IMG-LOGO
ਹੋਮ ਪੰਜਾਬ: ਬਲਬੀਰ ਸਿੰਘ ਵੱਲੋਂ ਸਿਵਲ ਸਰਜਨਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਸਾਰੀਆਂ...

ਬਲਬੀਰ ਸਿੰਘ ਵੱਲੋਂ ਸਿਵਲ ਸਰਜਨਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਸਾਰੀਆਂ ਜ਼ਰੂਰੀ ਦਵਾਈਆਂ ਦੀ ਉਪਲਬਧਤਾ ਯਕੀਨੀ ਬਣਾਉਣ ਦੇ ਨਿਰਦੇਸ਼

Admin User - Dec 24, 2024 06:43 AM
IMG

.

ਚੰਡੀਗੜ੍ਹ, 23 ਦਸੰਬਰ:ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਸੂਬੇ ਦੇ ਲੋਕਾਂ ਨੂੰ ਬਿਹਤਰੀਨ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਾਰੇ ਸਿਵਲ ਸਰਜਨਾ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਜ਼ਰੂਰੀ ਦਵਾਈਆਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਤਾਂ ਜੋ ਇਲਾਜ ਲਈ ਆਉਣ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। 

ਇੱਥੇ ਸਿਵਲ ਸਰਜਨਾਂ ਲਈ ਇੱਕ ਕਾਨਫਰੰਸ-ਕਮ-ਸਿਖਲਾਈ ਵਰਕਸ਼ਾਪ ਦੀ ਪ੍ਰਧਾਨਗੀ ਕਰਦਿਆਂ ਸਿਹਤ ਮੰਤਰੀ ਨੇ ਸਾਰੇ ਸਿਵਲ ਸਰਜਨਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਵੀ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਡਾਕਟਰਾਂ ਅਤੇ ਹਸਪਤਾਲ ਦੇ ਸਟਾਫ਼ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਲੋਕਾਂ ਦੇ ਵਿਸ਼ਵਾਸ਼ ਨੂੰ ਹੋਰ ਮਜਬੂਤ ਕਰਨ ਲਈ ਮਰੀਜਾਂ ਅਤੇ ਉਹਨਾਂ ਨਾਲ ਦੇਖਭਾਲ ਲਈ ਆਉਣ ਵਾਲੇ ਵਿਅਕਤੀਆਂ ਪ੍ਰਤੀ ਨਿਮਰਤਾ ਵਾਲਾ ਵਤੀਰਾ ਰੱਖਣਾ ਚਾਹੀਦਾ  ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਲੋੜੀਂਦੇ ਫੰਡ ਦੀ ਯਕੀਨੀ ਬਣਾਏ ਗਏ ਹਨ।

ਉਨ੍ਹਾਂ ਕਿਹਾ ਕਿ ਨਰਸਿੰਗ ਦੇ ਵਿਦਿਆਰਥੀਆਂ ਨੂੰ ਬਲੱਡ ਪ੍ਰੈਸ਼ਰ, ਐਚ.ਬੀ. ਲੈਵਲ ਅਤੇ ਅੱਖਾਂ ਦੀ ਜਾਂਚ ਸਬੰਧੀ ਸਿਖਲਾਈ ਦਿੱਤੀ ਜਾਵੇ ਅਤੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਹਸਪਤਾਲਾਂ ਵਿੱਚ ਮਰੀਜ਼ਾਂ ਅਤੇ ਉਨ੍ਹਾਂ ਦੇ ਅਟੈਂਡੈਂਟਾਂ ਦੀ ਸਹਾਇਤਾ ਲਈ ਵੀ ਵਰਤਿਆ ਜਾਣਾ ਚਾਹੀਦਾ ਹੈ।

ਉਨ੍ਹਾਂ ਦੱਸਿਆ ਕਿ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਕਿਸੇ ਦੁਰਘਟਨਾ ਜਾਂ ਐਮਰਜੈਂਸੀ ਦੀ ਸਥਿਤੀ ਵਿੱਚ ਦੂਜਿਆਂ ਦੀ ਸਹਾਇਤਾ ਕਰਨ ਦੇ ਯੋਗ ਬਣਾਉਣ ਲਈ ਮੁਢਲੀ ਸਹਾਇਤਾ ਪ੍ਰਦਾਨ ਕਰਨ ਸਬੰਧੀ ਸਿਖਲਾਈ ਦਿੱਤੀ ਜਾਵੇਗੀ।

 ਇਸ ਤੋਂ ਇਲਾਵਾ, ਨਰਸਿੰਗ ਦੇ ਵਿਦਿਆਰਥੀਆਂ ਨੂੰ ਮੱਛਰ ਦੇ ਲਾਰਵੇ ਦੀ ਪਛਾਣ ਕਰਨ ਲਈ ਬ੍ਰੀਡਿੰਗ ਚੈਕਰ ਵਜੋਂ ਸਿਖਲਾਈ ਦਿੱਤੀ ਜਾਵੇਗੀ, ਜੋ ਕਿ ਅਗਲੇ ਮਾਨਸੂਨ ਸੀਜ਼ਨ ਦੌਰਾਨ ਡੇਂਗੂ ਦੇ ਮਾਮਲਿਆਂ ਨੂੰ ਕੰਟਰੋਲ ਕਰਨ ਵਿੱਚ ਮਦਦ ਮਿਲੇਗੀ।

