ਤਾਜਾ ਖਬਰਾਂ
.
ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਗੁਰਇਕਬਾਲ ਸਿੰਘ ਬੀਬੀ ਕੋਲਾਂ ਜੀ ਭਲਾਈ ਕੇਂਦਰ ਵਾਲਿਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਕੌਲਸਰ ਸਾਹਿਬ ਜੀ ਦੇ ਪਵਿੱਤਰ ਸਰੋਵਰ ਦੀ ਕਾਰ ਸੇਵਾ ਅੱਜ ਪੰਥਕ ਰਵਾਇਤ ਅਨੁਸਾਰ ਆਰੰਭ ਕੀਤੀ ਗਈ। ਇਸ ਕਾਰ ਸੇਵਾ ਦੀ ਆਰੰਭਤਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਿੰਘ, ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ, ਗਿਆਨੀ ਬਲਜੀਤ ਸਿੰਘ, ਗਿਆਨੀ ਕੇਵਲ ਸਿੰਘ, ਦਲ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਅਤੇ ਭਾਈ ਗੁਰਇਕਬਾਲ ਸਿੰਘ ਨੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਟੱਪ ਲਗਾ ਕੇ ਕੀਤੀ। ਇਸ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਕੌਲਸਰ ਸਾਹਿਬ ਵਿਖੇ ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਰੂਪ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਲਿਆ।
ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੀਆਂ ਸੇਵਾਵਾਂ ਵਿਚ ਹਿੱਸਾ ਲੈਣਾ ਵੱਡੇ ਭਾਗਾਂ ਦੀ ਨਿਸ਼ਾਨੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਕੌਲਸਰ ਸਾਹਿਬ ਦੇ ਪਾਵਨ ਸਰੋਵਰ ਦੀ ਇਸ ਤੋਂ ਪਹਿਲਾਂ 2016 ਵਿਚ ਸੇਵਾ ਕਰਵਾਈ ਗਈ ਸੀ ਅਤੇ ਸੰਗਤਾਂ ਦੀ ਮੰਗ ਅਨੁਸਾਰ ਸ਼੍ਰੋਮਣੀ ਕਮੇਟੀ ਨੇ ਇਸ ਦੀ ਮੁੜ ਸੇਵਾ ਕਰਵਾਉਣ ਲਈ ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਾਲਿਆਂ ਨੂੰ ਜ਼ੁੰਮੇਵਾਰੀ ਸੌਂਪੀ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਇਸ ਸੇਵਾ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਤੇ ਆਪਣਾ ਜੀਵਨ ਸਫਲਾ ਕਰਨ।ਇਸੇ ਦੌਰਾਨ ਭਾਈ ਗੁਰਇਕਬਾਲ ਸਿੰਘ ਨੇ ਇਸ ਕਾਰਜ ਦੀ ਸੇਵਾ ਲਈ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦੀ ਵੱਡੀ ਬਖ਼ਸ਼ਿਸ਼ ਹੈ ਕਿ ਇਹ ਸੇਵਾ ਸਾਡੀ ਝੋਲੀ ਪਈ ਹੈ। ਉਨ੍ਹਾਂ ਕਿਹਾ ਕਿ ਗੁਰੂ-ਘਰ ਦੀ ਸੇਵਾ ਕਿਸੇ ਕਰਮਾਂ-ਭਾਗਾਂ ਵਾਲੇ ਮਨੁੱਖ ਨੂੰ ਹੀ ਮਿਲਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਸੰਗਤ ਨੂੰ ਵੀ ਬੇਨਤੀ ਕੀਤੀ ਕਿ ਉਹ ਇਸ ਕਾਰ ਸੇਵਾ ਵਿੱਚ ਵੱਧ ਤੋਂ ਵੱਧ ਹਾਜ਼ਰੀਆਂ ਭਰਨ। ਇਸ ਮੌਕੇ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
Get all latest content delivered to your email a few times a month.