ਤਾਜਾ ਖਬਰਾਂ
ਚੰਡੀਗੜ੍ਹ, 21 ਫਰਵਰੀ- ਸੂਬੇ ਵਿੱਚ ਸਿੱਖਿਆ ਦੇ ਖੇਤਰ ਨੂੰ ਹੁਲਾਰਾ ਦੇਣ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਲਦੀ ਸੂਬੇ ਦੇ 3381 ਐਲੀਮੈਂਟਰੀ ਅਧਿਆਪਕਾਂ ਨੂੰ ਰੈਗੂਲਰ ਨਿਯੁਕਤੀ ਪੱਤਰ ਦਿੱਤੇ ਜਾਣਗੇ।
ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਹੋਈ ਮੀਟਿੰਗ ਦੌਰਾਨ ਲਿਆ ਗਿਆ।
ਇੱਥੇ ਸਿੱਖਿਆ ਵਿਭਾਗ ਦੀ ਸਮੀਖਿਆ ਕਰਨ ਲਈ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ 3381 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਭਰਤੀ ਪ੍ਰਕਿਰਿਆ ਦੋ ਬੈਚਾਂ 951 ਅਤੇ 2430 ਵਿੱਚ ਮੁਕੰਮਲ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਅਧਿਆਪਕਾਂ ਨੂੰ ਜਲਦੀ ਹੀ ਨਿਯੁਕਤੀ ਪੱਤਰ ਦੇ ਦਿੱਤੇ ਜਾਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਸਰਕਾਰ ਨੇ ਸੱਤਾ ਵਿੱਚ ਆਉਣ ਦੇ 35 ਮਹੀਨਿਆਂ ਵਿੱਚ ਰਿਕਾਰਡ 50,892 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ਵਿੱਚੋਂ 11000 ਤੋਂ ਵੱਧ ਨੌਕਰੀਆਂ ਸਿਰਫ਼ ਸਿੱਖਿਆ ਵਿਭਾਗ ਵਿੱਚ ਦਿੱਤੀਆਂ ਗਈਆਂ ਹਨ, ਜੋ ਸੂਬਾ ਸਰਕਾਰ ਦਾ ਮੁੱਖ ਤਰਜੀਹੀ ਖੇਤਰ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਸਾਰੀਆਂ ਨੌਕਰੀਆਂ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਤੋਂ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ 'ਤੇ ਦਿੱਤੀਆਂ ਗਈਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਿਹਤ, ਸਿੱਖਿਆ, ਬਿਜਲੀ, ਰੋਜ਼ਗਾਰ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ 'ਤੇ ਵੱਡਾ ਜ਼ੋਰ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਵਿਆਪਕ ਯੋਜਨਾ ਤਿਆਰ ਕੀਤੀ ਗਈ ਹੈ ਕਿ ਸੂਬੇ ਵਿੱਚ ਵਿਸ਼ਾਲ ਜਨਤਕ ਮਹੱਤਤਾ ਵਾਲੇ ਇਨ੍ਹਾਂ ਮੁੱਖ ਖੇਤਰਾਂ ਨੂੰ ਵੱਡਾ ਹੁਲਾਰਾ ਮਿਲੇ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਨੌਕਰੀਆਂ ਸਕੂਲਾਂ ਵਿੱਚ ਮਿਆਰੀ ਸਿੱਖਿਆ ਪ੍ਰਦਾਨ ਕਰ ਕੇ ਇਕ ਪਾਸੇ ਸਿੱਖਿਆ ਖੇਤਰ ਨੂੰ ਹੋਰ ਮਜ਼ਬੂਤ ਕਰਨਗੀਆਂ ਅਤੇ ਦੂਜੇ ਪਾਸੇ ਨੌਜਵਾਨਾਂ ਨੂੰ ਨਿਯਮਤ ਨੌਕਰੀਆਂ ਦੇ ਕੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣਾਉਣਗੀਆਂ।ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਸਕੱਤਰ ਸਿੱਖਿਆ ਕੇ.ਕੇ. ਯਾਦਵ ਅਤੇ ਹੋਰ ਵੀ ਹਾਜ਼ਰ ਸਨ।
Get all latest content delivered to your email a few times a month.