ਤਾਜਾ ਖਬਰਾਂ
.
ਸਿਹਤ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਠਾਕੁਰ ਸੁਖਬਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਸੂਬਾ ਸਰਕਾਰ ਸਿਹਤ ਖੇਤਰ ਨੂੰ ਮੁੜ ਸੁਰਜੀਤ ਕਰਨ ਲਈ ਕੰਮ ਕਰ ਰਹੀ ਹੈ। ਰਾਜ ਦੇ ਲੋਕਾਂ ਦੇ ਸਿਹਤ ਲਾਭ ਲਈ ਅਤਿ-ਆਧੁਨਿਕ ਮੈਡੀਕਲ ਉਪਕਰਣਾਂ ਅਤੇ ਮਸ਼ੀਨਰੀ ਦੀ ਖਰੀਦ 'ਤੇ ਲਗਭਗ 1,570 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਹਰ ਸਾਲ 9.50 ਲੱਖ ਮਰੀਜ਼ ਜਾਂਚ ਅਤੇ ਇਲਾਜ ਲਈ ਰਾਜ ਛੱਡ ਜਾਂਦੇ ਹਨ, ਜਿਸ ਨਾਲ ਜੀਡੀਪੀ ਵਿੱਚ 1,350 ਕਰੋੜ ਰੁਪਏ ਦਾ ਨੁਕਸਾਨ ਹੁੰਦਾ ਹੈ। ਇਹ ਇੱਕ ਗੰਭੀਰ ਮੁੱਦਾ ਹੈ ਅਤੇ ਮੌਜੂਦਾ ਸੂਬਾ ਸਰਕਾਰ ਨੂੰ ਸੂਬੇ ਵਿੱਚ ਸਿਹਤ ਸੇਵਾਵਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਖ਼ਤ ਪਹਿਲ ਦੇ ਨਾਲ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਮਰੀਜ਼ਾਂ ਨੂੰ ਸਸਤੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ ਅਤੇ ਉਨ੍ਹਾਂ ਦੇ ਕੀਮਤੀ ਪੈਸੇ ਅਤੇ ਸਮੇਂ ਦੀ ਬੱਚਤ ਹੋ ਸਕੇ।
ਠਾਕੁਰ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਮੈਡੀਕਲ ਕਾਲਜਾਂ ਨੂੰ ਨਿਊਰੋਲੋਜੀ, ਓਨਕੋਲੋਜੀ, ਆਰਥੋਪੈਡਿਕਸ ਅਤੇ ਹੋਰ ਵਿਭਾਗਾਂ ਵਿੱਚ ਰੋਬੋਟਿਕ ਸਰਜਰੀ ਦੀਆਂ ਸਹੂਲਤਾਂ ਨਾਲ ਅਪਗ੍ਰੇਡ ਕੀਤਾ ਜਾਣਾ ਚਾਹੀਦਾ ਹੈ। ਇਸ ਨਾਲ ਡਾਕਟਰਾਂ 'ਤੇ ਕੰਮ ਦਾ ਬੋਝ ਘੱਟ ਹੋਵੇਗਾ ਅਤੇ ਇਲਾਜ ਅਧੀਨ ਮਰੀਜ਼ਾਂ ਨੂੰ ਵੀ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਆਈਜੀਐਮਸੀ ਸ਼ਿਮਲਾ ਅਤੇ ਡਾ. ਰਾਜਿੰਦਰ ਪ੍ਰਸਾਦ ਰਾਜਕੀਆ ਮੈਡੀਕਲ ਕਾਲਜ ਟਾਂਡਾ ਵਿਖੇ ਅਤਿ-ਆਧੁਨਿਕ ਪੈਟ ਸਕੈਨ ਅਤੇ ਐਮਆਰਆਈ ਮਸ਼ੀਨਾਂ ਲਗਾਉਣ ਦੀ ਪ੍ਰਕਿਰਿਆ ਚੱਲ ਰਹੀ ਹੈ ਅਤੇ ਜਲਦੀ ਹੀ ਲੋਕਾਂ ਨੂੰ ਸੌਂਪ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਡਾ. ਰਾਧਾਕ੍ਰਿਸ਼ਨਨ ਰਾਜਕੀਆ ਮੈਡੀਕਲ ਕਾਲਜ ਹਮੀਰਪੁਰ ਵਿਖੇ 300 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਨਾਲ ਅਤਿ-ਆਧੁਨਿਕ ਸਹੂਲਤਾਂ ਵਾਲਾ ਕੈਂਸਰ ਕੇਅਰ ਸੈਂਟਰ ਆਫ਼ ਐਕਸੀਲੈਂਸ ਵੀ ਸਥਾਪਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਵਿੱਚ ਰਾਜ ਦੀ ਪਹਿਲੀ ਸਾਈਕਲੋਟ੍ਰੋਨ ਮਸ਼ੀਨ ਦੇ ਨਾਲ-ਨਾਲ ਰੇਡੀਏਸ਼ਨ ਅਤੇ ਨਿਊਕਲੀਅਰ ਮੈਡੀਸਨ ਥੈਰੇਪੀ ਦੀਆਂ ਸਹੂਲਤਾਂ ਵੀ ਹੋਣਗੀਆਂ। ਇਸ ਕੇਂਦਰ ਵਿੱਚ ਕੈਂਸਰ ਦੇ ਮਰੀਜ਼ਾਂ ਲਈ 150 ਬੈੱਡ ਵੀ ਹੋਣਗੇ।
