ਤਾਜਾ ਖਬਰਾਂ
.
ਲੁਧਿਆਣਾ, 14 ਨਵੰਬਰ - ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਰੈੱਡ ਕਰਾਸ ਡੈਫ/ਡੰਬ ਸਕੂਲ ਅਤੇ ਬਾਲ ਘਰ ਦੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਇੱਕ ਪ੍ਰਸਿੱਧ ਰੈਸਟੋਰੈਂਟ ਵਿੱਚ ਵਿਸ਼ੇਸ਼ ਭੋਜਨ ਦਾ ਆਯੋਜਨ ਕਰਕੇ ਬਾਲ ਦਿਵਸ ਮਨਾਇਆ।
ਬਾਲ ਦਿਵਸ ਮਨਾਉਣ ਲਈ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਜੋ ਆਪਣੀ ਬੇਟੀ ਨੈਨਾ ਨੂੰ ਵੀ ਲੈ ਕੇ ਆਏ ਸਨ, ਵੱਲੋਂ ਬੱਚਿਆਂ ਲਈ ਇਸ ਸਮਾਗਮ ਦਾ ਪ੍ਰਬੰਧ ਕੀਤਾ ਗਿਆ। ਉਨ੍ਹਾਂ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸਿੱਖਿਆ, ਸਖ਼ਤ ਮਿਹਨਤ ਅਤੇ ਦ੍ਰਿੜ ਇਰਾਦੇ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਬੱਚਿਆਂ ਨੂੰ ਵੱਡੇ ਸੁਪਨੇ ਦੇਖਣ ਅਤੇ ਖੁਦ ਵਿੱਚ ਆਤਮ ਵਿਸ਼ਵਾਸ਼ ਰੱਖਣ ਲਈ ਵੀ ਉਤਸ਼ਾਹਿਤ ਕੀਤਾ।
ਡਿਪਟੀ ਕਮਿਸ਼ਨਰ ਜੋਰਵਾਲ ਨੇ ਬੱਚਿਆਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਲਈ ਉਪਲਬਧ ਮੌਕਿਆਂ ਦਾ ਵੱਧ ਤੋਂ ਵੱਧ ਲਾਭ ਉਠਾਉਣ; ਆਪਣੀ ਪੜ੍ਹਾਈ 'ਤੇ ਧਿਆਨ ਕੇਂਦ੍ਰਿਤ ਰੱਖਣ ਅਤੇ ਦੂਜਿਆਂ ਲਈ ਇੱਕ ਮਿਸਾਲ ਕਾਇਮ ਕਰਨ। ਉਨ੍ਹਾਂ ਕਿਹਾ ਕਿ ਬਾਲ ਦਿਵਸ ਕੇਵਲ ਜਸ਼ਨ ਦਾ ਦਿਨ ਹੀ ਨਹੀਂ ਹੋਣਾ ਚਾਹੀਦਾ ਸਗੋਂ ਸਮਾਜ ਨੂੰ ਬੱਚਿਆਂ ਦੇ ਅਧਿਕਾਰਾਂ ਅਤੇ ਭਲਾਈ ਵੱਲ ਧਿਆਨ ਦੇਣ ਦੀ ਯਾਦ ਦਿਵਾਉਂਦਾ ਹੈ। ਉਨ੍ਹਾਂ ਰੈੱਡ ਕਰਾਸ ਸੋਸਾਇਟੀ ਨੂੰ ਇਨ੍ਹਾਂ ਸਕੂਲਾਂ ਦੇ ਪ੍ਰਭਾਵਸ਼ਾਲੀ ਕੰਮਕਾਜ ਲਈ ਪੂਰਨ ਸਹਿਯੋਗ ਦਾ ਭਰੋਸਾ ਦਿਵਾਇਆ, ਜੋ ਸਮਾਜ ਦੀ ਤਨਦੇਹੀ ਨਾਲ ਸੇਵਾ ਕਰਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਉਨ੍ਹਾਂ ਦੇ ਸਸ਼ਕਤੀਕਰਨ ਲਈ ਹਰ ਯਤਨ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਜੋਰਵਾਲ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਦੇ ਵਿਦਿਆਰਥੀਆਂ ਨਾਲ ਬਾਲ ਦਿਵਸ ਮਨਾ ਕੇ ਉਨ੍ਹਾਂ ਨੂੰ ਬਹੁਤ ਮਾਣ ਅਤੇ ਸੰਤੁਸ਼ਟੀ ਮਿਲੀ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਮਰਜੀਤ ਬੈਂਸ, ਸਹਾਇਕ ਕਮਿਸ਼ਨਰ ਕ੍ਰਿਤਿਕਾ ਗੋਇਲ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।
Get all latest content delivered to your email a few times a month.