ਤਾਜਾ ਖਬਰਾਂ
.
ਚੰਡੀਗੜ੍ਹ- ਚੰਡੀਗੜ੍ਹ ਨਗਰ ਨਿਗਮ ਹਾਊਸ ਦੀ ਮੀਟਿੰਗ 23 ਨਵੰਬਰ ਨੂੰ ਹੋਵੇਗੀ, ਜਿਸ ਵਿੱਚ ਇਸ ਵਾਰ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੀ ਮੌਜੂਦ ਰਹਿਣਗੇ। ਮੀਟਿੰਗ ਵਿੱਚ ਨਗਰ ਨਿਗਮ ਦੇ ਵਿੱਤੀ ਸੰਕਟ ਅਤੇ ਹੋਰ ਪ੍ਰਸ਼ਾਸਨਿਕ ਮੁੱਦਿਆਂ ’ਤੇ ਚਰਚਾ ਹੋਣ ਦੀ ਸੰਭਾਵਨਾ ਹੈ।
ਨਗਰ ਨਿਗਮ ਪਿਛਲੇ ਲੰਮੇ ਸਮੇਂ ਤੋਂ ਵਿੱਤੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ, ਜਿਸ ਕਾਰਨ ਸ਼ਹਿਰ ਦੇ ਵਿਕਾਸ ਕਾਰਜ ਠੱਪ ਹੋ ਕੇ ਰਹਿ ਗਏ ਹਨ। ਨਗਰ ਨਿਗਮ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਬਜਟ ਦੀ ਘਾਟ ਕਾਰਨ ਕਈ ਮਹੱਤਵਪੂਰਨ ਪ੍ਰਾਜੈਕਟਾਂ ਦੀ ਸ਼ੁਰੂਆਤ ਅਤੇ ਵਿਸਥਾਰ ਵਿੱਚ ਦੇਰੀ ਹੋ ਰਹੀ ਹੈ। ਇਸ ਦੇ ਨਾਲ ਹੀ ਨਗਰ ਨਿਗਮ ਦੇ ਕੌਂਸਲਰ ਕੁਲਦੀਪ ਨੇ ਵੀ ਪ੍ਰਸ਼ਾਸਨ ਤੋਂ ਵਾਧੂ ਬਜਟ ਦੀ ਮੰਗ ਕੀਤੀ ਸੀ ਪਰ ਹੁਣ ਤੱਕ ਉਨ੍ਹਾਂ ਦੀ ਮੰਗ ਸਬੰਧੀ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ।
ਕੌਂਸਲਰ ਕੁਲਦੀਪ ਨੇ ਪ੍ਰਸ਼ਾਸਨ ’ਤੇ ਉਨ੍ਹਾਂ ਵੱਲੋਂ ਉਠਾਏ ਮੁੱਦਿਆਂ ਵੱਲ ਕੋਈ ਧਿਆਨ ਨਾ ਦੇਣ ਦਾ ਦੋਸ਼ ਲਾਇਆ ਹੈ, ਜਿਸ ਕਾਰਨ ਨਗਰ ਨਿਗਮ ਦੇ ਵਿਕਾਸ ਕਾਰਜਾਂ ਵਿੱਚ ਰੁਕਾਵਟ ਆ ਰਹੀ ਹੈ। ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਜੇਕਰ ਬਜਟ ਦੀਆਂ ਮੰਗਾਂ ਨੂੰ ਜਲਦੀ ਪੂਰਾ ਨਾ ਕੀਤਾ ਗਿਆ ਤਾਂ ਨਗਰ ਨਿਗਮ ਦੇ ਕਈ ਅਹਿਮ ਪ੍ਰਾਜੈਕਟ ਪ੍ਰਭਾਵਿਤ ਹੋ ਸਕਦੇ ਹਨ, ਜਿਨ੍ਹਾਂ ਵਿੱਚ ਸੜਕਾਂ ਦੀ ਮੁਰੰਮਤ, ਜਲ ਸਪਲਾਈ, ਕੂੜਾ ਨਿਪਟਾਉਣ ਵਰਗੀਆਂ ਬੁਨਿਆਦੀ ਸੇਵਾਵਾਂ ਸ਼ਾਮਲ ਹਨ।
ਇਸ ਮੀਟਿੰਗ ਵਿੱਚ ਨਗਰ ਨਿਗਮ ਦੇ ਮੈਂਬਰਾਂ ਤੋਂ ਇਲਾਵਾ ਉੱਚ ਪ੍ਰਸ਼ਾਸਨਿਕ ਅਧਿਕਾਰੀ ਵੀ ਸ਼ਿਰਕਤ ਕਰਨਗੇ ਅਤੇ ਸ਼ਹਿਰ ਦੇ ਵਿਕਾਸ ਸਬੰਧੀ ਵੱਖ-ਵੱਖ ਪਹਿਲੂਆਂ ’ਤੇ ਚਰਚਾ ਕਰਨਗੇ। ਨਗਰ ਨਿਗਮ ਦੇ ਸੂਤਰਾਂ ਅਨੁਸਾਰ ਇਸ ਮੀਟਿੰਗ ਦੌਰਾਨ ਨਗਰ ਨਿਗਮ ਦੀ ਵਿੱਤੀ ਹਾਲਤ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ ਅਤੇ ਇਸ ਮੁੱਦੇ ’ਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਤੋਂ ਵੀ ਸੇਧ ਲਈ ਜਾਵੇਗੀ।
Get all latest content delivered to your email a few times a month.