IMG-LOGO
ਹੋਮ ਪੰਜਾਬ, ਵਿਓਪਾਰ, ਪੰਜਾਬ ਸਰਕਾਰ ਨੇ ਖੇਤੀਬਾੜੀ ਸੈਕਟਰ ਦੀ ਖੁਸ਼ਹਾਲੀ ਲਈ ਲਿਆਂਦੀਆਂ ਨਵੀਆਂ...

ਪੰਜਾਬ ਸਰਕਾਰ ਨੇ ਖੇਤੀਬਾੜੀ ਸੈਕਟਰ ਦੀ ਖੁਸ਼ਹਾਲੀ ਲਈ ਲਿਆਂਦੀਆਂ ਨਵੀਆਂ ਪਹਿਲਕਦਮੀਆਂ, ਗੰਨੇ ਦਾ ਸਭ ਤੋਂ ਵੱਧ ਭਾਅ 401 ਰੁਪਏ ਪ੍ਰਤੀ ਕੁਇੰਟਲ ਦੇਣ ਵਿੱਚ ਪੰਜਾਬ ਦੇਸ਼...

Admin User - Dec 28, 2024 05:29 PM
IMG

.

ਚੰਡੀਗੜ੍ਹ, 28 ਦਸੰਬਰ: ਖੇਤੀਬਾੜੀ ਸੈਕਟਰ ਨੂੰ ਹੋਰ ਖੁਸ਼ਹਾਲ ਬਣਾਉਣ ਅਤੇ ਸੂਬੇ ਦੇ ਮਿਹਨਤਕਸ਼ ਕਿਸਾਨਾਂ ਦੀ ਆਮਦਨ ਵਿੱਚ ਹੋਰ ਵਾਧਾ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਉਤਸ਼ਾਹਿਤ ਕਰਨ ਦੇ ਨਾਲ ਨਾਲ ਗੰਨੇ ਦੇ ਰੇਟ ਵਿੱਚ ਵਾਧਾ, ਹਾਈਬ੍ਰਿਡ ਮੱਕੀ ਦੇ ਬੀਜਾਂ 'ਤੇ ਸਬਸਿਡੀ, ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਲਈ ਵਿੱਤੀ ਸਹਾਇਤਾ, ਕਿਸਾਨਾਂ ਨੂੰ ਖੇਤੀ ਮੋਟਰਾਂ ਲਈ ਮੁਫ਼ਤ ਬਿਜਲੀ ਸਮੇਤ ਹੋਰ ਵੀ ਪਹਿਲਕਦਮੀਆਂ ਕੀਤੀਆਂ ਗਈਆਂ ਹਨ। 

