ਤਾਜਾ ਖਬਰਾਂ
ਲੁਧਿਆਣਾ- ਲੁਧਿਆਣਾ ਦੇ ਕਾਂਗਰਸੀ ਕੌਂਸਲਰ ਦੀ ਬੁੱਧਵਾਰ ਸ਼ਾਮ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਛਾਤੀ 'ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਉਸ ਦੇ ਪਰਿਵਾਰ ਵਾਲੇ ਉਸ ਨੂੰ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।ਪਰਿਵਾਰਕ ਮੈਂਬਰਾਂ ਅਨੁਸਾਰ ਵਾਰਡ ਨੰਬਰ 8 ਤੋਂ ਕਾਂਗਰਸੀ ਕੌਂਸਲਰ ਰਾਜ ਕੁਮਾਰ ਰਾਜੂ ਸਵੇਰੇ ਪੂਰੀ ਤਰ੍ਹਾਂ ਤੰਦਰੁਸਤ ਸਨ। ਸ਼ਾਮ ਨੂੰ ਘਰ ਪਰਤਣ 'ਤੇ ਉਨ੍ਹਾਂ ਨੂੰ ਛਾਤੀ 'ਚ ਤੇਜ਼ ਦਰਦ ਮਹਿਸੂਸ ਹੋਇਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ। ਰਾਜੂ ਨੇ ਪਹਿਲੀ ਵਾਰ ਕਾਂਗਰਸ ਦੀ ਟਿਕਟ 'ਤੇ ਚੋਣ ਲੜੀ ਅਤੇ ਜਿੱਤੀ ਸੀ। ਉਹ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਸਨ।
ਦੱਸ ਦੇਈਏ ਕਿ 21 ਦਸੰਬਰ ਨੂੰ ਹੋਈਆਂ ਮਿਉਂਸਪਲ ਚੋਣਾਂ ਜਿੱਤਣ ਤੋਂ ਸਿਰਫ਼ 38 ਦਿਨ ਬਾਅਦ ਹੀ ਉਨ੍ਹਾਂ ਦੀ ਮੌਤ ਹੋ ਗਈ। ਨਿਗਮ ਚੋਣਾਂ ਵਿੱਚ ਕਾਂਗਰਸ ਨੇ ਕੁੱਲ 30 ਸੀਟਾਂ ਜਿੱਤੀਆਂ ਸਨ, ਜਿਨ੍ਹਾਂ ਵਿੱਚੋਂ ਚਾਰ ਕੌਂਸਲਰ ਪਹਿਲਾਂ ਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਰਾਜੂ ਦੀ ਮੌਤ ਤੋਂ ਬਾਅਦ ਹੁਣ ਕਾਂਗਰਸੀ ਕੌਂਸਲਰਾਂ ਦੀ ਗਿਣਤੀ 25 ਰਹਿ ਗਈ ਹੈ। ਲੁਧਿਆਣਾ ਤੋਂ ਸੰਸਦ ਮੈਂਬਰ ਰਾਜਾ ਵੜਿੰਗ ਅਤੇ ਕਾਂਗਰਸ ਪਾਰਟੀ ਦੇ ਪ੍ਰਧਾਨ ਸੰਜੇ ਤਲਵਾੜ ਨੇ ਕੌਂਸਲਰ ਰਾਜੂ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਇਸ ਔਖੀ ਘੜੀ ਵਿੱਚ ਪਰਿਵਾਰ ਦੇ ਨਾਲ ਖੜ੍ਹੀ ਹੈ।
Get all latest content delivered to your email a few times a month.