ਤਾਜਾ ਖਬਰਾਂ
.
ਚੰਡੀਗੜ੍ਹ, 24 ਦਸੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਅਪਣਾਉਣ ਅਤੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਹੱਕੀ ਮੰਗਾਂ ਰੱਖਣ ਲਈ ਮੌਕਾ ਨਾ ਦੇਣ ਦੀ ਸਖਤ ਆਲੋਚਨਾ ਕੀਤੀ।
ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕੀਤਾ ਕਿ ਆਪੂੰ ਬਣੇ ‘ਗਲੋਬਲ ਲੀਡਰ’ ਨਰਿੰਦਰ ਮੋਦੀ ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਵਿੱਚ ਦਖਲਅੰਦਾਜ਼ੀ ਦੇਣ ਲਈ ਜ਼ਿਆਦਾ ਤਤਪਰ ਹਨ ਪਰ ਦੇਸ਼ ਦੇ ਅੰਨਦਾਤਿਆਂ ਪ੍ਰਤੀ ਪ੍ਰਧਾਨ ਮੰਤਰੀ ਦਾ ਰਵੱਈਆ ਬੇਗਾਨਗੀ ਵਾਲਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੇ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਬੁਰੀ ਤਰ੍ਹਾਂ ਨਜ਼ਰਅੰਦਾਜ਼ ਕਰ ਰਹੀ ਹੈ ਜੋ ਕਿ ਅਤਿ ਨਿੰਦਣਯੋਗ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੜੀ ਮੰਦਭਾਗੀ ਗੱਲ ਹੈ ਕਿ ਪ੍ਰਧਾਨ ਮੰਤਰੀ ਦੇਸ਼ ਵਾਸੀਆਂ ਨੂੰ ਦਰਪੇਸ਼ ਮਸਲੇ ਹੱਲ ਕਰਨ ਦੀ ਬਜਾਏ ਕੌਮਾਂਤਰੀ ਮਾਮਲਿਆਂ ਵਿੱਚ ਦਖਲ ਦੇ ਕੇ ‘ਗਲੋਬਲ ਲੀਡਰ’ ਵਜੋਂ ਉਭਰਨ ਲਈ ਜ਼ਿਆਦਾ ਚਿੰਤਤ ਹਨ।
ਮੁੱਖ ਮੰਤਰੀ ਨੇ ਨਰਿੰਦਰ ਮੋਦੀ ਨੂੰ ਚੇਤੇ ਕਰਵਾਇਆ ਕਿ ਜਦੋਂ ਦੇਸ਼ ਅਨਾਜ ਉਤਪਾਦਨ ਦੇ ਗੰਭੀਰ ਸੰਕਟ ਦਾ ਸਾਹਮਣਾ ਕਰ ਰਿਹਾ ਸੀ ਤਾਂ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਦੇਸ਼ ਨੂੰ ਅਨਾਜ ਪੱਖੋਂ ਆਤਮ ਨਿਰਭਰ ਬਣਾਇਆ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਨੇ ਕੌਮੀ ਅੰਨ ਭੰਡਾਰ ਭਰਨ ਲਈ ਬੇਸ਼ਕੀਮਤੀ ਕੁਦਰਤੀ ਵਸੀਲੇ ਜਰਖੇਜ਼ ਮਿੱਟੀ ਅਤੇ ਪਾਣੀ ਨੂੰ ਦਾਅ ਉਤੇ ਲਾ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਦੇ ਵੱਡੇ ਯੋਗਦਾਨ ਦੇ ਬਾਵਜੂਦ ਕੇਂਦਰ ਸਰਕਾਰ ਨੇ ਉਨ੍ਹਾਂ ਪ੍ਰਤੀ ਵਿਰੋਧੀ ਰਵੱਈਆ ਅਪਣਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਬੜੀ ਹੈਰਾਨੀ ਦੀ ਗੱਲ ਹੈ ਕਿ ਕੇਂਦਰ ਸਰਕਾਰ ਕੌਮੀ ਰਾਜਧਾਨੀ ਤੋਂ 200 ਕਿਲੋਮੀਟਰ ਦੂਰ ਬੈਠੇ ਕਿਸਾਨਾਂ ਨਾਲ ਗੱਲ ਸੁਣਨ ਲਈ ਵੀ ਤਿਆਰ ਨਹੀਂ।
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਆਪਣਾ ਹੰਕਾਰੀ ਰਵੱਈਆ ਛੱਡਣ ਅਤੇ ਅੰਦੋਲਨਕਾਰੀ ਕਿਸਾਨਾਂ ਨਾਲ ਗੱਲਬਾਤ ਦਾ ਰਾਹ ਖੋਲ੍ਹਣ ਦੀ ਨਸੀਹਤ ਦਿੱਤੀ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਕਿਸੇ ਵਿਸ਼ੇਸ਼ ਮੌਕੇ ਦੀ ਉਡੀਕ ਨਹੀਂ ਕਰਨੀ ਚਾਹੀਦੀ, ਸਗੋਂ ਪਹਿਲ ਦੇ ਆਧਾਰ ਉਤੇ ਕਿਸਾਨਾਂ ਦੀਆਂ ਸ਼ਿਕਾਇਤਾਂ ਦਾ ਹੱਲ ਕਰਨਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਕਿਸਾਨਾਂ ਦੇ ਮਸਲਿਆਂ ਨੂੰ ਵਡੇਰੇ ਲੋਕ ਹਿੱਤ ਵਿੱਚ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇ।
Get all latest content delivered to your email a few times a month.