੀਆਂ ਦੇ ਮਾਮਲੇ ਵਿਚ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਕਾਨੂੰਨ ਪਾਸ ਕਰਨ ਵਾਸਤੇ ਸਰਕਾਰਾਂ ਨੂੰ ਲਿਖਿਆ ਗਿਆ ਹੈ, ਪ੍ਰੰਤੂ ਦੁੱਖ ਦੀ ਗੱਲ ਹੈ ਕਿ ਸਰਕਾਰਾਂ ਵੱਲੋਂ ਬੇਹੱਦ ਸੰਜੀਦਾ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ ਗਿਆ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਮਾਮਲੇ ਵਿਚ ਫੜ੍ਹੇ ਗਏ ਦੋਸ਼ੀ ਅਕਸਰ ਹੀ ਸਖ਼ਤ ਕਾਨੂੰਨ ਦੀ ਘਾਟ ਕਾਰਨ ਜਲਦ ਛੁੱਟ ਜਾਂਦੇ ਹਨ, ਜਿਸ ਨਾਲ ਸੰਗਤਾਂ ਦੀਆਂ ਭਾਵਨਾਵਾਂ ਆਹਤ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਨੌਜੁਆਨ ਦੇ ਸੰਘਰਸ਼ ਦੀ ਹਮਾਇਤ ਕਰਦੀ ਹੈ। ਇਸ ਸਬੰਧ ਵਿਚ ਅੱਜ ਸ਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ ਨੇ ਸਗੁਰਜੀਤ ਸਿੰਘ ਖ਼ਾਲਸਾ ਦੇ ਸੰਘਰਸ਼ ਵਿਚ ਸ਼ਾਮਲ ਹੋ ਕੇ ਸ਼੍ਰੋਮਣੀ ਕਮੇਟੀ ਵੱਲੋਂ ਹਰ ਤਰ੍ਹਾਂ ਦੇ ਸਹਿਯੋਗ ਦੀ ਵਚਨਬੱਧਤਾ ਪ੍ਰਗਟਾਈ ਹੈ। ਐਡਵੋਕੇਟ ਧਾਮੀ ਨੇ ਸਰਕਾਰਾਂ ਨੂੰ ਇਸ ਗੰਭੀਰ ਮਾਮਲੇ ਪ੍ਰਤੀ ਸੰਜੀਦਾ ਹੋਣ ਅਤੇ ਸਿੱਖ ਭਾਵਨਾਵਾਂ ਦੇ ਮੱਦੇਨਜ਼ਰ ਸਖ਼ਤ ਕਾਨੂੰਨ ਬਣਾਉਣ ਲਈ ਵੀ ਆਖਿਆ।
Get all latest content delivered to your email a few times a month.