ਤਾਜਾ ਖਬਰਾਂ
.
ਕਪੂਰਥਲਾ- ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਹੰਗਾਮੇ ਨਾਲ ਭਰੇ ਸੰਸਦ ਦੇ ਸਰਦ ਰੁੱਤ ਇਜਲਾਸ ’ਤੇ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ ਸਰਦ ਰੁੱਤ ਸੈਸ਼ਨ ਦੌਰਾਨ ਕੋਈ ਸਾਰਥਕ ਮੁੱਦਾ ਨਹੀਂ ਵਿਚਾਰਿਆ ਗਿਆ। ਉਨ੍ਹਾਂ ਕਿਹਾ ਕਿ ਇਸ ਇਜਲਾਸ ਦੌਰਾਨ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਲੋਕਾਂ ਦੇ ਅਸਲ ਮੁੱਦਿਆਂ ਤੋਂ ਕੋਹਾਂ ਦੂਰ ਕਰਕੇ ਇੱਕ- ਦੂਜੇ ਨੂੰ ਜ਼ਲੀਲ ਕਰਨ ਵਿੱਚ ਆਪਣਾ ਸਾਰਾ ਸਮਾਂ ਬਰਬਾਦ ਕਰ ਦਿੱਤਾ ਹੈ।
ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਕਿਹਾ ਕਿ ਵਿਰੋਧ ਕਰਨਾ ਵਿਰੋਧੀ ਧਿਰ ਦਾ ਸੰਵਿਧਾਨਕ ਹੱਕ ਹੈ, ਪਰ ਵਿਰੋਧ ਨੂੰ ਇਸ ਹੱਦ ਤੱਕ ਨਾ ਲਿਜਾਇਆ ਜਾਵੇ ਕਿ ਸੰਸਦ ਮੈਂਬਰ ਨੂੰ ਸਿਫ਼ਰ ਕਾਲ ਰਾਹੀਂ ਦਿੱਤਾ ਗਿਆ ਸਮਾਂ ਬਰਬਾਦ ਹੋ ਜਾਵੇ। ਕਿਉਂਕਿ ਇਹ ਇੱਕ ਅਜਿਹਾ ਮੌਕਾ ਹੈ ਜਿਸ ਵਿੱਚ ਸਾਰੀਆਂ ਪਾਰਟੀਆਂ ਦੇ ਆਗੂ ਸਦਨ ਵਿੱਚ ਆਪਣੇ ਮੁੱਦੇ ਪੇਸ਼ ਕਰ ਸਕਦੇ ਹਨ।
ਉਨ੍ਹਾਂ ਕਿਹਾ ਕਿ 25 ਨਵੰਬਰ ਤੋਂ 20 ਦਸੰਬਰ ਤੱਕ ਸੰਸਦ ਦੇ ਚੱਲ ਰਹੇ ਸੈਸ਼ਨ ਦੌਰਾਨ ਉਨ੍ਹਾਂ ਨੂੰ ਸਿਰਫ਼ ਇੱਕ ਵਾਰ ਬੋਲਣ ਦਾ ਮੌਕਾ ਦਿੱਤਾ ਗਿਆ ਸੀ। ਜਿਸ ਦੌਰਾਨ ਉਨ੍ਹਾਂ ਵਿਸ਼ੇਸ਼ ਤੌਰ 'ਤੇ ਦੇਸ਼ ਵਿਚ ਤੇਜ਼ੀ ਨਾਲ ਫੈਲ ਰਹੇ ਕੈਂਸਰ ਨੂੰ ਰੋਕਣ ਅਤੇ ਪ੍ਰਭਾਵਿਤ ਮਰੀਜ਼ਾਂ ਦਾ ਮੁਫ਼ਤ ਇਲਾਜ ਕਰਨ ਦੀ ਅਪੀਲ ਕੀਤੀ | ਇਨ੍ਹਾਂ ਹੰਗਾਮੇ ਕਾਰਨ ਬੇਰੁਜ਼ਗਾਰੀ, ਭੁੱਖਮਰੀ, ਵਾਤਾਵਰਨ, ਸਿੱਖਿਆ ਸਮੇਤ ਹੋਰ ਕਈ ਅਹਿਮ ਮੁੱਦੇ ਵਿਚਾਰੇ ਨਹੀਂ ਜਾ ਸਕੇ।
ਉਨ੍ਹਾਂ ਕਿਹਾ ਕਿ ਇਨ੍ਹਾਂ ਹੰਗਾਮੇ ਕਾਰਨ ਰਾਜ ਸਭਾ ਦਾ 60 ਫੀਸਦੀ ਅਤੇ ਲੋਕ ਸਭਾ ਦਾ 42 ਫੀਸਦੀ ਸਮਾਂ ਬਰਬਾਦ ਹੋ ਗਿਆ। ਉਨ੍ਹਾਂ ਕਿਹਾ ਕਿ ਇਹ ਨਾ ਸਿਰਫ਼ ਸਮੇਂ ਦੀ ਬਰਬਾਦੀ ਹੈ ਸਗੋਂ ਕਰੋੜਾਂ ਰੁਪਏ ਦੀ ਬਰਬਾਦੀ ਵੀ ਹੈ। ਜਿਸ ਨੂੰ ਜਨਤਾ ਟੈਕਸ ਵਜੋਂ ਅਦਾ ਕਰਦੀ ਹੈ। ਉਨ੍ਹਾਂ ਕਿਹਾ ਕਿ ਸੰਸਦ ਪ੍ਰਤੀ ਆਪਣੀ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ, ਕਿਉਂਕਿ ਸੰਸਦ ਮੈਂਬਰ ਜਨਤਾ ਪ੍ਰਤੀ ਜਵਾਬਦੇਹ ਹੁੰਦਾ ਹੈ। ਉਨ੍ਹਾਂ ਨੂੰ ਉਮੀਦ ਹੈ ਕਿ ਸੰਸਦ ਵਿੱਚ ਉਨ੍ਹਾਂ ਦੇ ਮੁੱਦਿਆਂ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ ਪਰ ਸਦਨ ਦੀ ਕਾਰਵਾਈ ਨਾ ਹੋਣ ਕਾਰਨ ਇਹ ਮੁੱਦੇ ਜਿਉਂ ਦੇ ਤਿਉਂ ਬਣੇ ਹੋਏ ਹਨ।
Get all latest content delivered to your email a few times a month.