ਤਾਜਾ ਖਬਰਾਂ
ਚੰਡੀਗੜ੍ਹ- ਚੰਡੀਗੜ੍ਹ ਵਿੱਚ ਇੱਕ ਗਊਸ਼ਾਲਾ ਵਿੱਚ ਬਿਜਲੀ ਦਾ ਕਰੰਟ ਲੱਗਣ ਕਾਰਨ ਅੱਠ ਗਾਵਾਂ ਦੀ ਮੌਤ ਹੋ ਗਈ। ਜਿਸ ਵਿੱਚ 7 ਬਲਦ ਅਤੇ ਇੱਕ ਗਾਂ ਸ਼ਾਮਲ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਨਗਰ ਨਿਗਮ ਚੰਡੀਗੜ੍ਹ ਦੀ ਕੌਂਸਲਰ ਨਿਰਮਲਾ ਦੇਵੀ ਆਪਣੇ ਪਤੀ ਅਤੇ ਸੀਨੀਅਰ ਕਾਂਗਰਸੀ ਆਗੂ ਦਿਲਾਵਰ ਸਿੰਘ ਸਮੇਤ ਮੌਕੇ ’ਤੇ ਪਹੁੰਚ ਗਈ ਅਤੇ ਜਾਂਚ ਕੀਤੀ।ਇਹ ਘਟਨਾ ਬੀਤੀ ਦੇਰ ਰਾਤ ਪਿੰਡ ਮਲੋਆ ਸਥਿਤ ਗਊਸ਼ਾਲਾ ਵਿੱਚ ਵਾਪਰੀ। ਮੇਅਰ ਹਰਪ੍ਰੀਤ ਕੌਰ ਬਬਲਾ ਨੇ ਕਿਹਾ ਕਿ ਉਨ੍ਹਾਂ ਨੇ ਨਗਰ ਨਿਗਮ ਕਮਿਸ਼ਨਰ ਨੂੰ ਇਸ ਘਟਨਾ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ, ਤਾਂ ਜੋ ਇਸ ਵਿੱਚ ਲਾਪਰਵਾਹੀ ਵਰਤਣ ਵਾਲੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕੇ।
ਹਰਪ੍ਰੀਤ ਕੌਰ ਬਬਲਾ ਨੇ ਦੱਸਿਆ ਕਿ ਮੌਕੇ ’ਤੇ ਕਾਫੀ ਗੰਦਗੀ ਪਈ ਹੋਈ ਸੀ ਅਤੇ ਕੁਝ ਦਿਨ ਪਹਿਲਾਂ ਉਥੇ ਲਗਾਏ ਗਏ ਬਿਜਲੀ ਮੀਟਰ ਦੀ ਖਰਾਬੀ ਕਾਰਨ ਤਾਰਾਂ ਸਿੱਧੀਆਂ ਜੁੜ ਗਈਆਂ ਸਨ। ਜਿਸ ਕਾਰਨ ਇਹ ਦਰਦਨਾਕ ਹਾਦਸਾ ਵਾਪਰਿਆ। ਹਾਦਸੇ ਦੇ ਸਮੇਂ ਕਰੀਬ 25 ਹੋਰ ਜਾਨਵਰ ਵੀ ਉੱਥੇ ਮੌਜੂਦ ਸਨ, ਜਿਨ੍ਹਾਂ ਨੂੰ ਕੁਝ ਕਰਮਚਾਰੀਆਂ ਨੇ ਬਚਾ ਲਿਆ।
ਮੇਅਰ ਹਰਪ੍ਰੀਤ ਕੌਰ ਬਬਲਾ ਨੇ ਅੱਗੇ ਦੱਸਿਆ ਕਿ ਉਨ੍ਹਾਂ ਨੇ ਇਸ ਸਬੰਧੀ ਮੰਗਲਵਾਰ ਨੂੰ ਮੀਟਿੰਗ ਬੁਲਾਈ ਹੈ, ਜਿਸ ਵਿੱਚ ਨਗਰ ਨਿਗਮ ਦੇ ਕਮਿਸ਼ਨਰ ਅਤੇ ਹੋਰ ਅਧਿਕਾਰੀ ਹਾਜ਼ਰ ਹੋਣਗੇ। ਇਸ ਮੀਟਿੰਗ ਵਿੱਚ ਸ਼ਹਿਰ ਦੇ ਸਾਰੇ ਗਊ ਸ਼ੈਲਟਰਾਂ ਦੇ ਪ੍ਰਬੰਧਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਇਨ੍ਹਾਂ ਵਿੱਚ ਗੈਰ ਸਰਕਾਰੀ ਸੰਸਥਾਵਾਂ ਦੀ ਸ਼ਮੂਲੀਅਤ ਵਧਾਈ ਜਾਵੇ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨਾ ਵਾਪਰਨ।
ਪ੍ਰਸ਼ਾਸਨ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਅਧਿਕਾਰਤ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਸ਼ਾਸਨਿਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਜੇਕਰ ਜਾਂਚ ਵਿੱਚ ਕਿਸੇ ਦੀ ਅਣਗਹਿਲੀ ਸਾਹਮਣੇ ਆਈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਘਟਨਾ ਗਊਸ਼ਾਲਾ ਪ੍ਰਬੰਧਕਾਂ ਦੀ ਕਾਰਜਪ੍ਰਣਾਲੀ 'ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ।
Get all latest content delivered to your email a few times a month.