ਤਾਜਾ ਖਬਰਾਂ
.
ਸੁਪਰੀਮ ਕੋਰਟ ਦੇ ਹੁਕਮਾਂ ਦੇ ਬਾਵਜੂਦ ਤਿੰਨ ਨਗਰ ਕੌਂਸਲਾਂ ਦੀਆਂ ਚੋਣਾਂ ਨਾ ਕਰਵਾਉਣ ਦੇ ਮਾਮਲੇ ਅੱਜ ਰਾਜ ਚੋਣ ਕਮਿਸ਼ਨਰ ਨੇ ਪੰਜਾਬ-ਹਰਿਆਣਾ ਹਾਈਕੋਰਟ ਨੂੰ ਦੱਸਿਆ ਕਿ ਇਨ੍ਹਾਂ ਤਿੰਨਾਂ ਨਗਰ ਕੌਂਸਲਾਂ ਦੀਆਂ ਚੋਣਾਂ 10 ਮਾਰਚ ਤੱਕ ਕਰਵਾਈਆਂ ਜਾਣਗੀਆਂ। ਹਾਈ ਕੋਰਟ ਨੇ ਕਿਹਾ ਕਿ ਇਹ ਸੁਪਰੀਮ ਕੋਰਟ ਦੇ ਹੁਕਮਾਂ ਦੀ ਸਿੱਧੀ ਉਲੰਘਣਾ ਹੈ, ਕਿਉਂਕਿ ਨਵੰਬਰ ਵਿੱਚ ਸੁਪਰੀਮ ਕੋਰਟ ਨੇ ਸਰਕਾਰ ਨੂੰ 10 ਹਫ਼ਤਿਆਂ ਦੇ ਅੰਦਰ ਚੋਣਾਂ ਕਰਵਾਉਣ ਦਾ ਹੁਕਮ ਦਿੱਤਾ ਸੀ। ਹਾਈਕੋਰਟ ਨੇ ਕਿਹਾ, ਜੇਕਰ ਪਟੀਸ਼ਨਰ ਚਾਹੇ ਤਾਂ ਉਹ ਇਸ ਵਿਰੁੱਧ ਮਾਣਹਾਨੀ ਪਟੀਸ਼ਨ ਦਾਇਰ ਕਰ ਸਕਦਾ ਹੈ।
ਦੱਸ ਦੇਈਏ ਕਿ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਪੰਜਾਬ ਸਰਕਾਰ ਨੂੰ ਪੰਜਾਬ ਦੀਆਂ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਕਰਵਾਉਣ ਲਈ ਮਜਬੂਰ ਹੋਣਾ ਪਿਆ ਸੀ। ਪਰ ਇਸ ਦੇ ਬਾਵਜੂਦ ਪੰਜਾਬ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਨੇ ਤਰਨਤਾਰਨ ਤਲਵਾੜਾ ਅਤੇ ਡੇਰਾ ਬਾਬਾ ਨਾਨਕ ਨਗਰ ਕੌਂਸਲ ਦੀਆਂ ਚੋਣਾਂ ਨਹੀਂ ਕਰਵਾਈਆਂ।
ਐਡਵੋਕੇਟ ਭੀਸ਼ਮ ਕਿੰਗਰ ਨੇ ਇਸ ਵਿਰੁੱਧ ਹਾਈ ਕੋਰਟ ਵਿੱਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਸੀ। ਪਿਛਲੀ ਸੁਣਵਾਈ ਮੌਕੇ ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਨੂੰ ਸਖ਼ਤ ਫਟਕਾਰ ਲਗਾਉਂਦਿਆਂ ਕਿਹਾ ਸੀ ਕਿ ਇਨ੍ਹਾਂ ਨੇ ਸਾਡੇ ਲੋਕਤੰਤਰ ਦਾ ਮਜ਼ਾਕ ਉਡਾਇਆ ਹੈ।
ਇਸ 'ਤੇ ਹਾਈ ਕੋਰਟ ਨੇ ਰਾਜ ਚੋਣ ਕਮਿਸ਼ਨ ਨੂੰ ਅੱਜ ਆਪਣਾ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਸਨ ਪਰ ਅੱਜ ਜਦੋਂ ਰਾਜ ਚੋਣ ਕਮਿਸ਼ਨ ਨੇ ਕਿਹਾ ਕਿ ਚੋਣਾਂ 10 ਮਾਰਚ ਤੱਕ ਕਰਵਾਈਆਂ ਜਾਣ ਤਾਂ ਹਾਈ ਕੋਰਟ ਨੇ ਕਿਹਾ ਕਿ ਇਹ ਸਿੱਧੇ ਤੌਰ 'ਤੇ ਚੋਣ ਕਮਿਸ਼ਨ ਦੇ ਹੁਕਮਾਂ ਦੀ ਉਲੰਘਣਾ ਹੈ। ਇਸ ਲਈ ਹਾਈਕੋਰਟ ਨੇ ਹੁਣ ਪਟੀਸ਼ਨਕਰਤਾ ਨੂੰ ਇਹ ਖੁੱਲ੍ਹ ਦਿੱਤੀ ਹੈ ਕਿ ਜੇਕਰ ਉਹ ਚਾਹੇ ਤਾਂ ਪੰਜਾਬ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਵਿਰੁੱਧ ਮਾਣਹਾਨੀ ਪਟੀਸ਼ਨ ਦਾਇਰ ਕਰ ਸਕਦਾ ਹੈ। ਇਸ ਦੇ ਨਾਲ ਹੀ ਹਾਈਕੋਰਟ ਨੇ ਪਟੀਸ਼ਨ 'ਤੇ ਸੁਣਵਾਈ 27 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਹੈ।
Get all latest content delivered to your email a few times a month.