ਤਾਜਾ ਖਬਰਾਂ
.
ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ ਡਵੀਜ਼ਨ ਨੇ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਕਰਨ ਵਾਲੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਕੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ‘ਤੇ ਭੁਗਤਾਨ ਸਬੰਧੀ ਧੋਖਾਧੜੀ ਦਾ ਪਰਦਾਫਾਸ਼ ਕੀਤਾ ਹੈ। ਮੁਲਜ਼ਮ ਕਿਸਾਨਾਂ ਨੂੰ ਕੀਤੀ ਗਈ ਫ਼ਸਲ ਦੀ ਅਦਾਇਗੀ ਨੂੰ ਆਪਣੇ ਖਾਤਿਆਂ ਵਿੱਚ ਟਰਾਂਸਫਰ ਕਰਨ ਦੇ ਅਪਰਾਧ ਵਿੱਚ ਸ਼ਾਮਲ ਸਨ। ਇਹ ਜਾਣਕਾਰੀ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਸਾਈਬਰ ਕ੍ਰਾਈਮ ਡਿਵੀਜ਼ਨ ਵੀ. ਨੀਰਜਾ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਨੀਸ਼, ਜਸਵੀਰ ਸਿੰਘ, ਅੰਗਰੇਜ ਸਿੰਘ ਅਤੇ ਬਲਵਿੰਦਰ ਸਿੰਘ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਧੋਖਾਧੜੀ ਕਰਨ ਲਈ ਵਰਤੇ ਗਏ ਡਿਜੀਟਲ ਉਪਕਰਨ ਅਤੇ ਰਾਊਟਰ ਵੀ ਬਰਾਮਦ ਕਰ ਲਏ ਹਨ।
ਏਡੀਜੀਪੀ ਵੀ ਨੀਰਜਾ ਨੇ ਦੱਸਿਆ ਕਿ ਉਕਤ ਮੁਲਜ਼ਮ ਅਤਿ-ਆਧੁਨਿਕ ਢੰਗ ਤਰੀਕਿਆਂ ਦੀ ਮਦਦ ਨਾਲ ਕਿਸਾਨਾਂ ਦੇ ਮੋਬਾਈਲ ਨੰਬਰਾਂ ਨੂੰ ਆਪਣੇ ਮੋਬਾਈਲ ਨੰਬਰਾਂ ਨਾਲ ਬਦਲ ਕੇ ਕਿਸਾਨਾਂ ਦੇ ਖਾਤਿਆਂ ਵਿੱਚ ਆਉਣ ਵਾਲੀ ਫ਼ਸਲ ਦੀ ਅਦਾਇਗੀ ਨੂੰ ਧੋਖੇ ਨਾਲ ਆਪਣੇ ਖਾਤਿਆਂ ਵਿੱਚ ਟਰਾਂਸਫ਼ਰ ਕਰਦੇ ਸਨ ਅਤੇ ਫਿਰ ਕੰਮ ਹੋਣ ਉਪਰੰਤ ਕਿਸਾਨਾਂ ਦੇ ਬੈਂਕ ਖਾਤੇ ਦੀ ਜਾਣਕਾਰੀ ਨੂੰ ਅਪਡੇਟ ਕਰ ਦਿੰਦੇ ਸਨ। ਉਨ੍ਹਾਂ ਅੱਗੇ ਦੱਸਿਆ ਕਿ ਆਪਣੇ ਇਸ ਅਪਰਾਧ ਦਾ ਪਰਦਾਫਾਸ਼ ਹੋਣ ਤੋਂ ਬਚਣ ਲਈ ਉਕਤ ਮੁਲਜ਼ਮ ਭੁਗਤਾਨ ਦੀ ਪ੍ਰਕਿਰਿਆ ਤੋਂ ਤੁਰੰਤ ਬਾਅਦ ਖਾਤੇ ਦੇ ਅਸਲ ਵੇਰਵੇ ਬਹਾਲ ਕਰ ਦਿੰਦੇ ਸਨ। ਉਨ੍ਹਾਂ ਦੱਸਿਆ ਕਿ ਘੁਟਾਲੇ ਵਿੱਚ ਸ਼ਾਮਲ ਹੋਰ ਮੁਲਜ਼ਮਾਂ ਨੂੰ ਫੜਨ ਲਈ ਸੂਬਾ ਪੱਧਰੀ ਕਾਰਵਾਈ ਕੀਤੀ ਜਾ ਰਹੀ ਹੈ।
Get all latest content delivered to your email a few times a month.