ਤਾਜਾ ਖਬਰਾਂ
.
ਬਰਨਾਲਾ- ਆਸ਼ਾ ਵਰਕਰਜ਼ ਯੂਨੀਅਨ ਵੱਲੋਂ ਅੱਜ ਬਰਨਾਲਾ ਵਿੱਚ ਸੂਬਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਰਿਹਾਇਸ਼ ਅੱਗੇ ਲਗਾਏ ਬੈਰੀਕੇਡਾਂ ਨੂੰ ਲੈ ਕੇ ਆਸ਼ਾ ਵਰਕਰਾਂ ਦੀ ਪੁਲਿਸ ਨਾਲ ਝੜਪ ਵੀ ਹੋਈ। ਇਸ ਦੌਰਾਨ ਪੁਲੀਸ ਅਤੇ ਆਸ਼ਾ ਵਰਕਰਾਂ ਵਿਚਾਲੇ ਹੱਥੋਪਾਈ ਵੀ ਹੋਈ। ਸਰਕਾਰ ’ਤੇ ਵਾਅਦਾ ਖ਼ਿਲਾਫ਼ੀ ਦਾ ਦੋਸ਼ ਲਾਉਂਦਿਆਂ ਰੋਸ ਪ੍ਰਦਰਸ਼ਨ ਕੀਤਾ। ਆਸ਼ਾ ਵਰਕਰਾਂ ਨੇ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਹੈ।
ਪ੍ਰਦਰਸ਼ਨ ਕਰ ਰਹੀਆਂ ਆਸ਼ਾ ਵਰਕਰਾਂ ਕਿਰਨਦੀਪ ਕੌਰ ਅਤੇ ਭਵਨਪ੍ਰੀਤ ਕੌਰ ਨੇ ਦੱਸਿਆ ਕਿ ਅੱਜ ਉਨ੍ਹਾਂ ਦੀਆਂ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਅੱਗੇ ਧਰਨਾ ਦਿੱਤਾ ਗਿਆ। ਇਸ ਦੌਰਾਨ ਪੁਲੀਸ ਅਤੇ ਪ੍ਰਸ਼ਾਸਨ ਵੱਲੋਂ ਉਨ੍ਹਾਂ ਨਾਲ ਧੱਕਾ ਕੀਤਾ ਗਿਆ। ਉਹ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਦੇ ਨੁਮਾਇੰਦਿਆਂ ਨੂੰ ਮਿਲਣ ਆਏ ਸਨ, ਤਾਂ ਜੋ ਉਨ੍ਹਾਂ ਨੂੰ ਮੀਟਿੰਗ ਲਈ ਸਮਾਂ ਦਿੱਤਾ ਜਾ ਸਕੇ ਪਰ ਕੋਈ ਵੀ ਸਰਕਾਰੀ ਨੁਮਾਇੰਦਾ ਉਨ੍ਹਾਂ ਨੂੰ ਨਹੀਂ ਮਿਲਿਆ। ਜਿਸ ਕਾਰਨ ਉਹ ਆਮ ਆਦਮੀ ਪਾਰਟੀ ਦੀ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਉਨ੍ਹਾਂ ਨਾਲ ਕਈ ਵਾਅਦੇ ਕੀਤੇ ਸਨ, ਜੋ ਢਾਈ ਸਾਲ ਬਾਅਦ ਵੀ ਪੂਰੇ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਪੰਜਾਬ ਭਰ ਦੀਆਂ ਆਸ਼ਾ ਵਰਕਰਾਂ ਨੂੰ ਸਿਰਫ਼ 2500 ਰੁਪਏ ਪ੍ਰਤੀ ਮਹੀਨਾ ਮਾਣ ਭੱਤਾ ਦਿੱਤਾ ਜਾ ਰਿਹਾ ਹੈ, ਜਦਕਿ ਕੰਮ ਕਈ ਗੁਣਾ ਵੱਧ ਲਿਆ ਜਾਦਾਂ ਹੈ। ਇਸ ਲਈ ਉਨ੍ਹਾਂ ਦੀ ਮੰਗ ਹੈ ਕਿ ਮਾਣ ਭੱਤਾ ਦੁੱਗਣਾ ਕੀਤਾ ਜਾਵੇ। ਇਸ ਤੋਂ ਇਲਾਵਾ ਸਰਕਾਰ ਨੇ ਆਸ਼ਾ ਵਰਕਰਾਂ ਦੀ ਉਮਰ ਹੱਦ 58 ਸਾਲ ਤੋਂ ਵਧਾ ਕੇ 62 ਸਾਲ ਕਰਨ, ਸੇਵਾਮੁਕਤ ਵਰਕਰਾਂ ਨੂੰ ਬਹਾਲ ਕਰਨ, ਆਸ਼ਾ ਫੈਸੀਲੀਟੇਟਰ ਦੀ ਤਨਖਾਹ ਵਿੱਚ ਇੱਕ ਹਜ਼ਾਰ ਰੁਪਏ ਵਾਧਾ ਕਰਨ, ਵਰਕਰਾਂ ਦਾ ਸਿਹਤ ਬੀਮਾ ਕਰਵਾਉਣ ਸਮੇਤ ਕਈ ਮੰਗਾਂ ਮੰਨ ਲਈਆਂ ਹਨ। ਸਰਕਾਰ ਵੱਲੋਂ ਲਾਗੂ ਨਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
Get all latest content delivered to your email a few times a month.