ਤਾਜਾ ਖਬਰਾਂ
.
ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰ ਕੌਰ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ’ਚ ਸਾਲਾਨਾ ਸ਼ਹੀਦੀ ਸਭਾ ਸ਼ੁਰੂ ਹੋ ਗਈ ਹੈ। ਕੜਾਕੇ ਦੀ ਠੰਢ ’ਚ ਵੱਡੀ ਗਿਣਤੀ ਸੰਗਤ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਿਜਦਾ ਕਰਨ ਲਈ ਇਥੇ ਪੁੱਜਣੀ ਸ਼ੁਰੂ ਹੋ ਗਈ ਹੈ। ਸ਼ਰਧਾਲੂਆਂ ਵੱਲੋਂ ਥਾਂ-ਥਾਂ ’ਤੇ ਲੰਗਰ ਲਗਾਏ ਗਏ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਰੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਕਿਹਾ ਕਿ ਸੰਗਤ ਨੂੰ ਕੋਈ ਮੁਸ਼ਕਲ ਨਹੀਂ ਆਉਂਣ ਦਿੱਤੀ ਜਾਵੇਗੀ। ਅੱਜ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ’ਚ ਅਖੰਡ ਪਾਠ ਆਰੰਭ ਹੋਣ ਨਾਲ ਸ਼ਹੀਦੀ ਸਭਾ ਦੀ ਰਸਮੀ ਸ਼ੁਰੂਆਤ ਹੋ ਗਈ ਹੈ ਜਿਸ ਦੇ ਭੋਗ 27 ਦਸੰਬਰ ਨੂੰ ਭੋਗ ਪਾਏ ਜਾਣਗੇ। 25 ਤੋਂ 28 ਦਸੰਬਰ ਤੱਕ ਦਿਨ-ਰਾਤ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿਚ ਪੰਥਕ ਸ਼ਖ਼ਸੀਅਤਾਂ ਤੋਂ ਇਲਾਵਾ ਪ੍ਰਸਿੱਧ ਵਿਦਵਾਨ, ਰਾਗੀ, ਢਾਡੀ, ਕਵੀਸ਼ਰ ਅਤੇ ਪ੍ਰਚਾਰਕ ਸੰਗਤ ਨੂੰ ਗੁਰ ਇਤਿਹਾਸ ਤੋਂ ਜਾਣੂ ਕਰਵਾਉਣਗੇ। 27 ਦਸੰਬਰ ਨੂੰ ਸਵੇਰੇ 9 ਵਜੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾਵੇਗਾ, ਜਿਸ ਦੀ ਦੁਪਹਿਰ 12 ਵਜੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ’ਚ ਸਮਾਪਤੀ ਹੋਵੇਗੀ। ਇਸੇ ਤਰ੍ਹਾਂ 27 ਦਸੰਬਰ ਨੂੰ ਦੁਪਹਿਰ 12 ਵਜੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ’ਚ ਅੰਮ੍ਰਿਤ ਸੰਚਾਰ ਕਰਵਾਇਆ ਜਾਵੇਗਾ।
Get all latest content delivered to your email a few times a month.