ਮੁੱਖ ਮੰਤਰੀ ਨੇ ਇਨ੍ਹਾਂ ਹਸਪਤਾਲਾਂ ਵਿੱਚ ਵਿਸ਼ੇਸ਼ ਬੈੱਡਾਂ ਅਤੇ 69 ਸਿਹਤ ਸਹੂਲਤਾਂ ਨੂੰ ਅਪਗ੍ਰੇਡ ਅਤੇ ਮਜ਼ਬੂਤ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਸੂਬੇ ਵਿੱਚ ਮਰੀਜ਼ਾਂ ਨੂੰ ਮਿਆਰੀ ਇਲਾਜ ਸਹੂਲਤਾਂ ਮਿਲ ਸਕਣ। ਇਹ ਸੈਕੰਡਰੀ ਦੇਖਭਾਲ, ਐਮਰਜੈਂਸੀ ਸੇਵਾਵਾਂ, ਸਾਜ਼ੋ-ਸਾਮਾਨ ਦੀਆਂ ਸਹੂਲਤਾਂ ਅਤੇ ਸੁਰੱਖਿਆ ਮਾਪਦੰਡਾਂ, ਅੱਗ ਦੇ ਬੁਨਿਆਦੀ ਢਾਂਚੇ ਅਤੇ ਅੰਦਰੂਨੀ ਗਤੀਸ਼ੀਲਤਾ ਵਿੱਚ ਸੁਧਾਰ ਸਮੇਤ ਹੋਰ ਸਿਹਤ ਸਹੂਲਤਾਂ ਨੂੰ ਵੀ ਮਜ਼ਬੂਤ ਕਰੇਗਾ। ਉਨ੍ਹਾਂ ਕਿਹਾ ਕਿ ਜ਼ੋਨਲ ਹਸਪਤਾਲਾਂ, ਖੇਤਰੀ ਅਤੇ ਜ਼ਿਲ੍ਹਾ ਹਸਪਤਾਲਾਂ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਇਲਾਜ ਦੀਆਂ ਸਹੂਲਤਾਂ ਵਿੱਚ ਵਾਧਾ ਕਰਨ ਲਈ ਇਨ-ਹਾਊਸ ਲੈਬਾਰਟਰੀਆਂ ਸਥਾਪਤ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਕਾਰਜ ਯੋਜਨਾ ਤਹਿਤ ਜ਼ੋਨਲ ਅਤੇ ਸਿਵਲ ਹਸਪਤਾਲਾਂ ਵਿੱਚ ਮਾਡਿਊਲਰ ਅਪਰੇਸ਼ਨ ਥੀਏਟਰ ਬਣਾਏ ਜਾਣਗੇ। ਸੂਬਾ ਸਰਕਾਰ ਦੇ ਇਨ੍ਹਾਂ ਯਤਨਾਂ ਦੇ ਸਿੱਟੇ ਵਜੋਂ ਹੁਣ ਮਰੀਜ਼ਾਂ ਨੂੰ ਇਲਾਜ ਲਈ ਸੂਬੇ ਤੋਂ ਬਾਹਰ ਨਹੀਂ ਜਾਣਾ ਪਵੇਗਾ ਅਤੇ ਸੂਬੇ ਵਿੱਚ ਮੈਡੀਕਲ ਟੂਰਿਜ਼ਮ ਨੂੰ ਉਤਸ਼ਾਹਿਤ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸਿਹਤ ਸਹੂਲਤਾਂ ਦੇ ਨਵੀਨੀਕਰਨ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਿਹਤ ਸਹੂਲਤਾਂ ਦੇ ਨਵੀਨੀਕਰਨ ਲਈ ਲੋੜੀਂਦੇ ਫੰਡ ਮੁਹੱਈਆ ਕਰਵਾ ਰਹੀ ਹੈ ਅਤੇ ਲੋੜ ਪੈਣ 'ਤੇ ਵਾਧੂ ਫੰਡ ਜਾਰੀ ਕੀਤੇ ਜਾਣਗੇ। ਉਨ•ਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਉੱਚ ਪੱਧਰੀ ਸਿਹਤ ਸਹੂਲਤਾਂ ਉਨ•ਾਂ ਦੇ ਦਰਵਾਜ਼ੇ 'ਤੇ ਉਪਲਬਧ ਕਰਵਾਉਣ ਲਈ ਵਚਨਬੱਧ ਹੈ।
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. (ਕਰਨਲ) ਧਨੀ ਰਾਮ ਸ਼ਾਂਡਿਲ, ਵਿਧਾਇਕ ਸੰਜੇ ਅਵਸਥੀ, ਅਜੈ ਸੋਲੰਕੀ, ਸਕੱਤਰ ਸਿਹਤ ਐਮ.ਸੁਧਾ ਦੇਵੀ, ਵਿਸ਼ੇਸ਼ ਸਕੱਤਰ ਸਿਹਤ ਡਾ. ਅਸ਼ਵਨੀ ਸ਼ਰਮਾ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।
Get all latest content delivered to your email a few times a month.