ਤਾਜਾ ਖਬਰਾਂ
.
ਚੰਡੀਗੜ੍ਹ- ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜਦੀ ਸਿਹਤ ਨੂੰ ਲੈ ਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਆਇਆ ਹੈ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਨੂੰ ਡੱਲੇਵਾਲ ਵਰਗੇ ਵਿਅਕਤੀ ਦੀ ਬਹੁਤ ਲੋੜ ਹੈ। ਪੰਜਾਬ ਸਰਕਾਰ ਨੂੰ ਇਸ ਮਾਮਲੇ ਸਬੰਧੀ ਕੇਂਦਰ ਸਰਕਾਰ ਨਾਲ ਰਾਬਤਾ ਕਾਇਮ ਕਰਨਾ ਚਾਹੀਦਾ ਹੈ।
ਦੱਸ ਦੇਈਏ ਕਿ ਪਿਛਲੇ ਦੋ ਹਫਤਿਆਂ ਤੋਂ ਵੀ ਵੱਧ ਸਮੇਂ ਤੋਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ ਮਰਨ ਵਰਤ 'ਤੇ ਹਨ। ਜਿਸ ਕਾਰਨ ਡੱਲੇਵਾਲ ਦੀ ਸਿਹਤ ਵਿਗੜ ਰਹੀ ਹੈ।
ਇਸ ਮਾਮਲੇ 'ਤੇ ਚਿੰਤਾ ਪ੍ਰਗਟ ਕਰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਨੇ ਕਿਹਾ ਕਿ ਸਭ ਤੋਂ ਪਹਿਲਾਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦਾ ਖ਼ਿਆਲ ਰੱਖਣਾ ਬਹੁਤ ਜ਼ਰੂਰੀ ਹੈ | ਉਨ੍ਹਾਂ ਦੀਆਂ ਜਾਇਜ਼ ਮੰਗਾਂ ਮੰਨੀਆਂ ਜਾਣ, ਕਿਉਂਕਿ ਜਿਸ ਤਰ੍ਹਾਂ ਉਹ ਪਿਛਲੇ 2 ਹਫਤਿਆਂ ਤੋਂ ਲਗਾਤਾਰ ਮਰਨ ਵਰਤ 'ਤੇ ਬੈਠੇ ਹਨ, ਉਨ੍ਹਾਂ ਦੀ ਸਿਹਤ ਦਿਨੋਂ-ਦਿਨ ਵਿਗੜਦੀ ਜਾ ਰਹੀ ਹੈ, ਜੋ ਚਿੰਤਾ ਦਾ ਵਿਸ਼ਾ ਹੈ।
ਅੱਜ ਸਾਨੂੰ ਉਨ੍ਹਾਂ ਦੀ ਬਹੁਤ ਲੋੜ ਹੈ। ਪੰਜਾਬ ਸਰਕਾਰ ਨੂੰ ਕੇਂਦਰ ਸਰਕਾਰ ਨਾਲ ਗੱਲਬਾਤ ਕਰਨੀ ਚਾਹੀਦੀ ਹੈ, ਤਾਂ ਜੋ ਉਹ ਜਲਦੀ ਆਪਣਾ ਮਰਨ ਵਰਤ ਤੋੜ ਸਕੇ। ਕਿਉਂਕਿ ਅੱਜ ਦੇਸ਼ ਦੇ ਲੋਕਾਂ ਨੂੰ ਅਜਿਹੇ ਸੰਘਰਸ਼ਸ਼ੀਲ ਲੋਕਾਂ ਦੀ ਲੋੜ ਹੈ, ਜੇਕਰ ਅਜਿਹੇ ਲੋਕ ਹੋਣ ਤਾਂ ਹੀ ਕੋਈ ਵੀ ਸੰਘਰਸ਼ ਜਿੱਤਿਆ ਜਾ ਸਕਦਾ ਹੈ।
Get all latest content delivered to your email a few times a month.