ਚੰਗੀ ਕਾਰਗੁਜ਼ਾਰੀ ਵਾਲੇ ਜ਼ਿਲ੍ਹਿਆਂ ਦੀ ਤਾਰੀਫ਼ ਕਰਦਿਆਂ ਉਨ੍ਹਾਂ ਹੋਰਨਾਂ ਜ਼ਿਲਿ੍ਹਆਂ ਦੇ ਅਧਿਕਾਰੀਆਂ ਨੂੰ ਆਪੋ-ਆਪਣੇ ਜ਼ਿਲ੍ਹੇ ਵਿੱਚ ਸਿਹਤ ਅਤੇ ਪ੍ਰਸ਼ਾਸਨਿਕ ਢਾਂਚੇ ਦਾ ਮਿਆਰ ਉੱਚਾ ਚੁੱਕਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਪੂਰੀ ਲਗਨ ਨਾਲ ਕੰਮ ਕਰਨ ਬਾਰੇ ਸਿਹਤ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਸਨਮਾਨ ਵੀ ਕੀਤਾ ਜਾਵੇਗਾ।

ਚੇਅਰਮੈਨ ਪੀਐਚਐਸਸੀ ਰਮਨ ਬਹਿਲ ਨੇ ਸਰਕਾਰੀ ਸਿਹਤ ਸੰਸਥਾਵਾਂ ਦੀ ਸਾਂਭ-ਸੰਭਾਲ ਅਤੇ ਸਫਾਈ ਵੱਲ ਵਿਸ਼ੇਸ਼ ਧਿਆਨ ਦੇਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਾਫ਼-ਸੁਥਰਾ ਅਤੇ ਸੁਚੱਜਾ ਵਾਤਾਵਰਣ ਬਹੁਤ ਜ਼ਰੂਰੀ ਹੈ।

ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਸ਼ਾਸਨਿਕ ਸਕੱਤਰ ਕੁਮਾਰ ਰਾਹੁਲ ਨੇ ਦੱਸਿਆ ਕਿ ਪੰਜਾਬ ਵਿੱਚ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਮਰੀਜ਼ਾਂ ਦੀ ਫੀਡਬੈਕ ’ਤੇ ਆਧਾਰਿਤ ਸਰਵੇਖਣ ਕਰਵਾਇਆ ਗਿਆ ਹੈ। ਉਨ੍ਹਾਂ ਸਿਵਲ ਸਰਜਨਾਂ ਨੂੰ ਹਸਪਤਾਲਾਂ ਵਿੱਚ ਮਿਆਰੀ ਸੇਵਾਵਾਂ ਪ੍ਰਦਾਨ ਕਰਨ ਲਈ ਮਾਪਦੰਡਾਂ ਵਿੱਚ ਹੋਰ ਸੁਧਾਰ ਕਰਨ ਦੇ ਨਿਰਦੇਸ਼ ਦਿੱਤੇ।

ਪੰਜਾਬ ਵਿਕਾਸ ਕਮਿਸ਼ਨ ਦੇ ਮੈਂਬਰ ਅਨੁਰਾਗ ਕੁੰਡੂ ਨੇ ਸੂਬੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਤੋਂ ਮਰੀਜ਼ਾਂ ਦੀ ਫੀਡਬੈਕ ਦੇ ਆਧਾਰ ’ਤੇ ਕੀਤੇ ਗਏ ਵਿਸਤ੍ਰਿਤ ਸਰਵੇਖਣ ਦੇ ਨਤੀਜੇ ਪੇਸ਼ ਕੀਤੇ। ਇਸ ਦੇ ਜਵਾਬ ਵਿੱਚ ਸਿਹਤ ਮੰਤਰੀ ਨੇ ਸਿਵਲ ਸਰਜਨਾਂ ਨੂੰ ਸਰਵੇ ਵਿੱਚ ਪਾਈਆਂ ਗਈਆਂ ਊਣਤਾਈਆਂ ਨੂੰ ਦੂਰ ਕਰਨ ਦੇ ਨਿਰਦੇਸ਼ ਦਿੱਤੇ।

ਇਸ ਮੌਕੇ ਸਕੱਤਰ ਸਿਹਤ ਡਾ.ਅਭਿਨਵ ਤ੍ਰਿਖਾ, ਮੈਨੇਜਿੰਗ ਡਾਇਰੈਕਟਰ ਪੀ.ਐਚ.ਐਸ.ਸੀ ਵਰਿੰਦਰ ਕੁਮਾਰ, ਮਿਸ਼ਨ ਡਾਇਰੈਕਟਰ ਐਨ.ਐਚ.ਐਮ ਘਨਸ਼ਿਆਮ ਥੋਰੀ, ਸੀ.ਈ.ਓ. ਸਟੇਟ ਹੈਲਥ ਏਜੰਸੀ ਬਬੀਤਾ, ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਡਾ.ਹਿਤਿੰਦਰ ਕੌਰ, ਡਾਇਰੈਕਟਰ ਸਿਹਤ ਸੇਵਾਵਾਂ (ਐਫ.ਡਬਲਿਊ.) ਪੰਜਾਬ ਡਾ: ਜਸਮਿੰਦਰ, ਡਾਇਰੈਕਟਰ ਪੀ.ਐਚ.ਐਸ.ਸੀ ਡਾ. ਅਨਿਲ ਗੋਇਲ, ਡਾਇਰੈਕਟਰ (ਈ.ਐਸ.ਆਈ.) ਡਾ. ਸੁਮਨ ਬਾਲੀ, ਡਾਇਰੈਕਟਰ ਐਨ.ਐਚ.ਐਮ ਡਾ. ਬਲਵਿੰਦਰ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੀਟਿੰਗ ਵਿੱਚ ਹਾਜ਼ਰ ਸਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.