ਤਾਜਾ ਖਬਰਾਂ
.
ਅੰਮ੍ਰਿਤਸਰ- ਅੰਮ੍ਰਿਤਸਰ ਥਾਣਾ ਸਦਰ ਅਤੇ ਸੀਆਈਏ ਸਟਾਫ਼-3 ਦੀ ਸਾਂਝੀ ਕਾਰਵਾਈ ਦੌਰਾਨ ਕੌਮਾਂਤਰੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਮੁਲਜ਼ਮ ਅਮਰੀਕੀ ਗੈਂਗਸਟਰ ਪ੍ਰਭ ਦਾਸੂਵਾਲ ਦੇ ਸੰਪਰਕ ਵਿੱਚ ਸਨ ਅਤੇ ਉਸ ਦੇ ਇਸ਼ਾਰੇ ’ਤੇ ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰ ਰਹੇ ਸਨ।
ਫੜੇ ਗਏ ਮੁਲਜ਼ਮਾਂ ਵਿੱਚ ਰੋਹਿਤ, ਸੁਖਰਾਜ ਅਤੇ ਜੁਗਰਾਜ ਸ਼ਾਮਲ ਹਨ, ਜੋ ਮੁਹਾਲੀ ਦੇ ਇੱਕ ਪੀਜੀ ਵਿੱਚ ਰਹਿੰਦੇ ਸਨ। ਪ੍ਰਭ ਦਾਸੂਵਾਲ ਦੇ ਨਿਰਦੇਸ਼ਾਂ 'ਤੇ ਇਹ ਲੋਕ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੰਦੇ ਸਨ ਅਤੇ ਹੋਰ ਅਪਰਾਧਿਕ ਸ਼ੂਟਰਾਂ ਨੂੰ ਹਥਿਆਰ ਸਪਲਾਈ ਕਰਦੇ ਸਨ। ਇਨ੍ਹਾਂ ਨੇ ਤਰਨਤਾਰਨ 'ਚ ਵੀ ਇਕ ਵਿਅਕਤੀ ਦੀ ਰੈਕੀ ਕਰਕੇ ਉਸ ਦਾ ਕਤਲ ਕੀਤਾ ਸੀ ਅਤੇ ਕੋਈ ਵੱਡੀ ਵਾਰਦਾਤ ਕਰਨ ਦੀ ਯੋਜਨਾ ਬਣਾ ਰਹੇ ਸਨ।
ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਨ੍ਹਾਂ ਮੁਲਜ਼ਮਾਂ ਨੇ ਤਰਨਤਾਰਨ ਜ਼ਿਲ੍ਹੇ ਦੇ ਪੱਟੀ ਇਲਾਕੇ ਵਿੱਚ ਸਰਪੰਚ ਰਾਜਵਿੰਦਰ ਸਿੰਘ ਤਲਵੰਡੀ ਦੇ ਕਤਲ ਵਿੱਚ ਵੀ ਭੂਮਿਕਾ ਨਿਭਾਈ ਸੀ। ਉਨ੍ਹਾਂ ਨੇ ਕਤਲ ਨੂੰ ਅੰਜਾਮ ਦਿੱਤਾ ਸੀ ਅਤੇ ਸ਼ੂਟਰਾਂ ਨੂੰ ਹਥਿਆਰ ਸਪਲਾਈ ਕੀਤੇ ਸਨ। ਫਿਲਹਾਲ ਪੁਲਸ ਇਨ੍ਹਾਂ ਦੋਸ਼ੀਆਂ ਤੋਂ ਪੁੱਛਗਿੱਛ ਕਰ ਰਹੀ ਹੈ।
ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀਆਂ ਹਦਾਇਤਾਂ ’ਤੇ ਡੀਸੀਪੀ ਆਲਮ ਵਿਜੇ ਸਿੰਘ ਅਤੇ ਏਡੀਸੀਪੀ ਹਰਕਮਲ ਕੌਰ ਦੀ ਅਗਵਾਈ ਹੇਠ ਇਹ ਕਾਰਵਾਈ ਕੀਤੀ ਗਈ। ਪੁੱਛਗਿੱਛ ਦੌਰਾਨ ਪੁਲਿਸ ਨੂੰ ਪਤਾ ਲੱਗਾ ਕਿ ਮੁਲਜ਼ਮ ਗੈਂਗਸਟਰ ਪ੍ਰਭ ਦਾਸੂਵਾਲ ਲਈ ਕੰਮ ਕਰਦੇ ਹੋਏ ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰਦੇ ਸਨ। ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਗਿਆ ਹੈ। ਪੁਲਿਸ ਹੁਣ ਉਸ ਦੇ ਹੋਰ ਸਾਥੀਆਂ ਅਤੇ ਪ੍ਰਭ ਦਾਸੂਵਾਲ ਦੇ ਨੈੱਟਵਰਕ ਦੀ ਜਾਂਚ ਕਰ ਰਹੀ ਹੈ।
Get all latest content delivered to your email a few times a month.