ਖੇਤੀਬਾੜੀ ਵਿਭਾਗ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵੱਲੋਂ ਦੇਸ਼ ਭਰ ਵਿੱਚੋਂ ਗੰਨੇ ਦਾ ਸਭ ਤੋਂ ਵੱਧ 401 ਰੁਪਏ ਪ੍ਰਤੀ ਕੁਇੰਟਲ ਰੇਟ ਦਿੱਤਾ ਜਾ ਰਿਹਾ ਹੈ। ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਪਿੜਾਈ ਸੀਜ਼ਨ 2024-25 ਲਈ ਗੰਨੇ ਦੇ ਸਟੇਟ-ਐਗਰੀਡ ਪ੍ਰਾਈਜ਼ (ਐਸ.ਏ.ਪੀ.) ਵਿੱਚ 10 ਰੁਪਏ ਦਾ ਵਾਧਾ ਕੀਤਾ ਹੈ, ਜਿਸ ਨਾਲ ਇਹ ਰੇਟ 401 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਹੈ। ਪੰਜਾਬ ਸਰਕਾਰ ਨੇ ਸਹਿਕਾਰੀ ਖੰਡ ਮਿੱਲਾਂ ਦਾ ਪਿੜਾਈ ਸੀਜ਼ਨ 2023-24 ਲਈ ਸਾਰੀ ਅਦਾਇਗੀ ਕਲੀਅਰ ਕਰ ਦਿੱਤੀ ਹੈ। ਇਨ੍ਹਾਂ ਪਹਿਲਕਦਮੀਆਂ ਸਦਕਾ 2024-25 ਦੌਰਾਨ ਗੰਨੇ ਦੀ ਫਸਲ ਅਧੀਨ ਰਕਬੇ ਵਿੱਚ 5000 ਹੈਕਟੇਅਰ ਦਾ ਵਾਧਾ ਹੋਇਆ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਤਕਨੀਕ ਅਪਣਾਉਣ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਸਰਕਾਰ ਦੇ ਇਸ ਉਪਰਾਲੇ ਨੂੰ ਕਿਸਾਨਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਸਾਉਣੀ ਸੀਜ਼ਨ-2024 ਦੌਰਾਨ ਕੁੱਲ 2.53 ਲੱਖ ਏਕੜ ਰਕਬੇ ਵਿੱਚ ਡੀ.ਐਸ.ਆਰ. ਅਧੀਨ ਬਿਜਾਈ ਕੀਤੀ ਗਈ, ਜਦੋਂਕਿ ਸਾਉਣੀ ਸੀਜ਼ਨ-2023 ਦੌਰਾਨ 1.70 ਲੱਖ ਏਕੜ ਰਕਬੇ ਵਿੱਚ ਬਿਜਾਈ ਕੀਤੀ ਗਈ ਸੀ। ਇਸ ਅਨੁਸਾਰ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਡੀ.ਐਸ.ਆਰ. ਅਧੀਨ 48.8 ਫੀਸਦ ਰਕਬੇ ਦਾ ਵਾਧਾ ਹੋਇਆ ਹੈ। ਖੇਤੀਬਾੜੀ ਵਿਭਾਗ ਵੱਲੋਂ ਸਾਲ 2023 ਦੌਰਾਨ 17,112 ਕਿਸਾਨਾਂ ਨੂੰ 20.05 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ। 

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਉਨ੍ਹਾਂ ਦੇ ਟਿਊਬਵੈੱਲਾਂ ਲਈ ਮੁਫਤ ਬਿਜਲੀ ਦੀ ਸਹੂਲਤ ਨੂੰ ਜਾਰੀ ਰੱਖਿਆ ਹੈ ਅਤੇ ਇਸ ਮੰਤਵ ਲਈ 2024-25 ਦੌਰਾਨ 9331 ਕਰੋੜ ਰੁਪਏ ਰੱਖੇ ਗਏ ਹਨ।

 ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸੂਬਾ ਸਰਕਾਰ ਦੀ ਫ਼ਸਲੀ ਵਿਭਿੰਨਤਾ ਮੁਹਿੰਮ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ ਪੰਜਾਬ ਵਿੱਚ ਬਾਸਮਤੀ ਦੀ ਕਾਸ਼ਤ ਅਧੀਨ ਰਕਬੇ ਵਿੱਚ ਘੱਟੋ-ਘੱਟ 14 ਫੀਸਦੀ ਵਾਧਾ ਹੋਇਆ ਹੈ। ਇਸ ਸਾਉਣੀ ਸੀਜ਼ਨ ਦੌਰਾਨ 6.80 ਲੱਖ ਹੈਕਟੇਅਰ ਰਕਬੇ ਵਿੱਚ ਬਾਸਮਤੀ ਦੀ ਬਿਜਾਈ ਕੀਤੀ ਗਈ, ਜੋ ਕਿ ਸਾਲ 2023 ਵਿੱਚ 5.96 ਲੱਖ ਹੈਕਟੇਅਰ ਸੀ। ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਬਾਸਮਤੀ ਪੈਦਾ ਕਰਨ ਦੇ ਯੋਗ ਬਣਾਉਣ ਲਈ ਬਾਸਮਤੀ 'ਤੇ ਵਰਤੀਆਂ ਜਾਣ ਵਾਲੀਆਂ 10 ਕੀਟਨਾਸ਼ਕਾਂ 'ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਉਹਨਾਂ ਦੱਸਿਆ ਕਿ ਐਗਰੀਕਲਚਰਲ ਐਂਡ ਪ੍ਰੋਸੈਸਡ ਫੂਡ ਪ੍ਰੋਡਕਟਸ ਐਕਸਪੋਰਟ ਡਿਵੈਲਪਮੈਂਟ ਅਥਾਰਟੀ (ਏ.ਪੀ.ਈ.ਡੀ.ਏ.) ਦੇ ਤਾਲਮੇਲ ਨਾਲ ਬਾਸਮਤੀ ਐਕਸਟੈਂਸ਼ਨ-ਰਿਸਰਚ ਸੈਂਟਰ ਅਤੇ ਰੈਜ਼ੀਡਿਊ ਟੈਸਟਿੰਗ ਲੈਬ ਦੀ ਸਥਾਪਨਾ ਕੀਤੀ ਜਾ ਰਹੀ ਹੈ, ਜਿਸ ਨਾਲ ਪੰਜਾਬ ਦੇ ਬਾਸਮਤੀ ਨਿਰਯਾਤ ਨੂੰ ਵੱਡਾ ਹੁਲਾਰਾ ਮਿਲੇਗਾ।

ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਸਾਉਣੀ ਸੀਜ਼ਨ-2024 ਦੌਰਾਨ ਮੱਕੀ ਦੀ ਕਾਸ਼ਤ ਅਧੀਨ ਰਕਬੇ ਵਿੱਚ ਪਿਛਲੇ ਸਾਲ ਦੇ 0.94 ਲੱਖ ਹੈਕਟੇਅਰ ਤੋਂ ਵਧਾ ਕੇ 0.98 ਲੱਖ ਹੈਕਟੇਅਰ ਕਰਨ ਵਿੱਚ ਵੀ ਸਫ਼ਲਤਾ ਹਾਸਲ ਕੀਤੀ ਹੈ। ਸੂਬਾ ਸਰਕਾਰ ਵੱਲੋਂ ਪੀ.ਏ.ਯੂ., ਲੁਧਿਆਣਾ ਵੱਲੋਂ ਪ੍ਰਮਾਣਿਤ ਅਤੇ ਸਿਫ਼ਾਰਸ਼ ਕੀਤੇ ਮੱਕੀ ਦੇ ਬੀਜਾਂ ਦੀਆਂ ਹਾਈਬ੍ਰਿਡ ਕਿਸਮਾਂ 'ਤੇ 100 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਸਬਸਿਡੀ ਮੁਹੱਈਆ ਕਰਵਾਈ ਗਈ ਹੈ ਅਤੇ ਇਸ ਮਕਸਦ ਲਈ 2.30 ਕਰੋੜ ਰੁਪਏ ਰਾਖਵੇਂ ਰੱਖੇ ਗਏ ਸਨ। ਉਹਨਾਂ ਦੱਸਿਆ ਕਿ ਸੂਬੇ ਵਿੱਚ 3500 ਹੈਕਟੇਅਰ ਰਕਬੇ ਵਿੱਚ ਮੱਕੀ ਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ, ਜਿਸ ਵਿੱਚ ਕਿਸਾਨਾਂ ਨੂੰ 6000/- ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੱਕੀ ਦੇ ਬੀਜ ਅਤੇ ਹੋਰ ਸਮੱਗਰੀ ਜਿਵੇਂ ਕਿ ਖਾਦਾਂ, ਕੀਟਨਾਸ਼ਕਾਂ ਆਦਿ ਲਈ ਸਹਾਇਤਾ ਵਜੋਂ ਦਿੱਤੇ ਗਏ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਲਈ ਕਿਸਾਨ ਸਮੂਹਾਂ/ਗ੍ਰਾਮ ਪੰਚਾਇਤਾਂ/ਐਫ.ਪੀ.ਓਜ਼ ਨੂੰ 80 ਫੀਸਦ ਸਬਸਿਡੀ ਅਤੇ ਕਿਸਾਨਾਂ ਨੂੰ 50 ਫੀਸਦ ਸਬਸਿਡੀ ਦਿੱਤੀ ਜਾ ਰਹੀ ਹੈ। ਵਿੱਤੀ ਸਾਲ 2024-25 ਦੌਰਾਨ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ 16,000 ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ। ਇਸ ਦੇ ਨਤੀਜੇ ਵਜੋਂ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਦੀ ਗਿਣਤੀ ਇਸ ਸਾਲ 10,909 ਰਹਿ ਗਈਆਂ, ਜੋ ਸਾਲ 2023 ਦੌਰਾਨ 36,663 ਸਨ। ਇਸ ਤਰ੍ਹਾਂ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਪਿਛਲੇ ਸਾਲ ਦੇ ਮੁਕਾਬਲੇ 70 ਫੀਸਦ ਕਮੀ ਆਈ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.